ਕੁਝ ਪਰਵਾਸੀ ਨਹੀਂ ਕਰ ਰਹੇ ਨਿਯਮਾਂ ਦੀ ਪਾਲਣਾ: ਪ੍ਰਸ਼ਾਸਨ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 24 ਮਾਰਚ ਸਿਹਤ ਵਿਭਾਗ ਵਲੋਂ ਘਰਾਂ ਵਿਚ ਨਿਗਰਾਨੀ ਹੇਠ ਰੱਖੇ ਗਏ ਵਿਅਕਤੀਆਂ ਬਾਰੇ ਸਖਤੀ ਵਰਤਣ ਦਾ ਸੰਕੇਤ ਦਿੱਤਾ ਗਿਆ ਹੈ। ਇਸ ਦੌਰਾਨ ਅੱਜ ਇਥੇ ਕੋਈ ਨਵਾਂ ਸ਼ੱਕੀ ਮਾਮਲਾ ਸਾਹਮਣੇ ਨਹੀਂ ਆਇਆ ਹੈ। ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓਪੀ ਸੋਨੀ ਵੱਲੋਂ ਅੱਜ ਸ਼ਹਿਰ ਦੇ ਹਾਲਾਤ ਬਾਰੇ ਅੰਮ੍ਰਿਤਸਰ ਜ਼ਿਲ੍ਹੇ ਦੇ ਸੰਸਦ ਮੈਂਬਰ, ਵਿਧਾਇਕਾਂ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਚਾਰ-ਚਰਚਾ ਕੀਤੀ। ਉਨ੍ਹਾਂ ਸ਼ਹਿਰ ਵਿਚ ਕਰਫਿਊ ਲੱਗਣ ਤੋਂ ਬਾਅਦ ਪੈਦਾ ਹੋਏ ਹਾਲਾਤ, ਲੋਕਾਂ ਦੀਆਂ ਨਿੱਤ ਵਰਤੋਂ ਦੀਆਂ ਲੋੜਾਂ, ਮਰੀਜ਼ਾਂ ਦੀ ਸਾਂਭ-ਸੰਭਾਲ, ਘਰ ਵਿਚ ਲੋੜ ਪੈਣ ਤੇ ਡਾਕਟਰੀ ਸਹਾਇਤਾ ਦੇਣ ਆਦਿ ਦੇ ਮੁੱਦਿਆਂ ’ਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਗੱਲ ਕੀਤੀ। ਇਸ ਤੋਂ ਇਲਾਵਾ ਉਨਾਂ ਸੰਸਦ ਮੈਂਬਰਾਂ, ਸਾਰੇ ਵਿਧਾਇਕਾਂ ਕੋਲੋਂ ਮੌਜੂਦਾ ਹਾਲਾਤ ਨਾਲ ਨਜਿੱਠਣ ਲਈ ਉਨਾਂ ਦੇ ਮਸ਼ਵਰੇ ਲਏ। ਉਨਾਂ ਦੱਸਿਆ ਕਿ ਸ਼ਹਿਰ ਨੂੰ ਕਰੋਨਾਵਾਇਰਸ ਤੋਂ ਮੁਕਤ ਕਰਵਾਉਣ ਲਈ ਸੋਡੀਅਮ ਹਾਈਪੋਕਲੋਰਾਇਡ ਦੀ ਸਪਰੇਅ ਕਰਵਾਈ ਜਾ ਰਹੀ ਹੈ ਅਤੇ ਕਈ ਸੁਸਾਇਟੀਆਂ ਵੀ ਇਸ ਕੰਮ ਵਿਚ ਖ਼ੁਦ ਅੱਗੇ ਆ ਰਹੀਆਂ ਹਨ। ਉਨਾਂ ਦੱਸਿਆ ਕਿ ਸਰਕਾਰ ਵੱਲੋਂ ਲੋੜਵੰਦਾਂ ਨੂੰ ਕਣਕ ਅਤੇ ਹੋਰ ਖਾਧ ਸਮਗਰੀ ਘਰੋ-ਘਰ ਵੰਡੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਵਿੱਚ ਰਹਿਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ। ਮੀਟਿੰਗ ਵਿਚ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਤੇ ਜਸਬੀਰ ਸਿੰਘ ਡਿੰਪਾ, ਵਿਧਾਇਕ ਰਾਜ ਕੁਮਾਰ ਵੇਰਕਾ, ਇੰਦਰਬੀਰ ਸਿੰਘ ਬੁਲਾਰੀਆ, ਸੁਨੀਲ ਦੱਤੀ, ਤਰਸੇਮ ਸਿੰਘ, ਸੰਤੋਖ ਸਿੰਘ ਭਲਾਈਪੁਰ, ਮੇਅਰ ਕਰਮਜੀਤ ਸਿੰਘ ਰਿੰਟੂ, ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ, ਪੁਲੀਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਐਸਐਸਪੀ (ਦਿਹਾਤੀ) ਵਿਕਰਮਜੀਤ ਸਿੰਘ ਦੁੱਗਲ, ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਕੋਮਲ ਮਿੱਤਲ, ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਸੁਜਾਤਾ ਸ਼ਰਮਾ ਵੀ ਹਾਜ਼ਰ ਸਨ। ਇਸ ਦੌਰਾਨ ਸਿਵਲ ਸਰਜਨ ਡਾ. ਪ੍ਰਭਦੀਪ ਕੌਰ ਨੇ ਦੱਸਿਆ ਕਿ ਵਿਦੇਸ਼ ਤੋਂ ਪਰਤੇ ਲੋਕਾਂ ਜਿਨ੍ਹਾਂ ਨੂੰ ਘਰਾਂ ਵਿਚ ਨਿਗਰਾਨੀ ਹੇਠ ਰੱਖਣ ਦੇ ਆਦੇਸ਼ ਦਿਤੇ ਗਏ ਹਨ, ਵਲੋਂ ਇਨਾਂ ਆਦੇਸ਼ਾ ਦੀ ਪਾਲਣਾ ਸਹੀ ਢੰਗ ਨਾਲ ਨਹੀ ਕੀਤੀ ਜਾ ਰਹੀ ਹੈ। ਉਨਾਂ ਦਾ ਇਹ ਵਤੀਰਾ ਸਾਰਿਆਂ ਲਈ ਨੁਕਸਾਨਦੇਹ ਸਾਬਤ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਕਈ ਸ਼ਿਕਾਇਤਾਂ ਮਿਲ ਰਹੀਆਂ। ਇਸ ਸਬੰਧ ਵਿਚ ਸਿਹਤ ਵਿਭਾਗ ਅਤੇ ਪੁਲੀਸ ਵਿਭਾਗ ਸਖ਼ਤੀ ਵਰਤਣ ਦੇ ਰੌਂਅ ਵਿਚ ਹੈ। ਕੱਲ੍ਹ ਇਕ ਵਿਅਕਤੀ ਨੂੰ ਸ੍ਰੀ ਹਰਿਮੰਦਰ ਸਾਹਿਬ ਦੀ ਸਰਾਂ ਵਿਚ ਕਮਰਾ ਲੈਣ ਸਮੇਂ ਕੀਤੀ ਜਾਂਚ ਦੌਰਾਨ ਸ਼ੱਕੀ ਪਾਏ ਜਾਣ ’ਤੇ ਸਿਹਤ ਵਿਭਾਗ ਦੇ ਹਵਾਲੇ ਕਰ ਦਿੱਤਾ ਗਿਆ ਸੀ। ਇਹ ਵਿਅਕਤੀ ਥਾਈਲੈਂਡ ਤੋਂ ਪਰਤਿਆ ਸੀ ਅਤੇ ਇਸ ਸਬੰਧੀ ਉਸ ਨੇ ਸਿਹਤ ਵਿਭਾਗ ਨੂੰ ਸੂਚਿਤ ਨਹੀਂ ਕੀਤਾ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All