ਫਸਲਾਂ ਦਾ ਸਮਰਥਨ ਮੁੱਲ ਖ਼ਤਮ ਕਰਨ ਖ਼ਿਲਾਫ਼ ਸਿਆਸੀ ਧਿਰਾਂ ਇਕਜੁੱਟ

ਦਵਿੰਦਰ ਪਾਲ ਚੰਡੀਗੜ੍ਹ, 17 ਫਰਵਰੀ ਪੰਜਾਬ ਦੀਆਂ ਸਮੂਹ ਸਿਆਸੀ ਧਿਰਾਂ ਨੇ ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਖ਼ਤਮ ਕੀਤੇ ਜਾਣ ਦੇ ਪ੍ਰਸਤਾਵ ਨੂੰ ਸਿਆਸੀ, ਆਰਥਿਕ ਅਤੇ ਸਮਾਜਿਕ ਤੌਰ ’ਤੇ ਘਾਤਕ ਕਰਾਰ ਦਿੰਦਿਆਂ ਕੇਂਦਰ ਸਰਕਾਰ ਨੂੰ ਇਹ ਪ੍ਰਸਤਾਵ ਰੱਦ ਕਰਨ ਲਈ ਕਿਹਾ ਹੈ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵੱਲੋਂ ਅੱਜ ਇੱਥੇ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਦੌਰਾਨ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਨੇ ਇੱਕ ਸੁਰ ’ਚ ਕਿਸਾਨੀ ਨੂੰ ਬਚਾਉਣ ਲਈ ਘੱਟੋ ਘੱਟ ਸਮਰਥਨ ਮੁੱਲ ਲਾਗੂ ਰੱਖਣ ਦੀ ਪੈਰਵੀ ਕੀਤੀ। ਇਸ ਇਕੱਤਰਤਾ ਦੌਰਾਨ ਕਿਸਾਨਾਂ ਜਥੇਬੰਦੀਆਂ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵੀ ਸਿਆਸੀ ਧਿਰਾਂ ਦੀ ਹਾਂ ’ਚ ਹਾਂ ਮਿਲਾਈ। ਖੇਤੀ ਮਾਮਲਿਆਂ ਦੇ ਮਾਹਿਰ ਦਵਿੰਦਰ ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਿਸ ਤਰ੍ਹਾਂ ਫਸਲਾਂ ਦਾ ਸਮਰਥਨ ਮੁੱਲ ਖ਼ਤਮ ਕਰਕੇ ਕਿਸਾਨਾਂ ਨੂੰ ਖੁੱਲ੍ਹੀ ਮੰਡੀ ਦੇ ਸਹਾਰੇ ਛੱਡਣ ਦੀ ਯੋਜਨਾ ਬਣਾਈ ਜਾ ਰਹੀ ਹੈ, ਉਹ ਬੇਹੱਦ ਖ਼ਤਰਨਾਕ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਿਸ ਤਰ੍ਹਾਂ ਦੇ ਮਾਡਲ ਨੂੰ ਪੰਜਾਬ ਤੇ ਹੋਰਨਾਂ ਸੂਬਿਆਂ ਵਿੱਚ ਫਸਲਾਂ ਦੇ ਮੰਡੀਕਰਨ ਲਈ ਅਪਨਾਉਣਾ ਚਾਹੁੰਦੀ ਹੈ ਉਹ ਮਾਡਲ ਅਮਰੀਕਾ ਵਰਗੇ ਮੁਲਕਾਂ ਵਿੱਚ ਫਲਾਪ ਹੋ ਚੁੱਕਾ ਹੈ। ਅਮਰੀਕਾ ਸਮੇਤ ਯੂਰੋਪ ਦੇ ਹੋਰ ਕਈ ਮੁਲਕਾਂ ਵਿੱਚ ਇਹ ਮਾਡਲ ਲਾਗੂ ਹੋਣ ਤੋਂ ਬਾਅਦ ਕਿਸਾਨਾਂ ਦੀ ਲੁੱਟ ਵਧੀ ਹੈ। ਇਸ ਲਈ ਭਾਰਤ ਵਰਗੇ ਸੂਬੇ ਵਿੱਚ ਜਿੱਥੇ ਕਿਸਾਨ ਪਹਿਲਾਂ ਹੀ ਆਰਥਿਕ ਤੰਗੀ ਨਾਲ ਜੂਝ ਰਹੇ ਹੋਣ ਤਾਂ ਇਸ ਤਰ੍ਹਾਂ ਦੇ ਮਾਡਲ ਨੂੰ ਲਾਗੂ ਕਰਨ ਬਾਰੇ ਸੋਚਿਆ ਵੀ ਨਹੀਂ ਜਾ ਸਕਦਾ ਹੈ। ਉਨ੍ਹਾਂ ਕਿਹਾ,‘‘ਸਭ ਤੋਂ ਵੱਡੀ ਗੱਲ ਇਹ ਹੈ ਕਿ ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਪੰਜਾਬ ਅਤੇ ਹਰਿਆਣਾ ਸਮੇਤ ਕੁਝ ਚੋਣਵੇਂ ਸੂਬਿਆਂ ਵਿੱਚ ਹੀ ਦਿੱਤਾ ਜਾ ਰਿਹਾ ਹੈ। ਇਸ ਲਈ ਜੇਕਰ ਮੋਦੀ ਸਰਕਾਰ ਅਜ਼ਮਾਇਸ਼ ਕਰਨਾ ਹੀ ਚਾਹੁੰਦੀ ਹੈ ਤਾਂ ਪਹਿਲਾਂ ਉਨ੍ਹਾਂ ਸੂਬਿਆਂ ’ਚ ਇਸ ਮਾਡਲ ਨੂੰ ਲਾਗੂ ਕੀਤਾ ਜਾਵੇ ਜਿੱਥੇ ਐੱਮਐੱਸਪੀ ਲਾਗੂ ਨਹੀਂ ਹੈ।’’ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕਿਸਾਨੀ ਮਸਲਿਆਂ ਨੂੰ ਵਿਚਾਰਨ ਲਈ ਵਿਧਾਨ ਸਭਾ ਦੀ ਇੱਕ ਵਿਸ਼ੇਸ਼ ਬੈਠਕ ਸੱਦਣ ਲਈ ਸਪੀਕਰ ਰਾਣਾ ਕੇ ਪੀ ਸਿੰਘ ਤੱਕ ਪਹੁੰਚ ਕੀਤੀ ਜਾਵੇਗੀ। ‘ਕਿਸਾਨਾਂ ਨੂੰ ਕਦੇ ਵੀ ਫਸਲਾਂ ਦਾ ਢੁਕਵਾਂ ਭਾਅ ਨਹੀਂ ਮਿਲਿਆ। ਸਰਕਾਰਾਂ ਵੱਲੋਂ ਅਕਸਰ ਮਹਿੰਗਾਈ ਰੋਕਣ ਦੇ ਬਹਾਨੇ ਜਾਂ ਹੋਰ ਕਾਰਨਾਂ ਕਰਕੇ ਕਿਸਾਨਾਂ ਨੂੰ ਫਸਲਾਂ ਦਾ ਵਾਜਬ ਭਾਅ ਨਹੀਂ ਦਿੱਤਾ ਜਾਂਦਾ ਜਦੋਂ ਕਿ ਸਰਕਾਰਾਂ ਨੂੰ ਇਹ ਬੋਝ ਆਪ ਝੱਲਣਾ ਚਾਹੀਦਾ ਹੈ।’ ਉਨ੍ਹਾਂ ਕਿਹਾ ਕਿ ਇਹ ਮਾਮਲਾ ਕੇਂਦਰ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਹੈ, ਇਸ ਲਈ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਕੇਂਦਰ ਸਰਕਾਰ ਖਿਲਾਫ਼ ਜੇਕਰ ਧਰਨਾ ਵੀ ਦੇਣਾ ਪੈਂਦਾ ਹੈ ਤਾਂ ਕਾਂਗਰਸ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਵੇਗਾ। ਅਕਾਲੀ ਦਲ ਦੇ ਡਾ. ਦਲਜੀਤ ਸਿੰਘ ਚੀਮਾ ਨੇ ਕਿਸਾਨ ਯੂਨੀਅਨ ਨੂੰ ਸੱਦਾ ਦਿੱਤਾ ਕਿ ਐੱਮਐੱਸਪੀ ਬੰਦ ਕਰਨ ਦੀ ਯੋਜਨਾ ਨੂੰ ਰੋਕਣ ਲਈ ਠੋਸ ਪ੍ਰੋਗਰਾਮ ਉਲੀਕਿਆ ਜਾਵੇ ਜਿਸ ਲਈ ਅਕਾਲੀ ਦਲ ਪੂਰਾ ਸਹਿਯੋਗ ਦੇਵੇਗਾ। ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ ਅਤੇ ਵਿਜੈ ਕੁਮਾਰ ਕਾਲੜਾ ਨੇ ਕਿਹਾ ਕਿ ਦੋਹਾਂ ਐਸਸੀਏਸ਼ਨਾਂ ਵੱਲੋਂ ਸਮਰਥਨ ਮੁੱਲ ਬਚਾਉਣ ਲਈ ਹਰ ਤਰ੍ਹਾਂ ਦੀ ਮਦਦ ਦਿੱਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All