ਪ੍ਰਿੰਸੀਪਲ ਦੀ ਕੁੱਟਮਾਰ ਦੀ ਵੀਡੀਓ ਵਾਇਰਲ

ਪ੍ਰਿੰਸੀਪਲ ਦੀ ਕੁੱਟਮਾਰ ਕਰਨ ਦੀ ਵੀਡੀਓ ਦਾ ਕਲਿੱਪ।

ਸ਼ਗਨ ਕਟਾਰੀਆ ਜੈਤੋ, 5 ਦਸੰਬਰ ਪਿੰਡ ਸਰਾਵਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਬੀਰਬਲ ਸਿੰਘ ਦੀ ਪਿੰਡ ਦੇ ਕੁਝ ਵਿਅਕਤੀਆਂ ਵੱਲੋਂ ਕੀਤੀ ਗਈ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ। ਬਾਜਾਖਾਨਾ ਥਾਣੇ ਵਿਚ ਪ੍ਰਿੰਸੀਪਲ ਦੇ ਸ਼ਿਕਾਇਤ ’ਤੇ ਸੱਤ ਜਣਿਆਂ ਖ਼ਿਲਾਫ਼ ਧਾਰਾ 353/186/506 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪ੍ਰਿੰਸੀਪਲ ਅਨੁਸਾਰ ਉਹ ਬੁੱਧਵਾਰ ਨੂੰ ਸਕੂਲ ਦੀ ਚਾਰਦੀਵਾਰੀ ਦੇ ਨਾਲ ਬੂਟਿਆਂ ਦੀ ਸੰਭਾਲ ਲਈ ਕੰਮ ਕਰ ਰਿਹਾ ਸੀ। ਇਸ ਦੌਰਾਨ ਪਿੰਡ ਦੇ ਕੁਝ ਵਿਅਕਤੀਆਂ ਨੇ ਹਮਲਾ ਕਰਕੇ ਉਸ ਦੀ ਕੁੱਟਮਾਰ ਕੀਤੀ ਅਤੇ ਧਮਕੀਆਂ ਦਿੱਤੀਆਂ। ਇਸ ਘਟਨਾ ਕਾਰਨ ਅਧਿਆਪਕ ਵਰਗ ’ਚ ਰੋਸ ਹੈ। ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਵਿੰਦਰ ਸਿੰਘ ਪੂਨੀਆ, ਜਨਰਲ ਸਕੱਤਰ ਜਸਵਿੰਦਰ ਝਬੇਲਵਾਲੀ, ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਹਰਜਿੰਦਰ ਢਿੱਲੋਂ ਤੇ ਸਕੱਤਰ ਮੰਗਤ ਸ਼ਰਮਾ ਨੇ ਇਸ ਮਾਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਆਗੂਆਂ ਨੇ ਇਸ ਨੂੰ ਗੁੰਡਾਗਰਦੀ ਕਰਾਰ ਦਿੰਦਿਆਂ ਸਿੱਖਿਆ ਵਿਭਾਗ ਅਤੇ ਸਥਾਨਕ ਪ੍ਰਸ਼ਾਸਨ ਤੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਆਗੂਆਂ ਨੇ ਕਿਹਾ ਕਿ ਸਮੁੱਚਾ ਅਧਿਆਪਕ ਵਰਗ ਪ੍ਰਿੰਸੀਪਲ ਨਾਲ ਖੜ੍ਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਤਾਂ ਸੰਘਰਸ਼ ਕੀਤਾ ਜਾਵੇਗਾ। ਪੁਲੀਸ ਨੇ ਇਸ ਮਾਮਲੇ ਵਿਚ ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਬਿੰਦਰ ਸਿੰਘ ਅਤੇ ਇਨ੍ਹਾਂ ਤਿੰਨਾਂ ਭਰਾਵਾਂ ਦੇ ਪਿਤਾ ਮੱਖਣ ਸਿੰਘ ਨੂੰ ਨਾਮਜ਼ਦ ਕੀਤਾ ਹੈ।

ਮਹਿਲਾ ਕਮਿਸ਼ਨ ਵੱਲੋਂ ਪ੍ਰਿੰਸੀਪਲ ਨਾਲ ਅਣਮਨੁੱਖੀ ਵਿਹਾਰ ਦਾ ਨੋਟਿਸ

ਜ਼ਿਲ੍ਹਾ ਲੁਧਿਆਣਾ ਦੇ ਪਿੰਡ ਆਲਮਗੀਰ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਮਹਿਲਾ ਪ੍ਰਿੰਸੀਪਲ ਨੂੰ ਲੋਕਾਂ ਦੀ ਭੀੜ ਵੱਲੋਂ ਵਾਲ਼ਾਂ ਤੋਂ ਫੜ ਕੇ ਪਿੰਡ ਵਿਚ ਘੁਮਾਉਣ ਸਬੰਧੀ ‘ਪੰਜਾਬੀ ਟ੍ਰਿਬਿਊਨ’ ਵਿਚ ਅੱਜ ਖ਼ਬਰ ਛਪਣ ਉਪਰੰਤ ਪੰਜਾਬ ਸਟੇਟ ਮਹਿਲਾ ਕਮਿਸ਼ਨ ਨੇ ਨੋਟਿਸ ਲਿਆ ਹੈ। ਮਹਿਲਾ ਕਮਿਸ਼ਨ ਨੇ ਡਾਇਰੈਕਟਰ ਜਨਰਲ ਆਫ਼ ਪੁਲੀਸ ਪੰਜਾਬ ਅਤੇ ਐੱਸਐੱਸਪੀ ਲੁਧਿਆਣਾ ਨੂੰ ਨੋਟਿਸ ਭੇਜ ਕੇ ਘਟਨਾ ਦੀ ਦੋ ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਮਾਮਲੇ ਦੀ ਜਾਂਚ ਕਿਸੇ ਐੱਸਪੀ ਰੈਂਕ ਦੇ ਅਧਿਕਾਰੀ ਕੋਲੋਂ ਕਰਵਾਉਣ ਲਈ ਕਿਹਾ ਗਿਆ ਹੈ। ਐਸ.ਸੀ.ਬੀ.ਸੀ. ਟੀਚਰਜ਼ ਯੂਨੀਅਨ ਪੰਜਾਬ ਦੇ ਸਕੱਤਰ ਜਨਰਲ ਬਚਿੱਤਰ ਸਿੰਘ ਧਾਲੀਵਾਲ ਅਤੇ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਨੇ ਘਟਨਾ ਦੀ ਨਿਰਪੱਖ ਜਾਂਚ ਮੰਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All