ਜੇਈਈ ਦਾਖ਼ਲਾ ਟੈਸਟ ਪੰਜਾਬੀ ਵਿਚ ਵੀ ਲਿਆ ਜਾਵੇ: ਬਾਜਵਾ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 1 ਦਸੰਬਰ ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕੇਂਦਰ ਸਰਕਾਰ ਦੇ ਮਨੁੱਖੀ ਵਸੀਲੇ ਵਿਕਾਸ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ ਮੁਲਕ ਦਾ ਵਕਾਰੀ ਦਾਖ਼ਲਾ ਟੈਸਟ ਜੇਈਈ (ਮੁੱਖ) ਦੂਜੀਆਂ ਖੇਤਰੀ ਭਾਸ਼ਾਵਾਂ ਵਾਂਗ ਪੰਜਾਬੀ ਭਾਸ਼ਾ ਵਿਚ ਵੀ ਲਿਆ ਜਾਵੇ। ਉਨ੍ਹਾਂ ਨੇ ਮਨੁੱਖੀ ਵਸੀਲੇ ਵਿਕਾਸ ਮੰਤਰਾਲੇ ਦੇ ਕੇਂਦਰੀ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਦਾਖ਼ਲਾ ਟੈਸਟ ਸ਼ੁਰੂ ਵਿਚ ਅੰਗਰੇਜ਼ੀ, ਹਿੰਦੀ ਅਤੇ ਗੁਜਰਾਤੀ ਭਾਸ਼ਾਵਾਂ ਵਿਚ ਲਿਆ ਜਾਂਦਾ ਸੀ ਪਰ ਵੱਖ ਵੱਖ ਸੂਬਿਆਂ ਦੀਆਂ ਸਰਕਾਰਾਂ ਦੀ ਮੰਗ ’ਤੇ ਕੇਂਦਰੀ ਮੰਤਰਾਲੇ ਨੇ ਇਹ ਫ਼ੈਸਲਾ ਲਿਆ ਹੈ ਕਿ 2021 ਤੋਂ ਇਹ ਦਾਖ਼ਲਾ ਟੈਸਟ ਅਸਾਮੀ, ਬੰਗਾਲੀ, ਤਾਮਿਲ, ਕੰਨੜ, ਉਰਦੂ, ਮਰਾਠੀ, ਉੜੀਆ ਅਤੇ ਤੇਲਗੂ ਭਾਸ਼ਾਵਾਂ ਵਿਚ ਵੀ ਲਿਆ ਜਾਇਆ ਕਰੇਗਾ। ਉਨ੍ਹਾਂ ਕਿਹਾ ਕਿ ਇਹ ਅਫ਼ਸੋਸ ਦੀ ਗੱਲ ਹੈ ਕਿ ਪੰਜਾਬੀ ਭਾਸ਼ਾ ਨੂੰ ਇਸ ਸੂਚੀ ਵਿਚ ਸ਼ਾਮਲ ਨਹੀਂ ਕੀਤਾ ਗਿਆ। ਸ੍ਰੀ ਬਾਜਵਾ ਨੇ ਕਿਹਾ ਕਿ ਜੇਈਈ (ਮੁੱਖ) ਦਾਖ਼ਲਾ ਟੈਸਟ ਮੁਲਕ ਦਾ ਉਹ ਵਕਾਰੀ ਟੈਸਟ ਹੈ, ਜਿਸ ਰਾਹੀਂ ਦੇਸ਼ ਦੇ ਪ੍ਰਮੁੱਖ ਇੰਜਨੀਅਰਿੰਗ ਕਾਲਜਾਂ ਅਤੇ ਆਈਆਈਟੀ ਸੰਸਥਾਵਾਂ ਵਿਚ ਇੰਜਨੀਅਰਿੰਗ ਅਤੇ ਆਰਕੀਟੈਕਚਰਲ ਦੇ ਦਾਖ਼ਲੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜੇ ਪੰਜਾਬੀ ਭਾਸ਼ਾ ਨੂੰ ਇਸ ਟੈਸਟ ਦੀਆਂ ਭਾਸ਼ਾਵਾਂ ਦੀ ਸੂਚੀ ਵਿਚ ਨਾ ਪਾਇਆ ਗਿਆ ਤਾਂ ਪੰਜਾਬ ਦੇ ਸੈਂਕੜੇ ਵਿਦਿਆਰਥੀ ਮੁਲਕ ਦੇ ਵਕਾਰੀ ਇੰਜਨੀਅਰਿੰਗ ਕਾਲਜਾਂ ਵਿਚ ਦਾਖ਼ਲਾ ਲੈਣ ਤੋਂ ਵਾਂਝੇ ਰਹਿ ਜਾਣਗੇ। ਉਨ੍ਹਾਂ ਕੇਂਦਰੀ ਮੰਤਰੀ ਨੂੰ ਕਿਹਾ ਹੈ ਕਿ ਪੰਜਾਬੀ ਭਾਸ਼ਾ ਨੂੰ ਜੇਈਈ (ਮੁੱਖ) ਦਾਖ਼ਲਾ ਟੈਸਟ ਦੀਆਂ ਭਾਸ਼ਾਵਾਂ ਦੀ ਸੂਚੀ ਵਿਚ ਜੋੜਨ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਆਮ ਆਦਮੀ ਪਾਰਟੀ ਦੇ ਬਾਗ਼ੀ ਵਿਧਾਇਕ ਕੰਵਰ ਸੰਧੂ ਨੇ ਵੀ ਜੇਈਈ ਟੈਸਟ ਪੰਜਾਬੀ ਭਾਸ਼ਾ ਵਿਚ ਵੀ ਲੈਣ ਦੀ ਮੰਗ ਕੀਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All