ਮਨੋਜ ਸ਼ਰਮਾ
ਬਠਿੰਡਾ, 27 ਸਤੰਬਰ
ਇਥੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਵਿੱਚ ਦਿਨ ਰਾਤ ਦਾ ਪੱਕਾ ਮੋਰਚਾ ਏਡੀਸੀ ਵਿਕਾਸ ਬਠਿੰਡਾ ਦੇ ਦਫ਼ਤਰ ਅੱਗੇ ਜਾਰੀ ਹੈ, ਜੋ ਕਿ ਅੱਜ 35ਵੇਂ ਦਿਨ ਵਿੱਚ ਸ਼ਾਮਲ ਹੋ ਗਿਆ ਹੈ ਅਤੇ ਇਹ ਧਰਨਾ ਉਦੋਂ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਹੋਇਆ ਹੈ ਜਦੋਂ ਤੱਕ ਪ੍ਰਸ਼ਾਸਨ ਨਾਲ ਸਬੰਧਤ ਮਸਲਿਆਂ ’ਤੇ ਗਲਬਾਤ ਹੋ ਕੇ ਹੱਲ ਨਹੀਂ ਹੋਵੇਗਾ। ਅੱਜ ਦੇ ਧਰਨੇ ਦੌਰਾਨ ਪੁੱਜੇ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਸਕੱਤਰ ਹਰਵਿੰਦਰ ਸਿੰਘ ਸੇਮਾ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਅੱਜ ਦੇ ਧਰਨੇ ਦੌਰਾਨ ਸੀਪੀਆਈਐੱਮਐੱਲ ਲਬਿਰੇਸ਼ਨ ਦੇ ਕੇਂਦਰੀ ਕਮੇਟੀ ਮੈਂਬਰ ਤੇ ਪੰਜਾਬ ਦੇ ਇੰਚਾਰਜ ਪ੍ਰਸ਼ੋਤਮ ਕੁਮਾਰ, ਸੂਬਾ ਸਕੱਤਰ ਰਾਜਵਿੰਦਰ ਸਿੰਘ ਰਾਣਾ ਅਤੇ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ ਨੇ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੇ ਸਾਰੇ ਦਾਵੇ ਖੋਖਲੇ ਹੋ ਗਏ ਹਨ ਇਸ ਕਰ ਕੇ ਹਰ ਵਰਗ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਇਸ ਮੌਕੇ ਹਰਵਿੰਦਰ ਸਿੰਘ ਨੇ ਕਿਹਾ ਕਿ 35ਵੇਂ ਦਿਨ ਵੀ ਪ੍ਰਸ਼ਾਸਨ ਵੱਲੋਂ ਕੋਈ ਵੀ ਹੱਲ ਨਹੀਂ ਕੀਤਾ ਇਸ ਲਈ 7 ਅਕਤੂਬਰ ਨੂੰ ਵਡਾ ਇੱਕਠ ਕਰਕੇ ਤਿੱਖਾ ਐਕਸ਼ਨ ਕੀਤਾ ਜਾਵੇਗਾ।