
ਦਰਸ਼ਨ ਸਿੰਘ ਸੋਢੀ
ਮੁਹਾਲੀ, 22 ਜੂਨ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਵਰ੍ਹੇ ਮਾਰਚ 2012 ਵਿੱਚ ਲਈ ਗਈ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਵਿੱਚ ਸਰਕਾਰੀ ਸਕੂਲਾਂ ਦੇ ਆਏ ਨਿਰਾਸ਼ਾਜਨਕ ਨਤੀਜਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਮਾੜੇ ਨਤੀਜੇ ਦੇਣ ਵਾਲੇ ਸਕੂਲਾਂ ਦੇ ਮੁਖੀਆਂ ਅਤੇ ਸਬੰਧਤ ਵਿਸ਼ਿਆਂ ਦੇ ਅਧਿਆਪਕਾਂ ਦੀ ਜਵਾਬ ਤਲਬੀ ਦੇ ਆਦੇਸ਼ ਜਾਰੀ ਕੀਤੇ ਹਨ। ਸਿੱਖਿਆ ਮੰਤਰੀ ਵੱਲੋਂ ਜਾਰੀ ਹੁਕਮਾਂ ਕਾਰਨ ਅਧਿਆਪਕਾਂ ਦੀ ਨੀਂਦ ਉੱਡ ਗਈ ਹੈ।
ਜ਼ਿਕਰਯੋਗ ਹੈ ਕਿ ‘ਪੰਜਾਬੀ ਟ੍ਰਿਬਿਊਨ’ ਵੱਲੋਂ 22 ਜੂਨ ਦੇ ਅੰਕ ’ਚ ਸਰਕਾਰੀ ਸਕੂਲਾਂ ਦੇ ਮਾੜੇ ਨਤੀਜਿਆਂ ਬਾਰੇ ਰਿਪੋਰਟ ਪ੍ਰਕਾਸ਼ਿਤ ਕੀਤੀ ਗਈ ਹੈ। ਇਸ ’ਤੇ ਸਿੱਖਿਆ ਮੰਤਰੀ ਵੱਲੋਂ ਨਤੀਜਿਆਂ ਸਬੰਧੀ ਅਧਿਆਪਕਾਂ ਦੀ ਜ਼ਿੰਮੇਵਾਰੀ ਤੈਅ ਕਰਨ ਦਾ ਫੈਸਲਾ ਲਿਆ ਗਿਆ ਹੈ। ਦੱਸਣਯੋਗ ਹੈ ਕਿ ਰਾਜਧਾਨੀ ਚੰਡੀਗੜ੍ਹ ਨਾਲ ਵਸਦੇ ਜ਼ਿਲ੍ਹਾ ਮੁਹਾਲੀ ਦੇ ਸਰਕਾਰੀ ਸਕੂਲਾਂ ਵਿੱਚ ਹੋਰ ਜ਼ਿਲ੍ਹਿਆਂ ਦੇ ਮੁਕਾਬਲੇ ਵੱਧ ਸਹੂਲਤਾਂ ਹਨ ਅਤੇ ਅਧਿਆਪਕਾਂ ਦੀ ਗਿਣਤੀ ਦੇ ਮਾਮਲੇ ਵਿੱਚ ਵੀ ਮੁਹਾਲੀ ਮੋਹਰੀ ਜ਼ਿਲ੍ਹਾ ਹੈ। ਇਸ ਦੇ ਬਾਵਜੂਦ ਜ਼ਿਲ੍ਹੇ ਵਿੱਚ ਸਰਕਾਰੀ ਸਕੂਲਾਂ ਦੇ ਮਾੜੇ ਨਤੀਜੇ ਆਏ ਹਨ। ਉਧਰ ਵਿਦਿਆਰਥੀਆਂ ਦੇ ਮਾਪਿਆਂ ਨੇ ਸਿੱਖਿਆ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਮੁਹਾਲੀ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਜ਼ਿਆਦਾਤਰ ਅਧਿਆਪਕ ਸਿਫਾਰਸ਼ੀ ਹਨ ਤੇ ਜ਼ਰੂਰਤ ਤੋਂ ਵੱਧ ਹਨ। ਸਿਆਸੀ ਪਹੁੰਚ ਹੋਣ ਕਾਰਨ ਉਨ੍ਹਾਂ ਖ਼ਿਲਾਫ਼ ਕਦੇ ਕੋਈ ਵਿਭਾਗੀ ਕਾਰਵਾਈ ਨਹੀਂ ਕੀਤੀ ਗਈ।
ਸ੍ਰੀ ਮਲੂਕਾ ਨੇ ਮੁਹਾਲੀ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਮਾੜੇ ਨਤੀਜਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਦੀ ਮਾੜੀ ਕਾਰਗੁਜ਼ਾਰੀ ਬਦਲੇ ਉਨ੍ਹਾਂ ਦੀ ਜਵਾਬ ਤਲਬੀ ਦਾ ਫੈਸਲਾ ਲਿਆ ਹੈ। ਸ੍ਰੀ ਮਲੂਕਾ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਨੂੰ ਹੁਕਮ ਜਾਰੀ ਕੀਤੇ ਹਨ ਕਿ ਸਬੰਧਤ ਸਕੂਲ ਮੁਖੀਆਂ ਤੇ ਅਧਿਆਪਕਾਂ ਦੀ ਜਵਾਬ ਤਲਬੀ ਕਰਕੇ ਅਗਲੇ 15 ਦਿਨਾਂ ਦੇ ਅੰਦਰ ਪੜਤਾਲੀਆ ਰਿਪੋਰਟ, ਟਿੱਪਣੀਆਂ ਸਮੇਤ ਸੌਂਪੀ ਜਾਵੇ। ਜੇਕਰ ਕਿਸੇ ਸਕੂਲ ਦਾ ਸਮੁੱਚਾ ਨਤੀਜਾ ਠੀਕ ਹੈ ਪਰ ਕੁਝ ਵਿਸ਼ਿਆਂ ਵਿੱਚ ਮਾੜੀ ਕਾਰਗੁਜ਼ਾਰੀ ਹੈ ਤਾਂ ਸਬੰਧਤ ਅਧਿਆਪਕਾਂ ਦੀ ਲਾਜ਼ਮੀ ਜਵਾਬ ਤਲਬੀ ਕੀਤੀ ਜਾਵੇ। ਸ੍ਰੀ ਮਲੂਕਾ ਨੇ ਸਪੱਸ਼ਟ ਕੀਤਾ ਕਿ ਜੇਕਰ ਸਿੱਖਿਆ ਅਧਿਕਾਰੀ ਵੱਲੋਂ ਮਾੜੇ ਨਤੀਜੇ ਦੇਣ ਵਾਲੇ ਅਧਿਆਪਕਾਂ ਨਾਲ ਹਮਦਰਦੀ ਰੱਖਦੇ ਹੋਏ ਗੁੰਮਰਾਹਕੁੰਨ ਰਿਪੋਰਟ ਪੇਸ਼ ਕੀਤੀ ਗਈ ਤਾਂ ਸਬੰਧਤ ਅਧਿਕਾਰੀ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।
ਸਿੱਖਿਆ ਮੰਤਰੀ ਨੇ ਸਰਕਾਰੀ ਸਕੂਲਾਂ ’ਚ ਮਿਆਰੀ ਸਿੱਖਿਆ ਯਕੀਨੀ ਬਣਾਉਣ ਸਬੰਧੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਮਾੜੀ ਕਾਰਗੁਜ਼ਾਰੀ ਦੇਣ ਵਾਲੇ ਗੈਰਸੰਜੀਦਾ ਅਧਿਆਪਕਾਂ ਲਈ ਸਿੱਖਿਆ ਵਿਭਾਗ ਵਿੱਚ ਕੋਈ ਥਾਂ ਨਹੀਂ ਹੈ ਅਤੇ ਅਧਿਆਪਨ ਕਾਰਜਾਂ ਵਿੱਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਸਿੱਖਿਆ ਬੋਰਡ ਵੱਲੋਂ ਹਾਲ ਹੀ ਵਿੱਚ ਐਲਾਨੇ ਦਸਵੀਂ ਅਤੇ ਬਾਰ੍ਹਵੀਂ ਦੇ ਨਤੀਜਿਆਂ ਦੀ ਪਾਸ ਪ੍ਰਤੀਸ਼ਤਤਾ ਦੇ ਮਾਮਲੇ ਵਿੱਚ ਮੁਹਾਲੀ ਜ਼ਿਲ੍ਹਾ ਫਾਡੀ ਰਿਹਾ ਹੈ। ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ, ਛੱਤ ਦੀ ਪਾਸ ਪ੍ਰਤੀਸ਼ਤਤਾ 2.6 ਫੀਸਦ ਹੈ। ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਦੀ ਪਾਸ ਪ੍ਰਤੀਸ਼ਤਾ 4.7 ਫੀਸਦ ਬਣਦੀ ਹੈ। ਦੂਜੇ ਪਾਸੇ ਅਧਿਆਪਕਾਂ ਦੀ ਘਾਟ ਝੱਲ ਰਹੇ ਪੰਜਾਬ ਦੇ ਸਰਹੱਦੀ ਖੇਤਰ ਦੇ ਜ਼ਿਲ੍ਹਾ ਤਰਨ ਤਾਰਨ ਦੀ ਪਾਸ ਪ੍ਰਤੀਸ਼ਤਤਾ ਸਭ ਤੋਂ ਵੱਧ 91.49 ਫੀਸਦ ਹੈ, ਗੁਰਦਾਸਪੁਰ ਦੀ ਪਾਸ ਪ੍ਰਤੀਸ਼ਤਤਾ 88.73 ਫੀਸਦ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੀ ਪਾਸ ਪ੍ਰਤੀਸ਼ਤਤਾ 88.73 ਫੀਸਦ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ