ਖ਼ਾਲਿਸਤਾਨ ਪੱਖੀ ਸਿੱਖਸ ਫਾਰ ਜਸਟਿਸ ’ਤੇ ਪਾਬੰਦੀ

ਨਵੀਂ ਦਿੱਲੀ, 10 ਜੁਲਾਈ ਸਰਕਾਰ ਨੇ ਖਾਲਿਸਤਾਨੀ ਪੱਖੀ ਜਥੇਬੰਦੀ ‘ਦਿ ਸਿੱਖਸ ਫਾਰ ਜਸਟਿਸ’ (ਐੱਸਐੱਫ਼ਜੇ) ’ਤੇ ਕਥਿਤ ਦੇਸ਼ ਵਿਰੋਧੀ ਸਰਗਰਮੀਆਂ ਲਈ ਪਾਬੰਦੀ ਲਾ ਦਿੱਤੀ ਹੈ। ਅਮਰੀਕਾ ਆਧਾਰਿਤ ਐੱਸਐੱਫਜੇ ਵੱਲੋਂ ਆਪਣੇ ਵੱਖਵਾਦੀ ਏਜੰਡੇ ਤਹਿਤ ਸਿੱਖ ਰੈਫਰੈਂਡਮ (ਰਾਇਸ਼ੁਮਾਰੀ) 2020 ਲਈ ਦਬਾਅ ਪਾਇਆ ਜਾ ਰਿਹਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਦੇ ਇਕ ਅਧਿਕਾਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਕੇਂਦਰੀ ਕੈਬਨਿਟ ਨੇ ਗ਼ੈਰਕਾਨੂੰਨੀ ਸਰਗਰਮੀਆਂ ਰੋਕੂ ਐਕਟ,1967 ਦੀ ਧਾਰਾ 3(1) ਤਹਿਤ ਐੱਸਐੱਫਜੇ ’ਤੇ ਪਾਬੰਦੀ ਆਇਦ ਕਰਨ ਦਾ ਫੈਸਲਾ ਕੀਤਾ ਹੈ। ਅਧਿਕਾਰੀ ਨੇ ਕਿਹਾ ਕਿ ਇਸ ਜਥੇਬੰਦੀ ਦਾ ਬੁਨਿਆਦੀ ਮੰਤਵ ਪੰਜਾਬ ਵਿੱਚ ਇਕ ਵੱਖਰਾ ‘ਆਜ਼ਾਦ ਤੇ ਖੁ਼ਦਮੁਖ਼ਤਾਰ ਮੁਲਕ’ ਸਥਾਪਤ ਕਰਨਾ ਹੈ। ਉਨ੍ਹਾਂ ਕਿਹਾ ਕਿ ਐੱਸਐੱਫਜੇ ’ਤੇ ਪਾਬੰਦੀ ਲਾਉਣ ਨਾਲ ਵਿਦੇਸ਼ੀ ਧਰਤੀ ਤੋਂ ਸਰਗਰਮੀਆਂ ਚਲਾ ਰਹੇ ਵੱਖਵਾਦੀ ਗੁੱਟਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ ਹੈ ਕਿ ਭਾਰਤ ਅਜਿਹੀਆਂ ਕਾਰਵਾਈਆਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ ਅਤੇ ਅਜਿਹੀ ਜਥੇਬੰਦੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕੌਮੀ ਜਾਂਚ ਏਜੰਸੀ, ਪੰਜਾਬ ਅਤੇ ਉੱਤਰਾਖੰਡ ਪੁਲੀਸ ਨੇ ਐੱਸਐੱਫਜੇ ਦੇ ਕਾਰਕੁਨਾਂ ਖ਼ਿਲਾਫ਼ 12 ਕੇਸ ਦਰਜ ਕਰਦਿਆਂ 39 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀ ਨੇ ਕਿਹਾ ਕਿ ਭਾਰਤ ’ਚ ਉਨ੍ਹਾਂ ਦੀ ਗਿਣਤੀ ਬਹੁਤ ਥੋੜੀ ਹੈ ਪਰ ਸ਼ਰਾਰਤ ਕਰਨ ਦੀ ਪੂਰੀ ਗੁੰਜਾਇਸ਼ ਹੈ ਜਿਸ ਕਰਕੇ ਐੱਸਐੱਫਜੇ ’ਤੇ ਪਾਬੰਦੀ ਲਾਉਣ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ’ਤੇ ਪਾਬੰਦੀ ਲਾਗੂ ਹੋਣ ਮਗਰੋਂ ਹੁਣ ਐਨਆਈਏ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਲਈ ਵਿਦੇਸ਼ਾਂ ’ਚ ਸੁਰੱਖਿਆ ਏਜੰਸੀਆਂ ਨਾਲ ਮੁੱਦਾ ਉਠਾ ਸਕਦੀ ਹੈ। -ਪੀਟੀਆਈ

ਕੈਪਟਨ ਵੱਲੋਂ ਐੱਸਐੱਫਜੇ ’ਤੇ ਪਾਬੰਦੀ ਦਾ ਸਵਾਗਤ ਚੰਡੀਗੜ੍ਹ (ਟਨਸ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਸਿੱਖਸ ਫਾਰ ਜਸਟਿਸ (ਐੱਸਐੱਫਜੇ) ’ਤੇ ਪਾਬੰਦੀ ਲਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਆਈਐਸਆਈ ਦੀ ਹਮਾਇਤ ਹਾਸਲ ਜਥੇਬੰਦੀ ਦੀਆਂ ਭਾਰਤ ਵਿਰੋਧੀ ਵੱਖਵਾਦੀ ਕਾਰਵਾਈਆਂ ਤੋਂ ਦੇਸ਼ ਦੀ ਸੁਰੱਖਿਆ ਲਈ ਇਹ ਪਹਿਲਾ ਕਦਮ ਹੈ। ਉਨ੍ਹਾਂ ਕਿਹਾ ਕਿ ਐੱਸਐੱਫਜੇ ਨਾਲ ਦਹਿਸ਼ਤੀ ਸੰਗਠਨ ਵਜੋਂ ਸਲੂਕ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਕੇਂਦਰ ਸਰਕਾਰ ਨੇ ਇਸ ਸੰਗਠਨ ਵਿਰੁੱਧ ਕਾਰਵਾਈ ਕਰਨ ਦੀ ਆਪਣੀ ਇੱਛਾ ਪ੍ਰਗਟਾਈ ਹੈ। ਕੈਪਟਨ ਨੇ ਐੱਸਐੱਫਜੇ ਵੱਲੋਂ ਪੈਦਾ ਕੀਤੀ ਚੁਣੌਤੀ ਨੂੰ ਘਟਾ ਕੇ ਦੇਖਣ ਦੀ ਕੋਸ਼ਿਸ਼ ਕਰਨ ਵਾਲਿਆਂ ਦੀ ਵੀ ਨੁਕਤਾਚੀਨੀ ਕੀਤੀ। ਉਨ੍ਹਾਂ ਅਕਾਲੀਆਂ ਨੂੰ ਇਸ ਮੁੱਦੇ ’ਤੇ ਸੌੜੀ ਸਿਆਸਤ ਤੋਂ ਦੂਰ ਰਹਿਣ ਅਤੇ ਇਸ ਸਮੱਸਿਆ ਨਾਲ ਲੜਨ ਅਤੇ ਇਸ ਦੇ ਖਾਤਮੇ ਲਈ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੱਲ੍ਹਿਆਂਵਾਲਾ ਬਾਗ਼ ਕੌਮੀ ਯਾਦਗਾਰ ਦੇ ਕੰਮਕਾਜ ਨੂੰ ਚਲਾਉਣ ਵਾਲੇ ਟਰੱਸਟ ਵਿੱਚ ਸਥਾਈ ਮੈਂਬਰ ਵਜੋਂ ਸ਼ਾਮਲ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਨੂੰ ਹਟਾਉਣ ਲਈ ਲੋਕ ਸਭਾ ਵਿੱਚ ਪੇਸ਼ ਕੀਤੇ ਬਿੱਲ ਨੂੰ ‘ਪੂਰੀ ਤਰ੍ਹਾਂ ਗ਼ਲਤ’ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਇਸ ਯਾਦਗਾਰ ਨਾਲ ਪਹਿਲੇ ਦਿਨ ਤੋਂ ਜੁੜੀ ਹੋਈ ਹੈ। ਜਿ਼ਕਰਯੋਗ ਹੈ ਕਿ ਲੰਘੇ ਦਿਨ (ਮੰਗਲਵਾਰ) ਇਥੇ ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਖੇਡੇ ਜਾ ਰਹੇ ਵਿਸ਼ਵ ਕੱਪ ਦੇ ਸੈਮੀਫਾਈਨਲ ਮੁਕਾਬਲੇ ਦੌਰਾਨ ਖਾਲਿਸਤਾਨ ਪੱਖੀ ਨਾਅਰੇ ਲਾਉਂਦੇ ਸਿੱਖ ਪ੍ਰਦਰਸ਼ਨਕਾਰੀਆਂ ਦੇ ਇਕ ਸਮੂਹ ਨੂੰ ਪੁਲੀਸ ਨੇ ਓਲਡ ਟਰੈਫ਼ਰਡ ਸਟੇਡੀਅਮ ਤੋਂ ਬਾਹਰ ਦਾ ਰਾਹ ਵਿਖਾ ਦਿੱਤਾ।

ਪੰਜਾਬ ਦੀ ਪੈਰਵੀ ਸਦਕਾ ਜਥੇਬੰਦੀ ’ਤੇ ਸ਼ਿਕੰਜਾ ਕੱਸਿਆ ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਖਾਲਿਸਤਾਨ ਪੱਖੀ ਜਥੇਬੰਦੀ ਸਿੱਖਸ ਫਾਰ ਜਸਟਿਸ (ਐੱਸਐੱਫ਼ਜੇ) ਵੱਲੋਂ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਤੇ ਸੂਬੇ ਨਾਲ ਸਬੰਧਤ ਪੁਲੀਸ ਅਧਿਕਾਰੀਆਂ ਦੇ ਵਿਦੇਸ਼ ਰਹਿੰਦੇ ਪਰਿਵਾਰਾਂ ਨੂੰ ਧਮਕੀਆਂ ਦੇਣ ਤੋਂ ਕੁਝ ਹਫ਼ਤੇ ਮਗਰੋਂ ਕੇਂਦਰ ਸਰਕਾਰ ਨੇ ਅੱਜ ਆਖਿਰ ਇਸ ਜਥੇਬੰਦੀ ’ਤੇ ਪਾਬੰਦੀ ਲਾ ਦਿੱਤੀ। ਵੱਖਵਾਦੀ ਏਜੰਡੇ ਵਜੋਂ ਪੰਜਾਬ ਵਿੱਚ ਵੱਖਰੇ ਖਾਲਿਸਤਾਨ ਲਈ ਸਿੱਖ ਰੈਫਰੈਂਡਮ 2020 ਦੀ ਮੰਗ ਕਰ ਰਹੀ ਐੱਸਐੱਫਜੇ ਖ਼ਿਲਾਫ਼ ਸਖ਼ਤ ਕਾਰਵਾਈ ਲਈ ਪੰਜਾਬ ਸਰਕਾਰ ਵੱਲੋਂ ਕੇਂਦਰ ’ਤੇ ਲਗਾਤਾਰ ਦਬਾਅ ਪਾਇਆ ਜਾ ਰਿਹਾ ਸੀ। ਐੱਸਐਫਜੇ ਖ਼ਿਲਾਫ਼ ਦੇਸ਼ਧਰੋਹ ਤੇ ਦਹਿਸ਼ਤੀ ਸਰਗਰਮੀਆਂ ਨਾਲ ਸਬੰਧਤ ਕਈ ਕੇਸ ਪੰਜਾਬ, ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ਵਿੱਚ ਦਰਜ ਹਨ। ਭਾਰਤ ਸਰਕਾਰ ਦੀ ਪੈਰਵੀ ’ਤੇ ਐਸਐਫਜੇ ਦਾ ਟਵਿੱਟਰ ਹੈਂਡਲ ਤੇ ਹੋਰ ਸੋਸ਼ਲ ਮੀਡੀਆ ਖਾਤੇ ਬੰਦ ਕਰ ਦਿੱਤੇ ਗਏ, ਪਰ ਪੰਜਾਬ ਸਰਕਾਰ ਵੱਲੋਂ ਕੀਤੀਆਂ ਨਿਯਮਤ ਸਿਫਾਰਸ਼ਾਂ ਦੇ ਬਾਵਜੂਦ ਕੇਂਦਰ ਸਰਕਾਰ ਜਥੇਬੰਦੀ ’ਤੇ ਪਾਬੰਦੀਆਂ ਲਾਉਣ ਤੋਂ ਟਲਦੀ ਰਹੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਹਾਲੀਆ ਮੀਟਿੰਗ ਵਿੱਚ ਉਨ੍ਹਾਂ ਨੂੰ ਐੱਸਐੱਫਜੇ ਵੱਲੋਂ ਖੜੀਆਂ ਕੀਤੀਆਂ ਜਾ ਰਹੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਸੀ। ਪੁਲੀਸ ਹੁਣ ਤਕ ਐੱਸਐੱਫਜੇ ਖ਼ਿਲਾਫ਼ ਅੱਧੀ ਦਰਜਨ ਤੋਂ ਵੱਧ ਕੇਸ ਦਰਜ ਕਰ ਚੁੱਕੀ ਹੈ। ਐੱਸਐੱਫਜੇ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਪੰਨੂ ਨੇ ਪਿੱਛੇ ਜਿਹੇ ਦਾਅਵਾ ਕੀਤਾ ਸੀ ਕਿ ਜਥੇਬੰਦੀ ਦੇ ਕਾਰਕੁਨਾਂ ਵੱਲੋਂ ਪੰਜਾਬ ਦੇ ਸਿਆਸਤਦਾਨਾਂ ਤੇ ਪੁਲੀਸ ਅਧਿਕਾਰੀਆਂ ਦੀ ਵਿਦੇਸ਼ ਵਿੱਚ ਆਮਦੋ-ਰਫ਼ਤ ਤੇ ਕੰਮਕਾਜ ’ਚ ਅੜਿੱਕੇ ਡਾਹੇ ਜਾ ਰਹੇ ਹਨ। ਪੰਨੂ ਨੇ ਡੀਜੀਪੀ ਦਿਨਕਰ ਗੁਪਤਾ ਤੇ ਅਤਿਵਾਦ ਵਿਰੋਧੀ ਅਪਰੇਸ਼ਨਾਂ ਵਿੱਚ ਸ਼ਾਮਲ ਕੁਝ ਅਧਿਕਾਰੀਆਂ ਨੂੰ ਖੁੱਲ੍ਹੇਆਮ ਚਿਤਾਵਨੀ ਦਿੱਤੀ ਸੀ ਕਿ ਉਹ ਐਸਐਫਜੇ ਦੇ ਕਾਰਕੁਨਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਕਰ ਦੇਣ, ਨਹੀਂ ਤਾਂ ਉਨ੍ਹਾਂ ਦੇ ਵਿਦੇਸ਼ ਰਹਿੰਦੇ ਪਰਿਵਾਰਾਂ/ਰਿਸ਼ਤੇਦਾਰਾਂ ਨੂੰ ਸਿੱਟੇ ਭੁਗਤਣੇ ਪੈਣਗੇ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਐੱਸਐੱਫਜੇ ’ਤੇ ਪਾਬੰਦੀ ਦੀ ਹਮਾਇਤ ਕੀਤੀ ਹੈ। ਪੰਜਾਬ ਅਸੈਂਬਲੀ ’ਚ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਉਹ ਅਜਿਹੀ ਕਿਸੇ ਵੀ ਜਥੇਬੰਦੀ ਦੀ ਖ਼ਿਲਾਫ਼ਤ ਕਰਨਗੇ, ਜੋ ਭਾਰਤ ਨੂੰ ਵੰਡਣ ਤੇ ਅਤਿਵਾਦ ਦਾ ਪ੍ਰਚਾਰ ਪਾਸਾਰ ਕਰੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ-ਚੀਨ ਸਾਂਝ ਬਰਾਬਰੀ ’ਤੇ ਨਿਰਭਰ: ਜੈਸ਼ੰਕਰ

ਭਾਰਤ-ਚੀਨ ਸਾਂਝ ਬਰਾਬਰੀ ’ਤੇ ਨਿਰਭਰ: ਜੈਸ਼ੰਕਰ

ਦੋਵਾਂ ਮੁਲਕਾਂ ਦਰਮਿਆਨ ਸੰਤੁਲਨ ਜਾਂ ਆਪਸੀ ਸੂਝ-ਬੂਝ ਕਾਇਮ ਕਰਨ ’ਤੇ ਜ਼ੋ...

ਐੱਸਜੀਪੀਸੀ ਨਾਲੋਂ ਤਾਂ ਆਰਐੱਸਐੱਸ ਕਿਤੇ ਚੰਗੀ: ਸੁਖਦੇਵ ਢੀਂਡਸਾ

ਐੱਸਜੀਪੀਸੀ ਨਾਲੋਂ ਤਾਂ ਆਰਐੱਸਐੱਸ ਕਿਤੇ ਚੰਗੀ: ਸੁਖਦੇਵ ਢੀਂਡਸਾ

ਸ਼੍ਰੋਮਣੀ ਕਮੇਟੀ ’ਤੇ ਬਾਦਲਾਂ ਨੂੰ ਕੁਝ ਨਾ ਕਹਿਣ ਦਾ ਦੋਸ਼

ਸ਼ਰਾਬ ਤਸਕਰੀ ਦਾ ਪੈਸਾ ਗਾਂਧੀ ਪਰਿਵਾਰ ਤੱਕ ਪੁੱਜਾ: ਚੰਦੂਮਾਜਰਾ

ਸ਼ਰਾਬ ਤਸਕਰੀ ਦਾ ਪੈਸਾ ਗਾਂਧੀ ਪਰਿਵਾਰ ਤੱਕ ਪੁੱਜਾ: ਚੰਦੂਮਾਜਰਾ

ਸਾਬਕਾ ਸੰਸਦ ਮੈਂਬਰ ਦੀ ਅਗਵਾਈ ਹੇਠ ਅਕਾਲੀਆਂ ਨੇ ਦੂਜੇ ਦਿਨ ਵੀ ਦਿੱਤੀਆਂ...

ਸ਼ਹਿਰ

View All