ਭਾਜਪਾ ਪ੍ਰਧਾਨ ਵੱਲੋਂ ਅਹੁਦੇਦਾਰਾਂ ਤੇ ਵਿੰਗਾਂ ਦੇ ਮੁਖੀਆਂ ਨਾਲ ਮੀਟਿੰਗ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 14 ਫਰਵਰੀ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਇੱਥੇ ਪਾਰਟੀ ਦੇ ਸੂਬਾਈ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਵੱਖ ਵੱਖ ਵਿੰਗਾਂ ਜਿਸ ਵਿੱਚ ਮਹਿਲਾ ਵਿੰਗ, ਕਿਸਾਨ ਵਿੰਗ, ਦਲਿਤ ਵਿੰਗ ਅਤੇ ਯੂਥ ਵਿੰਗ ਦੇ ਪ੍ਰਧਾਨਾਂ ਸਮੇਤ ਹੋਰਨਾਂ ਆਗੂਆਂ ਨਾਲ ਮੀਟਿੰਗ ਕਰਕੇ ਪਾਰਟੀ ਦੀਆਂ ਗਤੀਵਿਧੀਆਂ ਵਧਾਉਣ ਦਾ ਸੱਦਾ ਦਿੱਤਾ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਅੱਧੀ ਤੋਂ ਵੱਧ ਵਸੋਂ ਖੇਤੀ ’ਤੇ ਨਿਰਭਰ ਹੈ। ਇਸ ਲਈ ਪਾਰਟੀ ਦੇ ਕਿਸਾਨ ਵਿੰਗ ਅਤੇ ਹੋਰਨਾਂ ਸੀਨੀਅਰ ਆਗੂਆਂ ਨੂੰ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਇਸ ਸਮੇਂ ਗੰਭੀਰ ਸੰਕਟ ਵਿੱਚੋਂ ਲੰਘ ਰਿਹਾ ਹੈ ਤੇ ਰਾਜ ਸਰਕਾਰ ਕਿਸਾਨਾਂ ਨੂੰ ਮਦਦ ਨਹੀਂ ਦੇ ਰਹੀ, ਪਰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਮਾਲੀ ਮਦਦ ਵੀ ਦਿੱਤੀ ਜਾ ਰਹੀ ਹੈ। ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਦਿਸ਼ਾ ਵਿੱਚ ਫੈਸਲੇ ਲੈਂਦਿਆਂ ਫਸਲਾਂ ਦਾ ਲਾਭਕਾਰੀ ਭਾਅ ਵੀ ਦਿੱਤਾ ਜਾ ਰਿਹਾ ਹੈ। ਪਾਰਟੀ ਆਗੂਆਂ ਵੱਲੋਂ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕੀਤੇ ਜਾਣ ਦੀ ਜ਼ਰੂਰਤ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਤੋਂ ਰਾਜ ਦਾ ਹਰੇਕ ਵਰਗ ਨਿਰਾਸ਼ ਹੈ। ਇਸ ਲਈ ਕਾਂਗਰਸ ਸਰਕਾਰ ਦੀਆਂ ਮਾੜੀਆਂ ਅਤੇ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਬਾਰੇ ਵੀ ਲੋਕਾਂ ਨੂੰ ਦੱਸਿਆ ਜਾਵੇ। ਉਨ੍ਹਾਂ ਮਹਿਲਾ ਵਿੰਗ ਨੂੰ ਸਰਗਰਮੀ ਨਾਲ ਕੰਮ ਕਰਨਾ ਦਾ ਸੱਦਾ ਦਿੰਦਿਆਂ ਕਿਹਾ ਕਿ ਮਹਿਲਾ ਵਿੰਗ ਦੀਆਂ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਹਰ ਘਰ ਤੱਕ ਪਹੁੰਚ ਕਰਨ ਦੀ ਲੋੜ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All