ਧਨੇਰ ਦੀ ਸਜ਼ਾ ਮੁਆਫ਼ੀ ਦਾ ਮਾਮਲਾ ਮੁੜ ਮੁੱਖ ਮੰਤਰੀ ਦਰਬਾਰ ਪੁੱਜਾ

ਬਲਵਿੰਦਰ ਜੰਮੂ ਚੰਡੀਗੜ੍ਹ, 15 ਅਕਤੂਬਰ ਸੰਘਰਸ਼ੀ ਆਗੂ ਮਨਧੀਰ ਸਿੰਘ ਧਨੇਰ ਦੀ ਸਜ਼ਾ ਮੁਆਫ਼ੀ ਦਾ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਲੋੜੀਂਦੀ ਜਾਣਕਾਰੀ ਦੇਣ ਤੋਂ ਬਾਅਦ ਹੀ ਹੋ ਸਕੇਗਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਮੁੱਖ ਮੰਤਰੀ ਵੱਲੋਂ ਸਤੰਬਰ ਮਹੀਨੇ ਕਿਸਾਨਾਂ ਦੇ ਵਫ਼ਦ ਨੂੰ ਭਰੋਸਾ ਦਿਵਾਇਆ ਸੀ ਕਿ ਧਨੇਰ ਦਾ ਕੇਸ ਸਜ਼ਾ ਮੁਆਫ਼ੀ ਲਈ ਰਾਜਪਾਲ ਨੂੰ ਭੇਜ ਦਿੱਤਾ ਜਾਵੇਗਾ। ਇਹ ਕੇਸ ਰਾਜਪਾਲ ਨੂੰ ਭੇਜ ਦਿੱਤਾ ਸੀ ਪਰ ਰਾਜਪਾਲ ਨੇ ਸੂਬੇ ਦੇ ਜੇਲ੍ਹ ਵਿਭਾਗ ਕੋਲੋਂ ਕੁਝ ਜਾਣਕਾਰੀ ਮੰਗੀ ਸੀ। ਇਸ ਸਬੰਧ ’ਚ ਸਬੰਧਿਤ ਫਾਈਲ ਜੇਲ੍ਹ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਦਫ਼ਤਰ ਪਹੁੰਚੀ ਤਾਂ ਉਨ੍ਹਾਂ ਫਾਈਲ ਮੁੱਖ ਮੰਤਰੀ ਦਫ਼ਤਰ ਨੂੰ ਭੇਜ ਦਿੱਤੀ ਹੈ। ਇਸ ਮਾਮਲੇ ਵਿੱਚ ਰਾਜਪਾਲ ਵੱਲੋਂ ਮੰਗੀ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਵਲੋਂ ਹੀ ਭੇਜੀ ਜਾਵੇਗੀ ਤੇ ਉਸ ਤੋਂ ਬਾਅਦ ਹੀ ਸਜ਼ਾ ਮੁਆਫ਼ੀ ਦਾ ਫ਼ੈਸਲਾ ਲਿਆ ਜਾਵੇਗਾ। ਸ੍ਰੀ ਧਨੇਰ ਦੀ ਸਜ਼ਾ ਮੁਆਫ਼ੀ ਲਈ ਵੱਖ ਵੱਖ ਕਿਸਾਨ ਅਤੇ ਕਈ ਹੋਰ ਜਥੇਬੰਦੀਆਂ ਨੇ ਬਰਨਾਲਾ ਦੀ ਜੇਲ੍ਹ ਮੂਹਰੇ ਕਈ ਦਿਨਾਂ ਤੋਂ ਧਰਨਾ ਲਾਇਆ ਹੋਇਆ ਹੈ ਅਤੇ ਵੱਖ ਵੱਖ ਧਿਰਾਂ ਦੀ ਹਮਾਇਤ ਮਿਲਣ ਕਰ ਕੇ ਧਰਨਾਕਾਰੀਆਂ ਦਾ ਜੋਸ਼ ਵਧ ਰਿਹਾ ਹੈ। ਧਰਨਾਕਾਰੀਆਂ ਨੂੰ ਉਮੀਦ ਹੈ ਕਿ ਉਹ ਆਪਣੇ ਆਗੂ ਦੀ ਸਜ਼ਾ ਮੁਆਫ਼ ਕਰਵਾ ਕੇ ਹੀ ਦਮ ਲੈਣਗੇ। ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਿਛਲੀ ਸਰਕਾਰ ਨੇ ਦੋਸ਼ੀਆਂ ਦੀ ਸਜ਼ਾ ਮੁਆਫ਼ੀ ਲਈ ਰਾਜਪਾਲ ਨੂੰ ਸਿਫ਼ਾਰਸ਼ ਕੀਤੀ ਸੀ, ਪਰ ਉਸ ਵੇਲੇ ਮਾਮਲਾ ਅਦਾਲਤ ਵਿਚ ਚੱਲ ਰਿਹਾ ਸੀ, ਇਸ ਕਰ ਕੇ ਰਾਜਪਾਲ ਵੱਲੋਂ ਦਿੱਤੀ ਮੁਆਫ਼ੀ ਦਾ ਫ਼ਾਇਦਾ ਨਹੀਂ ਸੀ ਹੋ ਸਕਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All