ਹੋਲਾ-ਮਹੱਲਾ ਸਮਾਗਮਾਂ ਵਿੱਚ ਸ਼ਾਮਲ ਵਿਅਕਤੀ ਸਿਹਤ ਦੀ ਜਾਂਚ ਕਰਵਾਉਣ

ਬਹਾਦਰਜੀਤ ਸਿੰਘ ਰੂਪਨਗਰ, 24 ਮਾਰਚ ਇਥੋਂ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਅਪੀਲ ਕੀਤੀ ਹੈ ਕਿ ਜੋ ਵਿਅਕਤੀ ਸ੍ਰੀ ਆਨੰਦਪੁਰ ਸਾਹਿਬ ਦੇ ਹੋਲਾ ਮਹੱਲਾ ਸਮਾਗਮ ਵਿੱਚ ਗਏ ਸਨ ਅਤੇ ਉਨ੍ਹਾਂ ਨੂੰ ਖਾਂਸੀ ਬੁਖਾਰ ਜਾਂ ਕਰੋਨਾਵਾਇਰਸ ਸਬੰਧੀ ਕੋਈ ਲੱਛਣ ਹੈ ਤਾਂ ਤੁਰੰਤ ਸਿਹਤ ਕੇਂਦਰਾਂ ਅਤੇ ਹਸਪਤਾਲਾਂ ਵਿੱਚ ਜਾ ਕੇ ਜਾਂਚ ਕਰਾਉਣ। ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਇਸ ਲਈ ਵੀ ਜ਼ਰੂਰੀ ਹੈ ਕਿ ਪਿਛਲੇ ਦਿਨੀਂ 7 ਤੋਂ 10 ਮਾਰਚ ਤੱਕ ਜੋ ਵਿਅਕਤੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ-ਮਹੱਲੇ ਸਮਾਗਮਾਂ ਅਤੇ ਲੰਗਰ ਜਾਂ ਕੀਰਤਨ ਵਿੱਚ ਸ਼ਾਮਲ ਹੋਏ ਸਨ ਉਨ੍ਹਾਂ ਵਿੱਚੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਕੁੱਝ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰੋਨਾਵਾਇਰਸ ਦੇ ਮੱਦੇਨਜ਼ਰ ਬਚਾਅ ਲਈ ਅਜਿਹੇ ਵੇਲੇ ਸਭ ਦਾ ਨੈਤਿਕ ਫਰਜ਼ ਬਣਦਾ ਹੈ ਕਿ ਮਨੁੱਖਤਾ ਦੇ ਭਲੇ ਲਈ ਖੁਦ ਆਪਣੇ, ਪਰਿਵਾਰਕ ਮੈਂਬਰਾਂ ਅਤੇ ਆਲੇ-ਦੁਆਲੇ ਵੱਸਦੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਤਰਜੀਹ ਦੇਣ ਅਤੇ ਉਹ ਡਿਪਟੀ ਕਮਿਸ਼ਨਰ ਦਫਤਰ ਰੂਪਨਗਰ ਦੇ ਹੈਲਪਲਾਈਨ ਨੰਬਰ 01881-221157, ਸਿਵਲ ਸਰਜਨ ਰੂਪਨਗਰ ਦੇ ਹੈਲਪਲਾਈਨ ਨੰਬਰ 01881-227241 ਅਤੇ 100 ਨੰਬਰ ’ਤੇ ਸੂਚਿਤ ਕਰਨ ਤਾਂ ਕਿ ਲੋੜੀਂਦਾ ਮੈਡੀਕਲ ਚੈਕਅੱਪ ਕਰਵਾ ਕੇ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰੋਨਾਵਾਇਰਸ ਦੇ ਖਤਰੇ ਦੇ ਮੱਦੇਨਜ਼ਰ ਸਖਤੀ ਨਾਲ ਕਰਫਿਊ ਲਾਗੂ ਹੋ ਚੁੱਕਾ ਹੈ। ਇਸ ਲਈ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਕੋਈ ਵੀ ਵਿਅਕਤੀ ਆਪਣੇ ਘਰ ਤੋਂ ਬਾਹਰ ਨਾ ਨਿਕਲੇ। ਪੁਲੀਸ ਵਿਭਾਗ ਨੂੰ ਸਖਤ ਨਿਰਦੇਸ਼ ਦਿੱਤੇ ਗਏ ਹਨ ਕਿ ਜੇ ਕੋਈ ਵੀ ਵਿਅਕਤੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਪਰਚਾ ਦਰਜ ਕਰ ਕੇ ਸਖਤ ਕਾਰਵਾਈ ਕੀਤੀ ਜਾਵੇ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All