ਪੰਜ ਬੇਰੁਜ਼ਗਾਰ ਅਧਿਆਪਕ 79 ਦਿਨਾਂ ਮਗਰੋਂ ਟੈਂਕੀ ਤੋਂ ਉਤਰੇ

ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਅਧਿਆਪਕ।

ਗੁਰਦੀਪ ਸਿੰਘ ਲਾਲੀ ਸੰਗਰੂਰ, 20 ਨਵੰਬਰ ਰੁਜ਼ਗਾਰ ਦੀ ਮੰਗ ਲਈ ਪਾਣੀ ਵਾਲੀ ਟੈਂਕੀ ’ਤੇ ਚੜ੍ਹੇ ਪੰਜ ਈਟੀਟੀ ਬੇਰੁਜ਼ਗਾਰ ਅਧਿਆਪਕ 79 ਦਿਨਾਂ ਮਗਰੋਂ ਅੱਜ ਹੇਠਾਂ ਉਤਰ ਆਏ ਹਨ ਤੇ ਉਨ੍ਹਾਂ ਦੀ ਥਾਂ ਦੋ ਬੇਰੁਜ਼ਗਾਰ ਅਧਿਆਪਕ ਟੈਂਕੀ ਉੱਪਰ ਚੜ੍ਹ ਗਏ ਹਨ। ਟੈੱਟ ਪਾਸ ਈਟੀਟੀ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਠੰਢ ਦੇ ਮੌਸਮ ਦੇ ਬਾਵਜੂਦ ਬੇਰੁਜ਼ਗਾਰ ਅਧਿਆਪਕ ਜਿੱਥੇ 90 ਫੁੱਟ ਉੱਚੀ ਪਾਣੀ ਵਾਲੀ ਟੈਂਕੀ ’ਤੇ ਡਟੇ ਰਹਿਣਗੇ, ਉੱਥੇ ਹੀ ਟੈਂਕੀ ਹੇਠਾਂ ਵੀ ਪੱਕਾ ਮੋਰਚਾ ਜਾਰੀ ਰਹੇਗਾ। ਉਨ੍ਹਾਂ ਆਖਿਆ ਕਿ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰਹੇਗਾ। ਯੂਨੀਅਨ ਵੱਲੋਂ 24 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਹੈ। ਬੀਤੀ 4 ਸਤੰਬਰ ਨੂੰ ਪੰਜ ਬੇਰੁਜ਼ਗਾਰ ਈਟੀਟੀ ਅਧਿਆਪਕ ਜਸਵੀਰ ਕੌਰ ਮਾਨਸਾ, ਗੁਰਪ੍ਰੀਤ ਕੌਰ ਮਾਨਸਾ, ਜਨਕੋ ਰਾਣੀ ਫਾਜ਼ਿਲਕਾ, ਸੁਖਜੀਤ ਸਿੰਘ ਪਟਿਆਲਾ ਅਤੇ ਕੁਲਵੰਤ ਸਿੰਘ ਫਿਰੋਜ਼ਪੁਰ ਇੱਥੇ ਸੁਨਾਮ ਰੋਡ ’ਤੇ ਸਥਿਤ 90 ਫੁੱਟ ਉੱਚੀ ਪਾਣੀ ਵਾਲੀ ਟੈਂਕੀ ’ਤੇ ਚੜ੍ਹੇ ਸਨ ਅਤੇ ਬਾਕੀ ਬੇਰੁਜ਼ਗਾਰ ਅਧਿਆਪਕਾਂ ਨੇ ਟੈਂਕੀ ਹੇਠਾਂ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਸੀ। 79 ਦਿਨਾਂ ਮਗਰੋਂ ਅੱਜ ਇਹ ਬੇਰੁਜ਼ਗਾਰ ਅਧਿਆਪਕ ਟੈਂਕੀ ਤੋਂ ਹੇਠਾਂ ਉਤਰ ਆਏ ਕਿਉਂਕਿ ਉਨ੍ਹਾਂ ਨੇ ਬੀਏ ਦੇ ਇਮਤਿਹਾਨ ਦੇਣੇ ਹਨ। ਇਨ੍ਹਾਂ ਅਧਿਆਪਕਾਂ ਦਾ ਅੱਜ ਸਾਥੀ ਅਧਿਆਪਕਾਂ ਅਤੇ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨੇ ਭਰਵਾਂ ਸਵਾਗਤ ਕੀਤਾ। ਇਨ੍ਹਾਂ ਦੀ ਥਾਂ ਅੱਜ ਬਲਜੀਤ ਫਿਰੋਜ਼ਪੁਰ ਅਤੇ ਮਨੀ ਸੰਗਰੂਰ ਟੈਂਕੀ ’ਤੇ ਚੜ੍ਹੇ ਹਨ, ਜੋ ਮੰਗਾਂ ਦੀ ਪ੍ਰਾਪਤੀ ਤੱਕ ਡਟੇ ਰਹਿਣਗੇ। ਇਸ ਮੌਕੇ ਯੂਨੀਅਨ ਦੇ ਸੂਬਾਈ ਪ੍ਰਧਾਨ ਦੀਪਕ ਕੰਬੋਜ ਅਤੇ ਪ੍ਰੈੱਸ ਸਕੱਤਰ ਦੀਪ ਬਨਾਰਸੀ ਨੇ ਆਖਿਆ ਕਿ ਪੰਜਾਬ ਸਰਕਾਰ ਬੇਰੁਜ਼ਗਾਰਾਂ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ 24 ਨਵੰਬਰ ਨੂੰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ, ਜਿਸ ਵਿਚ ਪੰਜਾਬ ਭਰ ਤੋਂ ਬੇਰੁਜ਼ਗਾਰ ਅਧਿਆਪਕ ਸ਼ਾਮਲ ਹੋਣਗੇ। ਆਗੂਆਂ ਨੇ ਮੰਗ ਕੀਤੀ ਕਿ ਭਰਤੀ ਸਮੇਂ ਬੀ.ਏ. ਯੋਗਤਾ ਦੀ ਲਾਗੂ ਕੀਤੀ ਸ਼ਰਤ ਰੱਦ ਕੀਤੀ ਜਾਵੇ ਅਤੇ ਨਵੀਂ ਭਰਤੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਇਸ ਮੌਕੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਇਕਾਈ ਪ੍ਰਧਾਨ ਮਾਸਟਰ ਪਰਮ ਵੇਦ, ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਆਗੂ ਗੁਰਵਿੰਦਰ ਸਿੰਘ, ਬੇਰੁਜ਼ਗਾਰ ਈਟੀਟੀ ਅਧਿਆਪਕ ਯੂਨੀਅਨ ਆਗੂ ਦੀਪ ਸ਼ਰਮਾ, ਜਰਨੈਲ ਸੰਗਰੂਰ, ਰਾਜ ਕੁਮਾਰ ਮਾਨਸਾ, ਰਵਿੰਦਰ ਅਬੋਹਰ ਤੇ ਨੀਲਮ ਮਾਨਸਾ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All