ਮਜ਼ਦੂਰਾਂ ਵਲੋਂ ਕਰਜ਼ਾ ਮੁਆਫ਼ੀ ਦੀ ਮੰਗ

ਪੱਤਰ ਪ੍ਰੇਰਕ ਬੰਗਾ, 21 ਜਨਵਰੀ ਪਿੰਡ ਕਰਨਾਣਾ ਤੇ ਰਸੂਲਪੁਰ ’ਚ ਮਜ਼ਦੂਰਾਂ ਨੇ ਇਕੱਠ ਕਰ ਕੇ ਆਪਣੇ ਕਰਜ਼ੇ ਮੁਆਫ਼ ਕਰਨ ਦੀ ਮੰਗ ਸਬੰਧੀ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਪੰਜਾਬ ਸਰਕਾਰ ਵਲੋਂ ਕਰਜ਼ਾ ਮੁਆਫ਼ੀ ਦਾ ਕੀਤਾ ਵਾਅਦਾ ਪੂਰਾ ਨਾ ਕਰਨ ਦੀ ਪੁਰਜ਼ੋਰ ਨਿਖੇਧੀ ਕੀਤੀ। ਇਹ ਰੋਸ ਪ੍ਰਦਰਸ਼ਨ ਪੇਂਡੂ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਕੀਤੇ ਗਏ। ਦੋਵਾਂ ਪਿੰਡਾਂ ’ਚ ਹੋਏ ਇਨ੍ਹਾਂ ਪ੍ਰਦਰਸ਼ਨਾਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾਈ ਆਗੂ ਕਾਮਰੇਡ ਮਹਿੰਦਰ ਸਿੰਘ ਖੈਰੜ ਨੇ ਕਿਹਾ ਕਿ ਪੰਜਾਬ ਸਰਕਾਰ ਮਜ਼ਦੂਰ ਵਰਗ ਦੇ ਕਰਜ਼ਿਆਂ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰਨ ਤੋਂ ਬਾਅਦ ਵੀ ਆਨਾ ਕਾਨੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰ ਵਰਗ ਦੇ ਕਰਜ਼ੇ ਮੁਆਫ਼ ਕਰਨ ਲਈ ਕਾਂਗਰਸੀਆਂ ਨੇ ਚੋਣਾਂ ਸਮੇਂ ਲਾਰਾ ਲਾ ਦਿੱਤਾ ਪਰ ਅਮਲ ਕਰਨ ਵੇਲੇ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ-ਪਿੰਡ ਜਾ ਕੇ ਯੂਨੀਅਨ ਵਲੋਂ ਵੱਡੇ ਪੱਧਰ ਦੀ ਲਾਮਬੰਦੀ ਕੀਤੀ ਜਾ ਰਹੀ ਤਾਂ ਕਿ ਲਾਰੇਵਾਜ ਸਿਆਸਤਦਾਨਾਂ ਦਾ ਪਰਦਾਫ਼ਾਸ਼ ਕੀਤਾ ਜਾਵੇ। ਇਸ ਮੌਕੇ ਇਹ ਵੀ ਦੱਸਿਆ ਗਿਆ ਕਿ 27 ਜਨਵਰੀ ਨੂੰ ਨਵਾਂ ਸ਼ਹਿਰ ’ਚ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਸਰਕਾਰ ਨੂੰ ਚਿਤਾਵਨੀ ਪੱਤਰ ਭੇਜਿਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All