ਪੋਸਟਰ ਲੱਗਣ ਮਗਰੋਂ ਪ੍ਰਗਟ ਹੋਏ ਵਿਧਾਇਕ ਸਿੱਕੀ

ਪੱਤਰ ਪ੍ਰੇਰਕ ਸ੍ਰੀ ਗੋਇੰਦਵਾਲ ਸਾਹਿਬ, 21 ਮਈ ਕਸਬਾ ਗੋਇੰਦਵਾਲ ਸਾਹਿਬ ਵਿੱਚ ਬੇਅਦਬੀ ਮਾਮਲਿਆਂ ਨੂੰ ਲੈ ਕੇ ਹੋਰਡਿੰਗ ਲੱਗਣ ਮਗਰੋਂ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸੱਚੇ ਸਿੱਖ ਹਨ, ਉਨ੍ਹਾਂ ਦੀ ਕਹਿਣੀ ਅਤੇ ਕਰਨੀ ਇੱਕ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਜਲਦ ਸਜ਼ਾ ਮਿਲੇਗੀ। ਮੁੱਖ ਮੰਤਰੀ ਵੱਲੋਂ ਇਸ ਮਾਮਲੇ ਸਬੰਧੀ ਬਣਾਈ ਗਈ ਸਿਟ ਕਾਨੂੰਨ ਮੁਤਾਬਕ ਕਾਰਵਾਈ ਕਰ ਰਹੀ ਹੈ। ਵਿਧਾਇਕ ਸਿੱਕੀ ਨੇ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਪੂਰਾ ਭਰੋਸਾ ਹੈ ਅਤੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ’ਚ ਉਨ੍ਹਾਂ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਬੇਅਦਬੀ ਦੀਆਂ ਘਟਨਾਵਾਂ ਨੇ ਹਰ ਸਿੱਖ ਦਾ ਹਿਰਦਾ ਵਲੂੰਧਰਿਆ ਸੀ, ਇਸ ’ਤੇ ਟਿੱਪਣੀਆਂ ਕਰਨ ਦੀ ਨਹੀਂ ਬਲਕਿ ਗੰਭੀਰ ਹੋਣ ਦੀ ਲੋੜ ਹੈ। ਕਾਨੂੰਨ ਮੁਤਾਬਿਕ ਕਾਰਵਾਈ ਲਗਾਤਾਰ ਜਾਰੀ ਹੈ ਅਤੇ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਮਾਂ ਆਉਣ ’ਤੇ ਸਜ਼ਾ ਜ਼ਰੂਰ ਮਿਲੇਗੀ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਏ ਫੈਸਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਸ਼ੇ ਦੀ ਸਪਲਾਈ ਲਾਈਨ ਨੂੰ ਤੋੜਨ ਵਿੱਚ ਸਰਕਾਰ ਸਫਲ ਰਹੀ ਹੈ ਅਤੇ ਹੁਣ ਦੂਜਾ ਕੰਮ ਬੇਅਦਬੀ ਦੇ ਮੁਲਜ਼ਮਾਂ ਜੇਲ੍ਹ ਭੇਜਣ ਦਾ ਹੋਵੇਗਾ। ਉਹ ਗੁਰੂ ਦੇ ਨਿਮਾਣੇ ਸਿੱਖ ਹਨ ਅਤੇ ਬੇਅਦਬੀ ਮਾਮਲਿਆਂ ਨੂੰ ਲੈ ਕੇ ਉਨ੍ਹਾਂ ਦੇ ਮਨ ਵਿੱਚ ਵੀ ਰੋਸ ਹੈ। ਸ੍ਰੀ ਸਿੱਕੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਕੈਪਟਨ ਸਰਕਾਰ ’ਤੇ ਪੂਰਾ ਭਰੋਸਾ ਹੈ ਕਿ ਉਹ ਬੇਅਦਬੀ ਮਾਮਲਿਆਂ ਵਿੱਚ ਸ਼ਾਮਲ ਲੋਕਾਂ ਨੂੰ ਜੇਲ੍ਹ ਦਾ ਰਸਤਾ ਜ਼ਰੂਰ ਦਿਖਾਏਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All