ਸਾਹਿਬਜ਼ਾਦਿਆਂ ਦੇ ਜਨਮ ਦਿਹਾੜੇ ਸਬੰਧੀ ਸਮਾਗਮ

ਬੀ. ਐੱਸ. ਚਾਨਾ ਸ੍ਰੀ ਆਨੰਦਪੁਰ ਸਾਹਿਬ, 8 ਦਸੰਬਰ ਤਖ਼ਤ ਕੇਸਗੜ੍ਹ ਸਾਹਿਬ ਦੀ ਛਤਰ-ਛਾਇਆ ਹੇਠ ਸਾਹਿਬ-ਏ-ਕਮਾਲ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਦੇ ਚਾਰ ਸਾਹਿਬਜ਼ਾਦਿਆਂ ਦਾ ਜਨਮ ਦਿਹਾੜਾ ਮਾਹਿਲਪੁਰ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਿਆਰ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮਹਾਨ ਗੁਰਮਤਿ ਸਮਾਗਮ ਵਿੱਚ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸਾਨੂੰ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ, ਗੁਰੂ ਵਾਲੇ ਬਣ ਕੇ, ਬਾਣੀ ਅਤੇ ਬਾਣੇ ਦੇ ਧਾਰਨੀ ਹੋਣਾ ਚਾਹੀਦਾ ਹੈ। ਇਸ ਮੌਕੇ ਪੰਥ ਦੇ ਮਹਾਨ ਵਿਦਵਾਨ ਭਾਈ ਧਰਮਵੀਰ ਸਿੰਘ ਅਤੇ ਭਾਈ ਸਰਬਜੀਤ ਸਿੰਘ ਕਥਾਵਾਚਕ ਲੁਧਿਆਣੇ ਵਾਲਿਆਂ ਨੇ ਸਾਹਿਬਜ਼ਾਦਿਆਂ ਦੇ ਜੀਵਨ ਬਾਰੇ ਚਾਨਣਾ ਪਾਇਆ ਅਤੇ ਕਿਹਾ ਕਿ ਖਾਲਸਾ ਪੰਥ ਦਾ ਇਤਿਹਾਸ ਬਹੁਤ ਹੀ ਗੌਰਵਮਈ ਅਤੇ ਅਣਮੁੱਲਾ ਹੈ। ਇਸ ਮੌਕੇ ਭਾਈ ਜਗਤਾਰ ਸਿੰਘ, ਭਾਈ ਅੰਮ੍ਰਿਤਵੀਰ ਸਿੰਘ ਤੇ ਭਾਈ ਪ੍ਰਤਾਪ ਸਿੰਘ ਦੇ ਹਜ਼ੂਰੀ ਰਾਗੀ ਜਥੇ ਤਖ਼ਤ ਕੇਸਗੜ੍ਹ ਸਾਹਿਬ, ਭਾਈ ਜੀਵਨ ਸਿੰਘ ਲੁਧਿਆਣੇ ਵਾਲੇ ਰਾਗੀ ਜਥੇ ਨੇ ਗੁਰਬਾਣੀ ਦੇ ਇਲਾਹੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਟੇਜ ਦੀ ਸੇਵਾ ਐਡਵੋਕੇਟ ਹਰਦੇਵ ਸਿੰਘ ਸੂਚਨਾ ਅਫ਼ਸਰ ਤਖ਼ਤ ਕੇਸਗੜ੍ਹ ਸਾਹਿਬ ਨੇ ਨਿਭਾਈ। ਪ੍ਰਬੰਧਕਾਂ ਨੇ ਮਾਹਿਲਪੁਰ ਅਤੇ ਇਲਾਕੇ ਦੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤਖ਼ਤ ਕੇਸਗੜ੍ਹ ਸਾਹਿਬ ਦੇ ਹੈੱਡਗ੍ਰੰਥੀ ਗਿਆਨੀ ਫੂਲਾ ਸਿੰਘ, ਮੀਤ ਮੈਨੇਜਰ ਮਲਕੀਤ ਸਿੰਘ, ਸੁਖਵਿੰਦਰ ਸਿੰਘ ਵੀਰ ਐਂਟਰਪ੍ਰਾਈਸਿਜ਼, ਮੇਹਰ ਸਿੰਘ, ਇਕਬਾਲ ਸਿੰਘ ਖੇੜਾ, ਪ੍ਰੋ. ਉਪਿੰਦਰਜੀਤ ਸਿੰਘ ਤੇ ਸੁਖਵਿੰਦਰਪਾਲ ਸਿੰਘ ਹਾਜ਼ਰ ਸਨ।

ਗੁਰਮਤਿ ਪ੍ਰਚਾਰ ਲਹਿਰ ਤਹਿਤ ਸਮਾਗਮ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਪ੍ਰਚਾਰ ਲਹਿਰ ਅਧੀਨ ਦੋਆਬਾ ਜ਼ੋਨ ਦਾ 93ਵਾਂ ਹਫ਼ਤਾਵਾਰੀ ਸਮਾਗਮ ਤਖ਼ਤ ਕੇਸਗੜ੍ਹ ਸਾਹਿਬ ਵਿਚ ਹੋਇਆ। ਭਾਈ ਸਤਨਾਮ ਸਿੰਘ ਅੱਬੂਵਾਲ ਦੇ ਢਾਡੀ ਜਥੇ ਅਤੇ ਭਾਈ ਜਸਬੀਰ ਸਿੰਘ ਮੋਹੇਲਕੇ ਦੇ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਗੁਰ-ਇਤਿਹਾਸ ਸਰਵਣ ਕਰਵਾਇਆ। ਭਾਈ ਜਸਪਾਲ ਸਿੰਘ ਦਬੁਰਜੀ ਪ੍ਰਚਾਰਕ ਵੱਲੋਂ ਸਟੇਜ ਦੀ ਸੇਵਾ ਨਿਭਾਈ ਗਈ। ਦੋਆਬਾ ਜ਼ੋਨ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੇ ਦੱਸਿਆ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਅਤੇ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਕੇਸਗੜ੍ਹ ਸਾਹਿਬ ਦੇ ਨਿਰਦੇਸ਼ ਹੇਠ ਕਰਵਾਏ ਹਫਤਾਵਾਰੀ ਸਮਾਗਮਾਂ ਤੋਂ ਪਹਿਲਾਂ ਪ੍ਰਚਾਰਕਾਂ, ਢਾਡੀਆਂ ਅਤੇ ਕਵੀਸ਼ਰਾਂ ਵੱਲੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਵੱਲੋਂ ਉਲੀਕੇ ਪ੍ਰੋਗਰਾਮਾਂ ਤਹਿਤ ਪ੍ਰਚਾਰ-ਪ੍ਰਸਾਰ ਕੀਤਾ ਜਾਂਦਾ ਹੈ। ਉੁਨ੍ਹਾਂ ਦੱਸਿਆ ਕਿ ਅੱਜ ਹੋਏ ਅੰਮ੍ਰਿਤ ਸੰਚਾਰ ਮੌਕੇ 81 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਹਲਕਾ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਤੇ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਸਮਾਗਮਾਂ ਦੀ ਸਫ਼ਲਤਾ ਲਈ ਸੰਗਤ ਦਾ ਧੰਨਵਾਦ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All