ਅਕਾਲ ਤਖ਼ਤ ਤੇ ਸ਼੍ਰੋਮਣੀ ਕਮੇਟੀ ਨੂੰ ਮਾਂ ਬੋਲੀ ਦਾ ਸਤਿਕਾਰ ਬਹਾਲ ਕਰਾਉਣ ਦੀ ਅਪੀਲ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 5 ਦਸੰਬਰ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਦੀ ਵੈਨਕੂਵਰ ਇਕਾਈ ਦੇ ਆਗੂਆਂ ਦੇ ਵਫ਼ਦ ਨੇ ਅੱਜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਪੰਜਾਬੀ ਮਾਂ ਬੋਲੀ ਦੇ ਹਿੱਤ ਵਿਚ ਪੱਤਰ ਦੇ ਕੇ ਅਪੀਲ ਕੀਤੀ ਹੈ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ’ਤੇ ਨਾਨਕ ਬਾਣੀ ਦੇ ਖੁੱਸੇ ਸਤਿਕਾਰ ਨੂੰ ਮੁੜ ਬਹਾਲ ਕਰਾਉਣ ਲਈ ਯਤਨ ਕੀਤੇ ਜਾਣ। ਉਨ੍ਹਾਂ ਨੇ ਗੁਰੂ ਨਾਨਕ ਦੇਵ ਦਾ 551ਵਾਂ ਪ੍ਰਕਾਸ਼ ਪੁਰਬ ਪੰਜਾਬੀ ਭਾਸ਼ਾ ਦੇ ਵਿਕਾਸ ਤੇ ਪਸਾਰ ਵਰ੍ਹੇ ਵਜੋਂ ਮਨਾਉਣ ਦੀ ਅਪੀਲ ਕੀਤੀ। ਵਫ਼ਦ ਵਿਚ ਸ਼ਾਮਲ ਰਜਿੰਦਰ ਸਿੰਘ ਢੱਟ, ਹਰਦਿਆਲ ਸਿੰਘ ਗਰਚਾ, ਦਵਿੰਦਰ ਸਿੰਘ ਘਟੋਰਾ, ਹਰਬਖ਼ਸ਼ ਸਿੰਘ ਗਰੇਵਾਲ ਤੇ ਮਿੱਤਰ ਸੈਣ ਮੀਤ ਨੇ ਪਹਿਲਾਂ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਚ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੱਤਰ ਸੌਂਪਿਆ। ਮਗਰੋਂ ਇਹ ਵਫ਼ਦ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਚ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਮਿਲਿਆ ਤੇ ਮਾਂ ਬੋਲੀ ਪ੍ਰਤੀ ਸਰਕਾਰ ਅਤੇ ਹੋਰ ਸਿੱਖ ਸੰਸਥਾਵਾਂ ਵੱਲੋਂ ਅਪਣਾਈ ਜਾ ਰਹੀ ਉਦਾਸੀਨਤਾ ’ਤੇ ਚਿੰਤਾ ਪ੍ਰਗਟਾਈ। ਵਫ਼ਦ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਇਸ ਮਾਮਲੇ ਵਿਚ ਦਖ਼ਲਅੰਦਾਜ਼ੀ ਦੇਵੇ ਅਤੇ ਸਰਕਾਰ ਨੂੰ ਪੰਜਾਬੀ ਮਾਂ ਬੋਲੀ ਨੂੰ ਤਰਜੀਹ ਦੇਣ ਵਾਸਤੇ ਆਖੇ। ਉਨ੍ਹਾਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੂੰ ਨੌਕਰੀਆਂ ਦੀ ਭਰਤੀ ਵਾਸਤੇ ਪ੍ਰੀਖਿਆ ਪੰਜਾਬੀ ਵਿਚ ਲੈਣ, ਅਦਾਲਤਾਂ ਤੇ ਸਰਕਾਰ ਦਾ ਕੰਮਕਾਜ ਪੰਜਾਬੀ ਵਿਚ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲਾਂ ਵਿਚ ਮਾਂ ਬੋਲੀ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਲੋੜੀਂਦੀ ਕਾਰਵਾਈ ਲਈ ਆਖਿਆ ਹੈ। ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਇਸ ਸਬੰਧੀ ਪੰਜਾਬ ਸਰਕਾਰ ਨੂੰ ਪੱਤਰ ਲਿਖੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All