ਬਿਜਲੀ ਚੋਰੀ ਰੋਕਣ ’ਚ ਪੁਲੀਸ ਤੇ ਪ੍ਰਸ਼ਾਸਨ ਸਹਿਯੋਗ ਕਰੇ: ਅਮਰਿੰਦਰ

ਬਲਵਿੰਦਰ ਜੰਮੂ ਚੰਡੀਗੜ੍ਹ, 10 ਜੁਲਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਡ ਨੂੰ ਬਿਜਲੀ ਚੋਰੀ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਹਦਾਇਤ ਕੀਤੀ ਹੈ। ਮੁੱਖ ਮੰਤਰੀ ਨੇ ਸੂਬੇ ਦੇ ਵਿੱਤ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਨਿਗਮ ਨੂੰ ਵਿੱਤੀ ਸੰਕਟ ਵਿੱਚੋਂ ਕੱਢਣ ਲਈ ਬਿਜਲੀ ਸਬਸਿਡੀ ਦਾ ਪੈਸਾ ਸਮੇਂ ਸਿਰ ਜਾਰੀ ਕੀਤਾ ਜਾਵੇ। ਇੱਥੇ ਅੱਜ ਇੱਕ ਉੱਚ ਪੱਧਰੀ ਮੀਟਿੰਗ ਵਿੱਚ ਬਿਜਲੀ ਦੀ ਸਥਿਤੀ ਬਾਰੇ ਸੀਨੀਅਰ ਅਧਿਕਾਰੀਆਂ ਨਾਲ ਵਿਚਾਰ- ਵਟਾਂਦਰੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲੀਸ ਦੇ ਮੁਖੀ ਦਿਨਕਰ ਗੁਪਤਾ ਅਤੇ ਸੂਬੇ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਬਿਜਲੀ ਚੋਰਾਂ ਨੂੰ ਹੱਥ ਪਾਉਣ ਦੀ ਹਦਾਇਤ ਕੀਤੀ ਹੈ। ਮੀਟਿੰਗ ਵਿਚ ਇਹ ਗੱਲ ਉੱਭਰ ਕੇ ਸਾਹਮਣੇ ਆਈ ਕਿ ਬਿਜਲੀ ਚੋਰਾਂ ਕਰ ਕੇ ਬਿਜਲੀ ਮਹਿੰਗੀ ਕਰਨੀ ਪੈਂਦੀ ਹੈ ਜਿਸ ਦਾ ਖ਼ਮਿਆਜਾ ਇਮਾਨਦਾਰ ਖ਼ਪਤਕਾਰਾਂ ਨੂੰ ਭੁਗਤਣਾ ਪੈਂਦਾ ਹੈ। ਜੇਕਰ ਬਿਜਲੀ ਚੋਰੀ ਰੁਕ ਜਾਵੇ ਤਾਂ ਬਿਜਲੀ ਦਰਾਂ ਵਿੱਚ ਵਾਧੇ ਨੂੰ ਟਾਲਿਆ ਜਾ ਸਕਦਾ ਹੈ, ਇਸ ਲਈ ਬਿਜਲੀ ਨਿਗਮ ਵੱਲੋਂ ਮਾਰੇ ਜਾਂਦੇ ਛਾਪਿਆਂ ਦੌਰਾਨ ਪੁਲੀਸ ਅਤੇ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਦੇਣ ਦੀ ਲੋੜ ਹੈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਪੁਲੀਸ ਤੇ ਸਿਵਲ ਪ੍ਰਸ਼ਾਸਨ ਨੂੰ ਇਸ ਸਬੰਧ ’ਚ ਸਖ਼ਤ ਕਦਮ ਚੁੱਕਣ ਲਈ ਕਿਹਾ ਹੈ। ਬਿਜਲੀ ਨਿਗਮ ਦੇ ਸੀਐੱਮਡੀ ਬਲਦੇਵ ਸਿੰਘ ਸਰਾਂ ਨੇ ਦੱਸਿਆ ਕਿ ਸਭ ਤੋਂ ਵੱਧ ਬਿਜਲੀ ਚੋਰੀ ਸਰਹੱਦੀ ਕਸਬੇ ਭਿੱਖੀਵਿੰਡ ਵਿੱਚ 80 ਫੀਸਦੀ, ਪੱਟੀ ਵਿੱਚ 71 ਫੀਸਦੀ, ਜ਼ੀਰਾ ਵਿੱਚ 61 ਫੀਸਦੀ, ਪਾਤੜਾਂ ਵਿੱਚ 57 ਫ਼ੀਸਦੀ, ਬਾਘਾਪੁਰਾਣਾ ਵਿੱਚ 55 ਫ਼ੀਸਦੀ, ਤਰਨ ਤਾਰਨ ਵਿੱਚ 51 ਅਤੇ ਅਜਨਾਲਾ ਵਿੱਚ 50 ਫੀਸਦੀ ਹੈ। ਅੱਜ ਦੀ ਮੀਟਿੰਗ ਵਿੱਚ ਬਿਜਲੀ ਚੋਰੀ ਰੋਕਣ ਲਈ ਕਦਮ ਚੁੱਕਣ ਦੀ ਰਣਨੀਤੀ ਉਲੀਕੀ ਗਈ ਹੈ। ਉਨ੍ਹਾਂ ਦੱਸਿਆ ਕਿ ਜੂਨ ਮਹੀਨੇ ਵਿੱਚ ਬਿਜਲੀ ਦੀ ਮੰਗ 17 ਫੀਸਦੀ ਵਧ ਗਈ ਸੀ ਪਰ ਕਈ ਇਲਾਕਿਆਂ ਵਿਚ ਔੜ ਦੀ ਸਥਿਤੀ ਬਣੀ ਹੋਣ ਕਰ ਕੇ ਮੰਗ ਪਿਛਲੇ ਸਾਲ ਦੇ ਮੁਕਾਬਲੇ 33.31 ਫੀਸਦੀ ਵਧ ਸਕਦੀ ਹੈ। ਇਸ ਵਾਰ ਝੋਨੇ ਦੀ ਲਵਾਈ ਦਸ ਦਿਨ ਪਹਿਲਾਂ ਹੋਣ ਕਰ ਕੇ ਖੇਤੀ ਖੇਤਰ ’ਚ ਬਿਜਲੀ ਦੀ ਖ਼ਪਤ 37 ਫੀਸਦੀ ਵਧੀ ਹੈ। ਇਸ ਕਰਕੇ ਬਿਜਲੀ ਦੀ ਮੰਗ ਪਿਛਲੇ ਸਾਲ 12638 ਮੈਗਾਵਾਟ ਦੇ ਮੁਕਾਬਲੇ ਵੱਧ ਕੇ 13633 ਹੋ ਗਈ ਹੈ। ਉਨ੍ਹਾਂ ਵੱਖ ਵੱਖ ਸੂਬਿਆਂ ਨੂੰ ਬਿਜਲੀ ਵੇਚਣ ਬਾਰੇ ਜਾਣਕਾਰੀ ਵੀ ਦਿੱਤੀ। ਮੀਟਿੰਗ ਵਿੱਚ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਅਤੇ ਤਾਪ ਬਿਜਲੀ ਘਰਾਂ ਵਿੱਚ ਕੋਲੇ ਦੀ ਸਥਿਤੀ ਦਾ ਜਾਇਜ਼ਾ ਵੀ ਲਿਆ ਗਿਆ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ, ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਏ ਵੇਣੂ ਪ੍ਰਸਾਦ, ਵਿੱਤ ਸਕੱਤਰ ਅਨੀਰੁੱਧ ਤਿਵਾੜੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਮੁੱਖ ਮੰਤਰੀ ਹੀ ਦੇਖ ਰਹੇ ਨੇ ਸਿੱਧੂ ਦੇ ਵਿਭਾਗ ਦਾ ਕੰਮ ਕੈਪਟਨ ਸਰਕਾਰ ਨੇ ਪਿਛਲੇ ਮਹੀਨੇ ਛੇ ਜੂਨ ਨੂੰ ਮੰਤਰੀਆਂ ਦੇ ਵਿਭਾਗਾਂ ਦਾ ਫੇਰ ਬਦਲ ਕਰਦਿਆਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਵਿਭਾਗ ਬਦਲ ਕੇ ਉਨ੍ਹਾਂ ਨੂੰ ਬਿਜਲੀ ਵਿਭਾਗ ਦੇ ਦਿੱਤਾ ਸੀ ਪਰ ਉਨ੍ਹਾਂ ਨੇ ਮੁੱਖ ਮੰਤਰੀ ਨਾਲ ਨਾਰਾਜ਼ਗੀ ਕਾਰਨ ਅਜੇ ਤੱਕ ਵਿਭਾਗ ਦਾ ਚਾਰਜ ਨਹੀਂ ਸੰਭਾਲਿਆ ਹੈ। ਸ੍ਰੀ ਸਿੱਧੂ ਦੀ ਗੈਰ-ਹਾਜ਼ਰੀ ਕਾਰਨ ਅੱਜ ਦੀ ਮੀਟਿੰਗ ਦੀ ਪ੍ਰਧਾਨਗੀ ਵੀ ਮੁੱਖ ਮੰਤਰੀ ਵੱਲੋਂ ਕੀਤੀ ਗਈ ਤੇ ਉਹ ਹੀ ਵਿਭਾਗ ਦੀਆਂ ਜ਼ਰੂਰੀ ਫਾਈਲਾਂ ਦਾ ਨਿਪਟਾਰਾ ਕਰਦੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All