ਵਿਧਾਇਕ ਦੇ ਪੀਏ ’ਤੇ ਜਬਰ-ਜਨਾਹ ਦੇ ਮੁਲਜ਼ਮਾਂ ਨੂੰ ਬਚਾਉਣ ਦੇ ਦੋਸ਼

ਧਰਨੇ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਸੰਘਰਸ਼ ਕਮੇਟੀ ਦੇ ਆਗੂ।

ਜਤਿੰਦਰ ਸਿੰਘ ਬਾਵਾ ਸ੍ਰੀ ਗੋਇੰਦਵਾਲ ਸਾਹਿਬ, 11 ਅਕਤੂਬਰ ਸ੍ਰੀ ਗੋਇੰਦਵਾਲ ਸਾਹਿਬ ਦੇ ਅਧੀਨ ਆਉਂਦੇ ਪਿੰਡ ਭੁੱਲਰ ’ਚ ਕੁਝ ਵਿਅਕਤੀਆਂ ਵੱਲੋਂ ਪਿੰਡ ਦੀ ਰਹਿਣ ਵਾਲੀ ਇਕ ਮਹਿਲਾ ਨਾਲ ਕਥਿਤ ਤੌਰ ’ਤੇ ਜਬਰ ਜਨਾਹ ਕਰਨ ਅਤੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਦੇ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਖਿਲਾਫ਼ ਪੁਲੀਸ ਵੱਲੋਂ ਕਾਰਵਾਈ ਨਾ ਹੋਣ ’ਤੇ ਪੀੜਤ ਪਰਿਵਾਰ ਵੱਲੋਂ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਧਰਨਾ ਲਗਾਇਆ ਗਿਆ। ਇਸ ਧਰਨੇ ਦੀ ਅਗਵਾਈ ਕਰ ਰਹੇ ਗੁਰਮੇਜ ਸਿੰਘ, ਸੁਖਦੇਵ ਸਿੰਘ, ਹਰਜਿੰਦਰ ਸਿੰਘ, ਨਿਰਵੈਲ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ ਦੁਆਉਣ ਲਈ ਜਥੇਬੰਦੀ ਨੇ ਪਹਿਲਾਂ ਵੀ ਧਰਨਾ ਲਗਾਇਆ ਸੀ ਪਰ ਇਸ ਮਾਮਲੇ ਵਿੱਚ ਪੁਲੀਸ ਵਲੋਂ ਵਿਸ਼ਵਾਸ ਦੁਆਉਣ ਤੋਂ ਬਾਅਦ ਵੀ ਕੋਈ ਕਾਰਵਾਈ ਨਹੀਂ ਕੀਤੀ, ਜਿਸ ਕਾਰਨ ਜਥੇਬੰਦੀ ਵਲੋਂ ਦੂਜੀ ਵਾਰ ਪੱਕਾ ਮੋਰਚਾ ਖੋਲਣਾ ਪਿਆ ਹੈ। ਧਰਨੇ ਦੌਰਾਨ ਵੱਖ ਵੱਖ ਆਗੂਆਂ ਨੇ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਅਤੇ ਉਸ ਦਾ ਪੀਏ ਜਰਮਨਜੀਤ ਸਿੰਘ ਕੰਗ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਸਿੱਧੇ ਤੌਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਇਕ ਮਹਿਲਾ ਨਾਲ ਪਿੰਡ ਭੁੱਲਰ ਵਿਚ ਵਾਪਰੇ ਜਬਰ ਜਨਾਹ ਅਤੇ ਉਸ ਦੇ ਪਰਿਵਾਰਕ ਮੈਂਬਰ ਦੀ ਕੁੱਟਮਾਰ ਹੋਣ ਦੇ ਮਾਮਲੇ ਵਿੱਚ ਨਾਮਜ਼ਦ ਮਾਸਟਰ ਗੁਰਮੀਤ ਸਿੰਘ ਅਤੇ ਹੋਰ ਮੁਲਜ਼ਮਾਂ ਨੂੰ ਵਿਧਾਇਕ ਰਮਨਜੀਤ ਸਿੰਘ ਸਿੱਕੀ ਦਾ ਪੀਏ ਜਰਮਨਜੀਤ ਸਿੰਘ ਕੰਗ ਗ੍ਰਿਫ਼ਤਾਰ ਨਹੀਂ ਹੋਣ ਦੇ ਰਿਹਾ। ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦ ਤੱਕ ਪੁਲੀਸ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਨੂੰ ਕਾਬੂ ਨਹੀਂ ਕਰਦੀ, ਤਦ ਤੱਕ ਧਰਨਾ ਜਾਰੀ ਰਹੇਗਾ। ਇਸ ਮੌਕੇ ਧਰਨੇ ਵਿੱਚ ਪਿਆਰਾ ਸਿੰਘ ਦੁਗਲਵਾਲ, ਮਹਿੰਦਰ ਸਿੰਘ ਵਈਪੁਈ, ਮਨਜਿੰਦਰ ਸਿੰਘ, ਮਨਜੀਤ ਸਿੰਘ, ਗੁਰਦਿਆਲ ਸਿੰਘ ਆਦਿ ਆਗੂ ਮੌਜੂਦ ਸਨ।

ਡੀਐੱਸਪੀ ਦਾ ਪੱਖ

ਡੀਐੱਸਪੀ ਰਵਿੰਦਰਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਨਾਲ ਮਸਲੇ ਹੱਲ ਕਰਨ ਲਈ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਇਸ ਮਾਮਲੇ ਵਿੱਚ ਕਿਸੇ ਵੀ ਸਿਆਸੀ ਦਬਾਅ ਹੇਠ ਕੰਮ ਨਹੀਂ ਕਰ ਰਹੀ। ਪੁਲੀਸ ਇਸ ਮਾਮਲੇ ਸਬੰਧੀ ਆਪਣੀ ਕਾਰਵਾਈ ਕਰ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All