ਅਧਿਆਪਕ ਜਥੇਬੰਦੀਆਂ ਵਲੋਂ ਵੀਸੀ ਵਿਰੁੱਧ ਰੈਲੀ ਦਾ ਐਲਾਨ

ਪੱਤਰ ਪ੍ਰੇਰਕ ਅੰਮ੍ਰਿਤਸਰ, 11 ਅਕਤੂਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਅਤੇ ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਨੁਮਾਇੰਦਿਆਂ ਨੇ ਅੱਜ ਇਥੇ ਯੂਨੀਵਰਸਿਟੀ ਕੈਂਪਸ ਵਿਚ ਕੀਤੀ ਹੰਗਾਮੀ ਮੀਟਿੰਗ ਵਿਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਵਲੋਂ ਮੰਨੀਆਂ ਮੰਗਾਂ ਲਾਗੂ ਨਾ ਕੀਤੇ ਜਾਣ ’ਤੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਕਿਹਾ ਕਿ ਵੀਸੀ ਦੇ ਰਵੱਈਏ ਪ੍ਰਤੀ ਅਧਿਆਪਕਾਂ ਵਿਚ ਭਾਰੀ ਰੋਸ ਹੈ। ਦੋਵਾਂ ਜਥੇਬੰਦੀਆਂ ਵਲੋਂ ਵੀਸੀ ਡਾ. ਸੰਧੂ ਦੀ ਵਾਅਦਾ ਖਿਲਾਫੀ ਰਵੱਈਏ ਵਿਰੁੱਧ ਇਕ ਮਤਾ ਪਾਸ ਕਰ ਕੇ ਇਹ ਫੈਸਲਾ ਲਿਆ ਗਿਆ ਕਿ ਜੇਕਰ 21 ਅਕਤੂਬਰ ਤੱਕ ਮੰਗਾਂ ਨਾ ਮੰਨੀਆਂ ਤਾਂ ਕੈਂਪਸ ਵਿਚ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ। ਯੂਨੀਵਰਸਿਟੀ ਐਸੋਸੀਏਸ਼ਨ ਦੇ ਪ੍ਰਧਾਨ ਡਾ. ਦਵਿੰਦਰ ਸਿੰਘ ਨੇ ਕਿਹਾ ਕਿ ਮਈ ਮਹੀਨੇ ਦੌਰਾਨ ਵੀਸੀ ਡਾ. ਸੰਧੂ ਨੇ ਸਾਰੀਆਂ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ ਪਰ ਚਾਰ ਮਹੀਨੇ ਬੀਤ ਜਾਣ ਮਗਰੋਂ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਦੋਵੇਂ ਜਥੇਬੰਦੀਆਂ ਵੀਸੀ ਦੇ ਅੜੀਅਲ ਵਤੀਰੇ ਵਿਰੁੱਧ ਰਲ ਕੇ ਸੰਘਰਸ਼ ਕਰਨਗੀਆਂ। ਟੀਚਰਜ਼ ਯੂਨੀਅਨ ਏਰੀਆ ਸੈਕਟਰੀ ਡਾ. ਤਰਸੇਮ ਸਿੰਘ ਨੇ ਦੱਸਿਆ ਕਿ ਪਿਛਲੇ 6 ਮਹੀਨਿਆਂ ਤੋਂ ਅਧਿਆਪਕਾਂ ਦੇ ਮਸਲਿਆਂ ਸਬੰਧੀ ਵੀਸੀ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 13 ਸਤੰਬਰ ਨੂੰ ਵੀਸੀ ਸਾਰੀਆਂ ਮੰਗਾਂ ਨੂੰ ਜਾਇਜ਼ ਮੰਨਦਿਆਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ ਪਰ ਇਕ ਵੀ ਮੰਗ ਨਹੀਂ ਮੰਨੀ। ਉਨ੍ਹਾਂ ਕਿਹਾ ਕਿ 21 ਅਕਤੂਬਰ ਦੀ ਰੋਸ ਰੈਲੀ ਵਿਚ ਯੂਨੀਵਰਸਿਟੀ ਅਤੇ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ਦੇ ਅਧਿਆਪਕ ਸ਼ਾਮਲ ਹੋਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All