ਰਣਜੀਤ ਸਿੰਘ ਬ੍ਰਹਮਪੁਰਾ ਨੇ ਅਸਤੀਫ਼ਾ ਦਿੱਤਾ

ਰਣਜੀਤ ਸਿੰਘ ਬ੍ਰਹਮਪੁਰਾ ਨੇ ਅਸਤੀਫ਼ਾ ਦਿੱਤਾ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 23 ਅਕਤੂਬਰ

ਅੰਮ੍ਰਿਤਸਰ ਵਿੱਚ ਸ੍ਰੀ ਰਣਜੀਤ ਸਿੰਘ ਬ੍ਰਹਮਪੁਰਾ ਮੀਡੀਆ ਨਾਲ ਗੱਲ ਕਰਦੇ ਹੋਏ। ਉਨ੍ਹਾਂ ਨਾਲ ਰਤਨ ਸਿੰਘ ਅਜਨਾਲਾ ਵੀ ਬੈਠੇ ਹਨ। -ਫੋਟੋ:ਵਿਸ਼ਾਲ ਕੁਮਾਰ

ਸ਼੍ਰੋਮਣੀ ਅਕਾਲੀ ਦਲ ਵਿਚ ਪੈਦਾ ਹੋਇਆ ਅੰਦਰੂਨੀ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ। ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਵੱਲੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਹੁਣ ਮਾਝੇ ਦੇ ਨਿਰਾਸ਼ ਤੇ ਨਾਰਾਜ਼ ਸੀਨੀਅਰ ਅਕਾਲੀ ਆਗੂ ਅਤੇ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ (81) ਨੇ ਵੀ ਪਾਰਟੀ ਦੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਆਪਣਾ ਅਸਤੀਫਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜਣਗੇ। ਸ੍ਰੀ ਬ੍ਰਹਮਪੁਰਾ ਇਸ ਵੇਲੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਹਨ। ਉਹ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਕੋਰ ਕਮੇਟੀ ਦੇ ਮੈਂਬਰ ਵੀ ਹਨ। ਪਿਛਲੇ 60 ਸਾਲਾਂ ਤੋਂ ਉਹ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਹਨ। ਉਹ ਕਈ ਵਾਰ ਪਾਰਟੀ ਵਲੋਂ ਵਿਧਾਇਕ ਅਤੇ ਮੰਤਰੀ ਬਣ ਚੁੱਕੇ ਹਨ। ਉਹ ਟਕਸਾਲੀ ਅਕਾਲੀ ਹਨ। ਅੱਜ ਇਥੇ ਕੀਤੀ ਪ੍ਰੈਸ ਕਾਨਫਰੰਸ ਵਿਚ ਉਨ੍ਹਾਂ ਦੱਸਿਆ ਕਿ ਵਡੇਰੀ ਉਮਰ ਕਾਰਨ ਉਹ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਅਤੇ ਕੋਰ ਕਮੇਟੀ ਦੇ ਮੈਂਬਰ ਵਜੋਂ ਅਸਤੀਫਾ ਦੇ ਰਹੇ ਹਨ। ਉਹ ਪਾਰਟੀ ਨਾਲ ਆਖਰੀ ਸਾਹਾਂ ਤਕ ਜੁੜੇ ਰਹਿਣਗੇ। ਉਹ ਪਾਰਟੀ ਦੇ ਸੱਚੇ ਸਿਪਾਹੀ ਹਨ ਅਤੇ ਪਾਰਟੀ ਨੂੰ ਅਥਾਹ ਪਿਆਰ ਕਰਦੇ ਹਨ। ਅਕਾਲੀ ਦਲ ਉਨ੍ਹਾਂ ਦੀ ਮਾਂ ਪਾਰਟੀ ਹੈ। ਉਨ੍ਹਾਂ ਚੋਣ ਨਾ ਲੜਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਮਦਦ ਕਰਦੇ ਰਹਿਣਗੇ। ਪਾਰਟੀ ਨਾਲ ਨਾਰਾਜ਼ਗੀ ਬਾਰੇ ਪੁੱਛੇ ਗਏ ਸਵਾਲਾਂ ਨੂੰ ਉਹ ਭਾਵੇਂ ਟਾਲ ਗਏ ਪਰ ਨਾਰਾਜ਼ਗੀ ਅਤੇ ਨਿਰਾਸ਼ਾ ਉਨ੍ਹਾਂ ਦੀਆਂ ਅੱਖਾਂ ਤੇ ਚਿਹਰੇ ਤੋਂ ਸਾਫ ਝਲਕ ਰਹੀ ਸੀ। ਉਨ੍ਹਾਂ ਮੰਨਿਆ ਕਿ ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦਿਵਾਉਣ ਦਾ ਫੈਸਲਾ ਗਲਤ ਸੀ, ਜਿਸ ਨੂੰ ਵਾਪਸ ਲੈਣਾ ਪਿਆ। ਇਸੇ ਤਰ੍ਹਾਂ ਬੇਅਦਬੀ ਘਟਨਾਵਾਂ ਅਤੇ ਬਰਗਾੜੀ ਕਾਂਡ ਵਿਚ ਨਿਆਂ ਨਾ ਮਿਲਣ ਕਾਰਨ ਪਾਰਟੀ ਨੂੰ ਢਾਹ ਲੱਗੀ ਹੈ। ਇਸ ਨਾਲ ਪਾਰਟੀ ਵਿਚ ਨਿਘਾਰ ਆਇਆ ਅਤੇ ਇਸ ਦਾ ਖਮਿਆਜ਼ਾ 2017 ਵਿਧਾਨ ਸਭਾ ਚੋਣਾਂ ਵਿਚ ਪਾਰਟੀ ਨੂੰ ਹਾਰ ਦੇ ਰੂਪ ਵਿੱਚ ਭੁਗਤਣਾ ਪਿਆ। ਉਨ੍ਹਾਂ ਮੰਨਿਆ ਕਿ ਉਸ ਵੇਲੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੁੰਦਿਆਂ ਪਾਰਟੀ ਕੋਲੋਂ ਇਨ੍ਹਾਂ ਮਾਮਲਿਆਂ ਵਿਚ ਢਿਲਮੱਠ ਵਰਤੀ ਗਈ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੁੰਦਿਆਂ ਜੋ ਗਲਤੀਆਂ ਹੋਈਆਂ ਉਸ ਵਿਚ ਉਹ ਖੁਦ ਵੀ ਭਾਈਵਾਲ ਸਨ। ਇਸੇ ਲਈ ਉਨ੍ਹਾਂ ਬੀਤੇ ਦਿਨ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਵਿਖੇ ਨਤਮਸਤਕ ਹੋ ਕੇ ਖਿਮਾ ਯਾਚਨਾ ਕੀਤੀ। ਉਨ੍ਹਾਂ ਕਿਹਾ ਕਿ 7 ਅਕਤੂਬਰ ਤੋਂ ਬਾਅਦ ਪਾਰਟੀ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਕੋਈ ਸੰਪਰਕ ਨਹੀਂ ਹੋਇਆ। ਇਸ ਮੌਕੇ ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ, ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ, ਰਵਿੰਦਰ ਸਿੰਘ ਬ੍ਰਹਮਪੁਰਾ, ਮਨਮੋਹਨ ਸਿੰਘ ਸਠਿਆਲਾ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਐਮਏ ਆਦਿ ਹਾਜ਼ਰ ਸਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਉਪਰੋਕਤ ਆਗੂ ਆਪਸੀ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ ਪਾਰਟੀ ਨੀਤੀਆਂ ‘ਤੇ ਕਿੰਤੂ ਪ੍ਰੰਤੂ ਕਰ ਚੁੱਕੇ ਹਨ। ਇਹ ਸਾਰੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ਵਿੱਚ ਕੀਤੀ ਰੈਲੀ ਵਿਚ ਵੀ ਸ਼ਾਮਲ ਨਹੀਂ ਹੋਏ ਸਨ। ਬੀਤੇ ਦਿਨ ਇਹ ਸਾਰੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ ਸਨ, ਜਿਥੇ ਉਨ੍ਹਾਂ ਖਿਮਾ ਯਾਚਨਾ ਦੀ ਅਰਦਾਸ ਕੀਤੀ ਸੀ। ਭਾਵੇਂ ਇਨ੍ਹਾਂ ਵਿੱਚੋਂ ਕਿਸੇ ਵੀ ਅਕਾਲੀ ਆਗੂ ਨੇ ਪਾਰਟੀ ਨਾਲ ਨਰਾਜ਼ਗੀ ਦਾ ਇਜ਼ਹਾਰ ਨਹੀਂ ਕੀਤਾ ਪਰ ਪਤਾ ਲੱਗਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਈ ਹੁੰਗਾਰਾ ਨਾ ਮਿਲਣ ਕਾਰਨ ਹੀ ਇਹ ਪਾਰਟੀ ਤੋਂ ਨਾਰਾਜ਼ ਹਨ। ਭਵਿੱਖ ਵਿਚ ਕੁਝ ਹੋਰ ਸੀਨੀਅਰ ਆਗੂ ਪਾਰਟੀ ਨੂੰ ਅਲਵਿਦਾ ਆਖ ਸਕਦੇ ਹਨ।

ਨਵੇਂ ਚਿਹਰਿਆਂ ਨੂੰ ਮੌਕਾ ਦੇਣ ਲਈ ਅਹੁਦੇ ਛੱਡੇ: ਸੁਖਬੀਰ ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਰਣਜੀਤ ਸਿੰਘ ਬ੍ਰਹਮਪੁਰਾ ਨੇ ਪਾਰਟੀ ਨਹੀਂ ਛੱਡੀ, ਸਗੋਂ ਨਵੇਂ ਚਿਹਰਿਆਂ ਅਤੇ ਨੌਜਵਾਨਾਂ ਨੂੰ ਅੱਗੇ ਆਉਣ ਦਾ ਮੌਕਾ ਦੇਣ ਲਈ ਉਨ੍ਹਾਂ ਪਾਰਟੀ ਦੇ ਸਾਰੇ ਅਹੁਦੇ ਛੱਡੇ ਹਨ। ਅਕਾਲੀ ਦਲ ਦੇ ਬੁਲਾਰੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਸ੍ਰੀ ਬਦਾਲ ਵੱਲੋਂ ਜਾਰੀ ਕੀਤੇ ਬਿਆਨ ਵਿੱਚ ਦੱਸਿਆ ਕਿ ਰਣਜੀਤ ਸਿੰਘ ਬ੍ਰਹਮਪੁਰਾ ਨੇ ਸਿਰਫ਼ ਪਾਰਟੀ ਅਹੁਦਿਆਂ ਤੋਂ ਹੀ ਅਸਤੀਫਾ ਦਿੱਤਾ ਹੈ ਤੇ ਉਹ ਪਾਰਟੀ ਦੇ ਮੈਂਬਰ ਵਜੋਂ ਪਹਿਲਾਂ ਵਾਂਗ ਹੀ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਕੋਈ ਫ਼ੁੱਟ ਨਹੀਂ ਤੇ ਨਾ ਹੀ ਕੋਈ ਪਾਰਟੀ ਛੱਡ ਕੇ ਜਾ ਰਿਹਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All