ਕਿਸਾਨਾਂ ਨੇ ਐੱਸਡੀਐੱਮ ਦਫ਼ਤਰ ਅੱਗੇ ਅਣਮਿਥੇ ਸਮੇਂ ਦਾ ਧਰਨਾ ਆਰੰਭਿਆ

ਗੁਰਨਾਮ ਸਿੰਘ ਚੌਹਾਨ ਪਾਤੜਾਂ, 10 ਸਤੰਬਰ

ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਆਗੂ ਧਰਨੇ ਨੂੰ ਸਬੋਧਨ ਕਰਦਾ ਹੋਇਆ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕਿਸਾਨੀ ਮੰਗਾਂ ਮਨਵਾਉਣ ਲਈ ਐੱਸਡੀਐੱਮ ਪਾਤੜਾਂ ਦੇ ਦਫ਼ਤਰ ਅੱਗੇ ਅੱਜ ਤੋਂ ਅਣਮਿਥੇ ਸਮੇਂ ਦਾ ਧਰਨਾ ਸ਼ੁਰੂ ਕੀਤਾ ਹੈ। ਧਰਨੇ ਵਿੱਚ ਭਾਰੀ ਗਿਣਤੀ ਵਿੱਚ ਪਹੁੰਚੇ ਯੂਨੀਅਨ ਆਗੂਆਂ ਤੇ ਵਰਕਰਾਂ ਨੇ ਕੈਪਟਨ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਮੰਗਾਂ ਨਾ ਮੰਨੇ ਜਾਣ ਤੱਕ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨਿਆਲ ਤੇ ਬਲਾਕ ਪ੍ਰਧਾਨ ਅਮਰੀਕ ਸਿੰਘ ਘੱਗਾ ਨੇ ਸਾਂਝੇ ਤੌਰ ’ਤੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਦੌਰਾਨ ਕਿਸਾਨਾਂ ਦਾ ਬੈਂਕਾਂ ਅਤੇ ਆੜ੍ਹਤੀਆਂ ਦਾ ਸਾਰਾ ਕਰਜ਼ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ। ਸਰਕਾਰ ਬਣਨ ਮਗਰੋਂ ਉਨ੍ਹਾਂ ਕਿਸਾਨਾਂ ਦੀ ਸਾਰ ਕੋਈ ਸਾਰ ਨਹੀਂ ਲਈ। ਹੁਣ ਸਰਕਾਰ ਵਿਧਾਨ ਸਭਾ ਚੋਣਾਂ ਦੌਰਾਨ ਕਿਸਾਨਾਂ ਦਾ ਸਾਰਾ ਕਰਜ਼ ਮੁਆਫ਼ ਕਰਨ ਦੇ ਆਪਣੇ ਵਾਅਦੇ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀ ਸਰਕਾਰ ਨੂੰ ਭੱਜਣ ਨਹੀਂ ਦੇਵੇਗੀ। ਇਸ ਦੌਰਾਨ ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਅਤੇ ਫਰਦਾਂ ਆਦਿ ਦਾ ਕੰਮ ਆਨਲਾਈਨ ਕਰਕੇ ਕਿਸਾਨਾਂ ਦੀ ਅੰਨ੍ਹੀ ਲੁੱਟ ਦਾ ਰਸਤਾ ਖੋਲ੍ਹ ਦਿੱਤਾ ਹੈ। ਜਰੀਬ ਦੀ ਥਾਂ ਕੰਪਿਊਟਰ ਨਾਲ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਦੇ ਕਿਸਾਨਾਂ ਤੋਂ 15 ਹਜ਼ਾਰ ਤੋਂ ਵੱਧ ਵਸੂਲ ਕੀਤੇ ਜਾ ਰਹੇ ਹਨ। ਤਹਿਸੀਲ ਵਿਚ ਬਣੇਂ ਚੈਂਬਰਾਂ ਵਿਚ ਬੈਠਣ ਦੀ ਥਾਂ ਪਟਵਾਰੀਆਂ ਨੇ ਸੁੰਨਸਾਨ ਥਾਵਾਂ ਉਤੇ ਆਪਣੇ ਦਫਤਰ ਬਣਾਏ ਹਨ ਜਿਸ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਕਲੋਨੀ ਮਾਲਕ ਵੱਲੋਂ ਨਹਿਰ ਨੂੰ ਬੰਦ ਕੀਤੇ ਜਾਣ ਨਾਲ ਕਈ ਪਿੰਡਾਂ ਦੇ ਕਿਸਾਨ ਕਈ ਸਾਲਾਂ ਤੋਂ ਨਹਿਰੀ ਪਾਣੀ ਨੂੰ ਤਰਸ ਰਹੇ ਹਨ। ਇਸ ਸਬੰਧੀ ਸਿਵਲ ਪ੍ਰਸ਼ਾਸਨ ਨੂੰ ਜ਼ੁਬਾਨੀ ਅਤੇ ਲਿਖਤੀ ਤੌਰ ਉਤੇ ਕਈ ਵਾਰ ਵਾਰ ਜਾਣੂ ਕਰਵਾਏ ਜਾਣ ਦੇ ਬਾਵਜੂਦ ਕੋਈ ਹੱਲ ਨਹੀਂ ਨਿਕਲਿਆ ਜਿਸ ਕਾਰਨ ਜਥੇਬੰਦੀ ਨੂੰ ਮਜਬੂਰਨ ਧਰਨਾ ਲਾਉਣਾ ਪਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਨਾ ਮੰਨੇ ਜਾਣ ਤੱਕ ਦਿਨ ਰਾਤ ਧਰਨਾ ਜਾਰੀ ਰਹੇਗਾ। ਇਸ ਮੌਕੇ ਖਜ਼ਾਨਚੀ ਰਘਵੀਰ ਸਿੰਘ, ਮਾਘ ਸਿੰਘ ਵਣਵਾਲਾ, ਬਲਵਿੰਦਰ ਸਿੰਘ, ਅਜੈਬ ਸਿੰਘ, ਲਾਭ ਸਿੰਘ ਮਿਸ਼ਰਾ ਸਿੰਘ, ਬੱਲਮ ਸਿੰਘ ਨਿਆਲ, ਜਸਵੀਰ ਸਿੰਘ ਪਾਤੜਾਂ, ਦਾਰਾ ਸਿੰਘ ਭੁਤਗੜ੍ਹ, ਕ੍ਰਿਪਾਲ ਸਿੰਘ ਆਦਿ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All