ਹਰਿਆਣਾ ਗੁਰਦੁਆਰਾ ਕਮੇਟੀ: ਅਕਾਲੀ ਦਲ-ਭਾਜਪਾ ਵਫ਼ਦ ਨੇ ਰਾਜਪਾਲ ਦਾ ਦਖ਼ਲ ਮੰਗਿਆ

ਰਾਜਪਾਲ ਨੂੰ ਮੰਗ ਪੱਤਰ ਦੇ ਕੇ ਬਾਹਰ ਆਉਂਦੇ ਹੋਏ ਅਕਾਲੀ ਦਲ ਦੇ ਆਗੂ। ਫੋਟੋ: ਮਨੋਜ ਮਹਾਜਨ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 14 ਫਰਵਰੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ-ਭਾਜਪਾ ਦੇ ਵਫ਼ਦ ਨੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਮੰਗ ਪੱਤਰ ਦੇ ਕੇ ਕੈਪਟਨ ਸਰਕਾਰ ਵੱਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਕਮੇਟੀ ਲਈ ਸੁਪਰੀਮ ਕੋਰਟ ਵਿੱਚ ਦਾਇਰ ਕੀਤੇ ਹਲਫ਼ੀਆ ਬਿਆਨ ਨੂੰ ਵਾਪਸ ਕਰਾਉਣ ਦੀ ਮੰਗ ਕੀਤੀ ਹੈ। ਵਫ਼ਦ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਹੋਰਨਾਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚ ਰਹੇ ਹਨ। ਰਾਜਪਾਲ ਨਾਲ ਮੁਲਾਕਾਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਦੱਸਿਆ ਕਿ ਦੋਹਾਂ ਪਾਰਟੀਆਂ ਦੇ ਵਫਦ ਨੇ ਰਾਜਪਾਲ ਨੂੰ ਬੇਨਤੀ ਕੀਤੀ ਕਿ ਉਹ ਸੂਬਾ ਸਰਕਾਰ ਨੂੰ ਸੁਪਰੀਮ ਕੋਰਟ ਵਿਚ ਦਿੱਤਾ ਉਹ ਹਲਫੀਆ ਬਿਆਨ ਤੁਰੰਤ ਵਾਪਸ ਲੈਣ ਦਾ ਨਿਰਦੇਸ਼ ਦੇਣ, ਜੋ ਹਰਿਆਣਾ ਸਰਕਾਰ ਦੀ ਹਮਾਇਤ ਕਰਦਾ ਹੈ ਕਿ ਹਰਿਆਣਾ ਸਰਕਾਰ ਕੋਲ ਸਿੱਖ ਗੁਰਦੁਆਰਾ ਐਕਟ 1925 ਵਿਚ ਸੋਧ ਕਰਕੇ ਕਾਨੂੰਨ ਬਣਾਉਣ ਦੀ ਸ਼ਕਤੀ ਹੈ। ਇਸ ਵਫ਼ਦ ਨੇ ਕਾਂਗਰਸ ਸਰਕਾਰ ਵੱਲੋਂ ਸਿੱਖ ਕੌਮ ਅਤੇ ਸਿੱਖ ਗੁਰਦੁਆਰਿਆਂ ਦੀ ਸੇਵਾ ਸੰਭਾਲ ਕਰਨ ਵਾਲੀ ਸੰਸਥਾ ਦੇ ਹਿੱਤਾਂ ਨਾਲ ਖਿਲਵਾੜ ਕਰਨ ਲਈ ਰਚੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਇੱਕ ਉੱਚ-ਪੱਧਰੀ ਨਿਆਂਇਕ ਜਾਂਚ ਕਰਵਾਉਣ ਦੀ ਵੀ ਮੰਗ ਕੀਤੀ। ਸਾਂਝੇ ਵਫ਼ਦ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਨੂੰ ਨਿਰਦੇਸ਼ ਦੇਣ ਕਿ ਉਹ ਬਹਿਬਲ ਕਲਾਂ ਦੇ ਮੁੱਖ ਗਵਾਹ ਸਾਬਕਾ ਸਰਪੰਚ ਸੁਰਜੀਤ ਸਿੰਘ ਨੂੰ ਮੌਤ ਦੇ ਮੂੰਹ ਵਿਚ ਧੱਕਣ ਲਈ ਗੁਰਪ੍ਰੀਤ ਸਿੰਘ ਕਾਂਗੜ, ਕੁਸ਼ਲਦੀਪ ਸਿੰਘ ਢਿੱਲੋਂ ਅਤੇ ਮਨਜਿੰਦਰ ਸਿੰਘ ਢਿੱਲੋਂ ਖ਼ਿਲਾਫ ਅਪਰਾਧਕ ਕੇਸ ਦਰਜ ਕਰਨ। ਇਸ ਦੇ ਨਾਲ ਹੀ ਵਫ਼ਦ ਨੇ ਕਾਂਗੜ ਅਤੇ ਢਿੱਲੋਂ ਨੂੰ ਕ੍ਰਮਵਾਰ ਮੰਤਰੀ ਮੰਡਲ ਅਤੇ ਮੁੱਖ ਮੰਤਰੀ ਦੇ ਸਲਾਹਕਾਰ ਦੇ ਅਹੁਦੇ ਤੋਂ ਹਟਾਉਣ ਦੀ ਵੀ ਮੰਗ ਕੀਤੀ। ਸ੍ਰੀ ਬਾਦਲ ਨੇ ਕਿਹਾ ਕਿ ਬਹਿਬਲ ਕਲਾਂ ਗੋਲੀਬਾਰੀ ਘਟਨਾ ਦੇ ਮੁੱਖ ਗਵਾਹ ਨੂੰ ਕਾਂਗਰਸੀ ਆਗੂਆਂ ਦੇ ਇਸ਼ਾਰੇ ਉੱਤੇ ਮਾਨਸਿਕ ਪ੍ਰੇਸ਼ਾਨ ਅਤੇ ਜ਼ਲੀਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗੜ ਅਤੇ ਢਿੱਲੋਂ ਨੇ ਸੁਰਜੀਤ ਸਿੰਘ ਨੂੰ ਦੋਸ਼ੀਆਂ ਵਿਰੁੱਧ ਗਵਾਹੀ ਦੇਣ ਤੋਂ ਰੋਕਣ ਲਈ ਹਰ ਹੱਥਕੰਡਾ ਵਰਤਿਆ, ਜਿਸ ਵਿਚ ਪਾਵਰਕੌਮ ਵਿਭਾਗ ਦੇ ਅਧਿਕਾਰੀਆਂ ਜ਼ਰੀਏ ਪੀੜਤ ਨੂੰ ਭਾਰੀ ਜੁਰਮਾਨਾ ਕਰਵਾਉਣਾ ਅਤੇ ਔਰਤਾਂ ਸਮੇਤ ਉਸ ਦੇ ਪਰਿਵਾਰਕ ਮੈਂਬਰਾਂ ਦਾ ਨਿਰਾਦਰ ਕਰਨਾ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਇਹ ਸਨਸਨੀਖੇਜ਼ ਖੁਲਾਸੇ ਪੀੜਤ ਦੀ ਵਿਧਵਾ ਅਤੇ ਬੇਟੇ ਵੱਲੋਂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿਇਹ ਕੇਸ ਸੁਤੰਤਰ ਜਾਂਚ ਲਈ ਸੀਬੀਆਈ ਦੇ ਹਵਾਲੇ ਕੀਤਾ ਜਾਣਾ ਚਾਹੀਦਾ ਹੈ। ਵਫ਼ਦ ਨੇ ਸੁਰਜੀਤ ਸਿੰਘ ਦੇ ਪਰਿਵਾਰ ਅਤੇ ਬੇਅਦਬੀ ਕੇਸਾਂ ਦੇ ਸਾਰੇ ਗਵਾਹਾਂ ਲਈ ਮੁਕੰਮਲ ਸੁਰੱਖਿਆ ਦਾ ਇੰਤਜ਼ਾਮ ਕਰਨ ਦੀ ਵੀ ਮੰਗ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All