ਨਿਰਾਸ਼ਾ ਅਤੇ ਨਾਂਹ-ਪੱਖੀ ਸੋਚ ਨੂੰ ਫੈਲਾਉਣ ਤੋਂ ਰੋਕਣ ਦੀ ਲੋੜ: ਮੋਦੀ

ਅਖ਼ਬਾਰਾਂ ਦੇ ਸੀਨੀਅਰ ਨੁਮਾਇੰਦਿਆਂ ਨਾਲ ਕਰੋਨਾਵਾਇਰਸ ਨਾਲ ਨਜਿੱਠਣ ਬਾਰੇ ਕੀਤੀ ਚਰਚਾ

ਅਖ਼ਬਾਰਾਂ ਦੇ ਨੁਮਾਇੰਦਿਆਂ ਨਾਲ ਵੀਡੀਓ ਲਿੰਕ ਰਾਹੀਂ ਗੱਲਬਾਤ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ। ਉਨ੍ਹਾਂ ਨਾਲ ਸੂਚਨਾ ਅਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵੜੇਕਰ ਵੀ ਦਿਖਾਈ ਦੇ ਰਹੇ ਹਨ। -ਫੋਟੋ: ਪੀਟੀਆਈ

ਨਵੀਂ ਦਿੱਲੀ, 24 ਮਾਰਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਹੈ ਕਿ ਮੁਲਕ ਜਦੋਂ ਕਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਦੀਆਂ ਕੋਸ਼ਿਸ਼ਾਂ ’ਚ ਜੁਟਿਆ ਹੋਇਆ ਹੈ ਤਾਂ ਲੋਕਾਂ ਦੀ ਜੁਝਾਰੂ ਭਾਵਨਾ ਨੂੰ ਚੜ੍ਹਦੀ ਕਲਾ ’ਚ ਰੱਖਣ ਦੀ ਲੋੜ ਹੈ। ਉਨ੍ਹਾਂ ਨਿਰਾਸ਼ਾਵਾਦ, ਨਾਂਹ-ਪੱਖੀ ਸੋਚ ਅਤੇ ਅਫ਼ਵਾਹਾਂ ਫੈਲਾਉਣ ਵਾਲਿਆਂ ਨਾਲ ਨਜਿੱਠਣ ਦੀ ਲੋੜ ’ਤੇ ਜ਼ੋਰ ਦਿੱਤਾ। ਵੀਡੀਓ ਲਿੰਕ ਰਾਹੀਂ ਪ੍ਰਿੰਟ ਮੀਡੀਆ ਦੇ ਸੀਨੀਅਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਨਾਗਰਿਕਾਂ ਨੂੰ ਭਰੋਸਾ ਦਿਵਾਉਣ ਦੀ ਲੋੜ ਹੈ ਕਿ ਸਰਕਾਰ ਕੋਵਿਡ-19 ਦੇ ਟਾਕਰੇ ਲਈ ਵਚਨਬੱਧ ਹੈ। ਉਨ੍ਹਾਂ ਮੀਡੀਆ ਨੂੰ ਕਿਹਾ ਕਿ ਉਹ ਸਰਕਾਰ ਅਤੇ ਲੋਕਾਂ ਵਿਚਕਾਰ ਪੁਲ ਦਾ ਕੰਮ ਕਰੇ ਅਤੇ ਕੌਮੀ ਤੇ ਖੇਤਰੀ ਪੱਧਰ ’ਤੇ ਫੀਡਬੈਕ ਦੇਣਾ ਜਾਰੀ ਰੱਖੇ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ ਕਿ ਸ੍ਰੀ ਮੋਦੀ ਨੇ ਸਮਾਜਿਕ ਮਿਲਵਰਤਨ ਘਟਾਉਣ, ਮੀਡੀਆ ਨੂੰ ਜਾਗਰੂਕਤਾ ਫੈਲਾਉਣ, ਸੂਬਿਆਂ ਵੱਲੋਂ ਲੌਕਡਾਊਨ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਦੇ ਨਾਲ ਨਾਲ ਹੋਰ ਵੇਰਵੇ ਸਾਂਝੇ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਅਖ਼ਬਾਰਾਂ ’ਚ ਲੋਕ ਵਧੇਰੇ ਭਰੋਸਾ ਜਤਾਉਂਦੇ ਹਨ ਅਤੇ ਖ਼ਿੱਤਿਆਂ ਦੇ ਸਥਾਨਕ ਸਫ਼ਿਆਂ ਨੂੰ ਲੋਕ ਵਧੇਰੇ ਤਰਜੀਹ ਦਿੰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਫ਼ਿਆਂ ’ਤੇ ਟੈਸਟਿੰਗ ਸੈਂਟਰਾਂ ਅਤੇ ਕਰੋਨਾਵਾਇਰਸ ਨਾਲ ਨਜਿੱਠਣ ਦੇ ਢੰਗ ਤਰੀਕਿਆਂ ਬਾਰੇ ਲੇਖ ਪ੍ਰਕਾਸ਼ਿਤ ਕੀਤੇ ਜਾਣੇ ਚਾਹੀਦੇ ਹਨ। -ਪੀਟੀਆਈ

ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਚਾਲੂ ਰੱਖਣਾ ਯਕੀਨੀ ਬਣਾਉਣ ਦੇ ਨਿਰਦੇਸ਼

ਨਵੀਂ ਦਿੱਲੀ: ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕਰੋਨਾਵਾਇਰਸ ਮਹਾਮਾਰੀ ਫੈਲਣ ਦੇ ਮੱਦੇਨਜ਼ਰ ਉਹ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਦੇ ਕੰਮਕਾਜ ਨੂੰ ਜਾਰੀ ਰੱਖਣਾ ਯਕੀਨੀ ਬਣਾਉਣ। ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ 23 ਮਾਰਚ ਨੂੰ ਲਿਖੇ ਪੱਤਰ ’ਚ ਮੰਤਰਾਲੇ ਨੇ ਕਿਹਾ ਕਿ ਟੀਵੀ ਚੈਨਲਾਂ ਅਤੇ ਖ਼ਬਰ ਏਜੰਸੀਆਂ ਵਰਗੇ ਨੈੱਟਵਰਕ ਸਮੇਂ ਸਿਰ ਅਤੇ ਢੁਕਵੀਂ ਜਾਣਕਾਰੀ ਦੇਣ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਨੂੰ ਚਾਲੂ ਰੱਖਣ ਲਈ ਹਰ ਸੰਭਵ ਕਦਮ ਉਠਾਏ ਜਾਣ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All