ਨਾਗਰਿਕਤਾ ਕਾਨੂੰਨ ਲਾਗੂ ਕਰਵਾਉਣ ਲਈ ਰਾਜਪਾਲ ਨੂੰ ਮੰਗ ਪੱਤਰ ਭੇਜੇ

ਏਡੀਸੀ ਨੂੰ ਗਵਰਨਰ ਦੇ ਨਾਮ ਮੰਗ ਪੱਤਰ ਸੌਂਪਦੇ ਹੋਏ ਭਾਜਪਾ ਆਗੂ।

ਮਨਮੋਹਨ ਸਿੰਘ ਢਿੱਲੋਂ ਅੰਮ੍ਰਿਤਸਰ, 15 ਜਨਵਰੀ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਰੇਸ਼ ਮਹਾਜਨ ਦੀ ਅਗਵਾਈ ਵਿਚ ਭਾਜਪਾ ਆਗੂਆਂ ਨੇ ਅੱਜ ਨਾਗਰਿਕਤਾ ਸੋਧ ਕਾਨੂੰਨ ਨੂੰ ਪੰਜਾਬ ਵਿਚ ਲਾਗੂ ਕਰਨ ਦੀ ਮੰਗ ਸਬੰਧੀ ਪੰਜਾਬ ਦੇ ਰਾਜਪਾਲ ਦੇ ਨਾਂ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਭਾਰਤੀ ਸੰਵਿਧਾਨ ਦੀ ਸਹੁੰ ਚੁੱਕ ਕੇ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠੇ ਹਨ ਤਾਂ ਫਿਰ ਉਹ ਨਾਗਰਿਕਤਾ ਸੋਧ ਕਾਨੂੰਨ ਨੂੰ ਪੰਜਾਬ ਵਿਚ ਲਾਗੂ ਹੋਣ ਤੋਂ ਕਿਵੇਂ ਰੋਕ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਭਾਜਪਾ ਵੱਲੋਂ ਪੰਜਾਬ ਦੇ ਗਵਰਨਰ ਨੂੰ ਇਹ ਕਾਨੂੰਨ ਲਾਗੂ ਕਰਵਾਉਣ ਲਈ ਮੰਗ ਪੱਤਰ ਦਿੱਤਾ ਹੈ। ਸ੍ਰੀ ਮਹਾਜਨ ਨੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੋਟ ਬੈਂਕ ਦੀ ਰਾਜਨੀਤੀ ਛੱਡ ਕੇ ਅਤੇ ਆਪਣੇ ਸਵਾਰਥ ਤੋਂ ਉਪਰ ਉਠ ਕੇ ਇਸ ਨਾਗਰਿਕਤਾ ਸੋਧ ਕਾਨੂੰਨ ਨੂੰ ਦੇਸ਼ ਹਿੱਤ ਦੀ ਨਜ਼ਰ ਵਿਚ ਵੇਖਣ ਅਤੇ ਇਸ ਬਾਰੇ ਲੋਕਾਂ ਨੂੰ ਗੁਮਰਾਹ ਕਰਨ ਦੀ ਬਜਾਇ ਉਨ੍ਹਾਂ ਨੂੰ ਕਾਨੂੰਨ ਦੇ ਫਾਇਦੇ ਦੱਸ ਕੇ ਜਾਗਰੂਕ ਕਰਨ ਅਤੇ ਸੂਬੇ ਵਿਚ ਤੁਰੰਤ ਲਾਗੂ ਕਰਨ। ਭਾਜਪਾ ਦੇ ਬੁਲਾਰੇ ਰਾਜੇਸ਼ ਹਨੀ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ ਰਾਸ਼ਟਰਹਿਤ ਵਿਚ ਬਣਾਏ ਗਏ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਦੇਸ਼ ਵਿਰੋਧੀ ਅਨਸਰ ਤੇ ਵਿਰੋਧੀ ਪਾਰਟੀਆਂ ਵੱਲੋਂ ਨਿਰ-ਆਧਾਰ ਵਿਰੋਧ ਕਰਕੇ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਪੰਜਾਬ ਵਿਚ ਇਸ ਕਾਨੂੰਨ ਨੂੰ ਲਾਗੂ ਨਾ ਕਰਨ ਦਾ ਐਲਾਨ ਕਰ ਚੁੱਕੀ ਹੈ, ਜਿਹੜਾ ਕਿ ਪੰਜਾਬ ਦੇ ਲੋਕਾਂ ਲਈ ਘਾਤਕ ਸਿੱਧ ਹੋਵੇਗਾ।

ਵਿਰੋਧੀ ਪਾਰਟੀਆਂ ਬੌਂਦਲੀਆਂ: ਗਿੱਲ ਗੁਰਦਾਸਪੁਰ (ਨਿੱਜੀ ਪੱਤਰ ਪ੍ਰੇਰਕ): ਭਾਰਤੀ ਜਨਤਾ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਵਫ਼ਦ ਨੇ ਪੰਜਾਬ ਵਿੱਚ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਗਵਰਨਰ ਦੇ ਨਾਮ ਮੰਗ ਪੱਤਰ ਸੌਂਪਿਆ। ਇਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਕਿਹਾ ਕਿ ਭਾਜਪਾ ਦੇਸ਼ ਅਤੇ ਦੇਸ਼ ਵਾਸੀਆਂ ਦੇ ਸੁਨਹਿਰੇ ਭਵਿੱਖ ਲਈ ਕੰਮ ਕਰ ਰਹੀ ਹੈ, ਇਸੇ ਕਰਕੇ ਭਾਜਪਾ ਨੇ ਪਿਛਲੇ ਛੇ ਮਹੀਨਿਆਂ ਵਿੱਚ ਬਹੁਤ ਵੱਡੇ ਵੱਡੇ ਕੰਮ ਕੀਤੇ ਹਨ। ਮੋਦੀ ਸਰਕਾਰ ਵਿੱਚ ਦੇਸ਼ ਦੇ ਲੋਕਾਂ ਦਾ ਬਿਹਤਰ ਅਕਸ ਵੇਖਦਿਆਂ ਕਾਂਗਰਸ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਬੌਖਲਾ ਗਈਆਂ ਹਨ। ਕਾਂਗਰਸ ਪਾਰਟੀ ਨੂੰ ਮੋਦੀ ਸਰਕਾਰ ਵੱਲੋਂ ਕੀਤੇ ਗਏ ਰਾਸ਼ਟਰੀ ਹਿੱਤ ਅਤੇ ਲੋਕ ਹਿੱਤ ਕਾਰਜਾਂ ਕਾਰਨ ਆਪਣਾ ਅੰਤ ਨਜ਼ਰ ਆਉਣ ਲੱਗਾ ਤਾਂ ਮੁਸਲਿਮ ਭਾਈਚਾਰੇ ਵਿੱਚ ਨਾਗਰਿਕਤਾ ਸੋਧ ਕਾਨੂੰਨ ਬਾਰੇ ਝੂਠਾ ਪ੍ਰਚਾਰ ਕਰਕੇ ਉਨ੍ਹਾਂ ਨੂੰ ਭੜਕਾਉਣਾ ਸ਼ੁਰੂ ਕਰ ਦਿੱਤਾ ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All