ਐੱਨਆਈਏ ਵੱਲੋਂ ਮਹਿਲਾ ਸਮੇਤ ਦੋ ਮੁਲਜ਼ਮ ਪ੍ਰੋਡਕਸ਼ਨ ਵਰੰਟ ’ਤੇ ਗ੍ਰਿਫ਼ਤਾਰ

ਦਰਸ਼ਨ ਸਿੰਘ ਸੋਢੀ ਐਸਏਐਸ ਨਗਰ (ਮੁਹਾਲੀ), 7 ਦਸੰਬਰ ਨੈਸ਼ਨਲ ਜਾਂਚ ਏਜੰਸੀ (ਐੱਨਆਈਏ) ਨੇ ਅੰਮ੍ਰਿਤਸਰ ਦੇ ਬਹੁ-ਕਰੋੜੀ ਹੈਰੋਇਨ ਤਸਕਰੀ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਸੰਦੀਪ ਕੌਰ ਤੇ ਨਿਰਭੈਲ ਸਿੰਘ ਨੂੰ ਅੱਜ ਪ੍ਰੋਡਕਸ਼ਨ ਵਾਰੰਟ ’ਤੇ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਨੂੰ ਮੁਹਾਲੀ ਸਥਿਤ ਐੱਨਆਈਏ ਦੇ ਵਿਸ਼ੇਸ਼ ਜੱਜ ਐੱਨਐੱਸ ਗਿੱਲ ਦੀ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਗਈ। ਐੱਨਆਈਏ ਦੇ ਸੀਨੀਅਰ ਵਕੀਲ ਸੁਰਿੰਦਰ ਸਿੰਘ ਤੇ ਡੀਐੱਸਪੀ ਨਿਧੀ ਨੇ ਦਲੀਲ ਦੇ ਕੇ ਰਿਮਾਂਡ ਹਾਸਲ ਕੀਤਾ। ਉਕਤ ਮੁਲਜ਼ਮਾਂ ਨੂੰ ਪਾਕਿਸਤਾਨ ਤੋਂ ਅਟਾਰੀ ਬਾਰਡਰ ਰਾਹੀਂ ਪੰਜਾਬ ਵਿੱਚ ਭੇਜੀ ਗਈ ਹੈਰੋਇਨ ਦੀ ਵੱਡੀ ਖੇਪ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ ਤੇ ਉਹ ਪਿਛਲੇ ਕਈ ਮਹੀਨਿਆਂ ਤੋਂ ਅੰਮ੍ਰਿਤਸਰ ਜੇਲ੍ਹ ’ਚ ਬੰਦ ਸਨ। ਐੱਨਆਈਏ ਦਾ ਮੰਨਣਾ ਹੈ ਕਿ ਪੁੱਛ-ਗਿੱਛ ਦੌਰਾਨ ਨਸ਼ਾ ਤਸਕਰੀ ਮਾਮਲੇ ਵਿੱਚ ਮਹੱਤਵ ਪੂਰਨ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ। ਮੁਲਜ਼ਮਾਂ ਨੂੰ ਦਿੱਲੀ ਛੱਡਣ ਲਈ ਐੱਨਆਈਏ ਨਾਲ ਰਵਾਨਾ ਹੋਏ ਪੰਜਾਬ ਪੁਲੀਸ ਮੁਲਾਜ਼ਮਾਂ ਦੇ ਮੋਬਾਈਲ ਫੋਨ ਵੀ ਜਾਂਚ ਟੀਮ ਨੇ ਆਪਣੇ ਕਬਜ਼ੇ ਵਿੱਚ ਲੈ ਲਏ ਤੇ ਸਖ਼ਤ ਹਦਾਇਤ ਕੀਤੀ ਕਿ ਉਹ ਦਿੱਲੀ ਪਹੁੰਚਣ ਤੱਕ ਆਪਣੇ ਘਰਦਿਆਂ ਤੇ ਕਿਸੇ ਜਾਣਕਾਰ ਨਾਲ ਸੰਪਰਕ ਨਹੀਂ ਕਰ ਸਕਦੇ ਤੇ ਰਸਤੇ ਵਿੱਚ ਕਿਤੇ ਵੀ ਕੋਈ ਗੱਡੀ ਨਹੀਂ ਰੋਕੀ ਜਾਵੇਗੀ ਤੇ ਡਿਊਟੀ ਵਿਚ ਲਾਪ੍ਰਵਾਹੀ ਕਰਨ ਵਾਲੇ ਨੂੰ ਸਿੱਧਾ ਬਰਖ਼ਾਸਤ ਕੀਤਾ ਜਾ ਸਕਦਾ ਹੈ। ਐੱਨਆਈਏ ਅਨੁਸਾਰ ਇਸ ਮਾਮਲੇ ਵਿਚ ਫਰਾਰ ਚੱਲ ਰਹੇ ਲੋੜੀਂਦੇ ਮੁੱਖ ਮੁਲਜ਼ਮ ਰਣਜੀਤ ਰਾਣਾ ਵੱਲੋਂ ਜ਼ਮੀਨ ਦੀ ਖ਼ਰੀਦੋ-ਫ਼ਰੋਖ਼ਤ ਸਬੰਧੀ ਰਜਿਸਟਰੀ ਤੇ ਹੋਰ ਦਸਤਾਵੇਜ਼ ਸੰਦੀਪ ਕੌਰ ਦੇ ਘਰੋਂ ਮਿਲੇ ਸਨ। ਸੰਦੀਪ ਦੇ ਕਈ ਨਜ਼ਦੀਕੀ ਰਿਸ਼ਤੇਦਾਰ ਵੀ ਅਪਰਾਧਿਕ ਮਾਮਲਿਆਂ ਵਿੱਚ ਨਾਮਜ਼ਦ ਹਨ ਤੇ ਉਸ ਦਾ ਪਤੀ ਵੀ ਗ੍ਰਿਫ਼ਤਾਰ ਹੈ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਸੰਦੀਪ ਕੌਰ ਦੀ ਜ਼ਮਾਨਤ ਦੀ ਅਰਜ਼ੀ ਉਕਤ ਅਦਾਲਤ ਨੇ ਪਹਿਲਾਂ ਹੀ ਰੱਦ ਕਰ ਦਿੱਤੀ ਸੀ ਤੇ ਹੁਣ ਉਸ ਨੇ ਆਪਣੇ ਵਕੀਲ ਨਿਰਮਲਜੀਤ ਸਿੰਘ ਰਾਹੀਂ ਹਾਈ ਕੋਰਟ ਦਾ ਬੂਹਾ ਖੜਕਾਇਆ ਹੈ। ਇਸ ਸਬੰਧੀ ਹਾਈ ਕੋਰਟ ਵਿੱਚ 11 ਦਸੰਬਰ ਨੂੰ ਸੁਣਵਾਈ ਹੋਵੇਗੀ। ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਵੱਲੋਂ 5836 ਕਿੱਲੋ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ 532 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਸੀ ਤੇ ਇਸ ਮਾਮਲੇ ਵਿੱਚ ਦੋ ਕਸ਼ਮੀਰੀ ਨੌਜਵਾਨ ਗ੍ਰਿਫ਼ਤਾਰ ਕੀਤੇ ਗਏ ਸਨ। ਇਨ੍ਹਾਂ ਨਸ਼ੀਲੇ ਪਦਾਰਥਾਂ ਦੀ ਕੀਮਤ ਲਗਪਗ 2600 ਕਰੋੜ ਰੁਪਏ ਦੱਸੀ ਗਈ ਹੈ। ਇਹ ਨਸ਼ੇ ਦੀ ਖੇਪ ਪਾਕਿਸਤਾਨ ਤੋਂ ਅਟਾਰੀ ਬਾਰਡਰ ਰਾਹੀਂ ਇਕ ਟਰੱਕ ਵਿੱਚ ਬੈਗਾਂ ਦੇ ਥੱਲੇ ਛੁਪਾ ਕੇ ਪੰਜਾਬ ਲਿਆਂਦੀ ਜਾ ਰਹੀ ਸੀ। ਟਰੱਕ ਦੇ ਮਾਲਕ ਗੁਰਪਿੰਦਰ ਸਿੰਘ ਵਾਸੀ ਅੰਮ੍ਰਿਤਸਰ ਨੂੰ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਬੀਤੀ 29 ਜੂਨ ਨੂੰ ਹਿਰਾਸਤ ਵਿੱਚ ਲਿਆ ਸੀ। ਗੁਰਪਿੰਦਰ ਦੀ ਨਿਸ਼ਾਨਦੇਹੀ ’ਤੇ ਕਸ਼ਮੀਰੀ ਨੌਜਵਾਨ ਤਾਰਿਕ ਅਹਿਮਦ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All