ਨਿਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 16 ਅਗਸਤ
ਸੁਤੰਤਰਤਾ ਦਿਵਸ ਮੌਕੇ ’ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਭਾਗਸਰ ’ਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਲੰਬੀ ਹਲਕੇ ਦੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਤੇ ਸਿਵਲ ਸਰਜਨ ਡਾ. ਰੰਜੂ ਸਿੰਗਲਾ ਵੀ ਹਾਜ਼ਰ ਸਨ। ਇਸ ਮੌਕੇ ਖੁੱਡੀਆਂ ਨੇ ਲੋਕਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਜਾ ਰਹੇ ਆਮ ਆਦਮੀ ਕਲੀਨਿਕ ਇੱਕ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੇ ਖੁੱਲ੍ਹਣ ਨਾਲ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮਿਲਣਗੀਆਂ ਤੇ ਲੋਕਾਂ ਨੂੰ ਇਲਾਜ ਕਰਵਾਉਣ ਲਈ ਦੂਰ ਦੁਰਾਡੇ ਇਲਾਕਿਆਂ ’ਚ ਜਾਣ ਦੀ ਲੋੜ ਨਹੀਂ ਪਵੇਗੀ ਤੇ ਉਨ੍ਹਾਂ ਦੇ ਮੁੱਢਲਾ ਇਲਾਜ ਇਨ੍ਹਾਂ ਕਲੀਨਿਕਾਂ ’ਚ ਹੀ ਕੀਤਾ ਜਾਵੇਗਾ।
ਬਠਿੰਡਾ (ਨਿੱਜੀ ਪੱਤਰ ਪ੍ਰੇਰਕ) ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇੱਥੇ ਊਧਮ ਸਿੰਘ ਨਗਰ ਵਿੱਚ ‘ਆਮ ਆਦਮੀ ਕਲੀਨਕ’ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਵੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਆਮ ਆਦਮੀ ਕਲੀਨਕ’ ਆਮ ਲੋਕਾਂ ਨੂੰ ਉਨ੍ਹਾਂ ਦੇ ਦਰਾਂ ਨੇੜੇ ਮੁੱਢਲੀਆਂ ਸਿਹਤ ਸੇਵਾਵਾਂ ਦੇਣ ਲਈ ਸਹਾਈ ਸਿੱਧ ਹੋਣਗੇ।
ਇਸੇ ਦੌਰਾਨ ਬਠਿੰਡਾ (ਸ਼ਹਿਰੀ) ਹਲਕੇ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਵੱਲੋਂ ਖੇਤਾ ਸਿੰਘ ਬਸਤੀ ਵਿੱਚ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਕੀਤਾ ਗਿਆ। ਸ੍ਰੀ ਗਿੱਲ ਨੇ ਕਿਹਾ ਕਿ ਅੱਜ ਆਜ਼ਾਦੀ ਦੇ ਇਸ ਮਹਾਨ ਦਿਹਾੜੇ ’ਤੇ ਉਹ ਉਨ੍ਹਾ ਸਾਰੇ ਪੰਜਾਬੀਆਂ ਨੂੰ ਯਾਦ ਕਰਦੇ ਹਨ, ਜਿਨ੍ਹਾਂ ਨੇ ਆਜ਼ਾਦੀ ਵੇਲੇ ਹੋਈ ਦੇਸ਼ ਦੀ ਵੰਡ ਸਮੇਂ ਸ਼ਹਾਦਤਾਂ ਦਿੱਤੀਆਂ ਤੇ ਘਰੋਂ ਬੇਘਰ ਹੋਇਆਂ ਨੇ ਆਪਣਿਆਂ ਦੇ ਵਿਛੜਨ ਦੇ ਤਸੀਹੇ ਸਹੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਵੰਡ ਦੇ ਦੌਰਾਨ ਪੰਜਾਬੀਆਂ ਨੇ ਜੋ ਕੀਮਤ ਚੁਕਾਈ, ਉਹ ਕਦੇ ਭੁਲਾਈ ਨਹੀਂ ਜਾ ਸਕਦੀ।
ਜ਼ੀਰਾ (ਪੱਤਰ ਪ੍ਰੇਰਕ) ਅਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਮੌਕੇ ਪੰਜਾਬ ਸਰਕਾਰ ਵੱਲੋਂ ਪੰਜਾਬੀਆਂ ਨੂੰ ਮੁਹੱਲਾ ਕਲੀਨਿਕਾਂ ਦਾ ਤੋਹਫਾ ਦਿੱਤਾ ਗਿਆ, ਜਿਸਦੇ ਚੱਲਦਿਆਂ ਹਲਕਾ ਜ਼ੀਰਾ ’ਚ ਵੀ ਮੁਹੱਲਾ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਉਚੇਚੇ ਤੌਰ ’ਤੇ ਜ਼ੀਰਾ ਪਹੁੰਚੇ। ਉਨ੍ਹਾਂ ਰੀਬਨ ਕੱਟ ਕੇ ਮੁਹੱਲਾ ਕਲੀਨਿਕ ਦੀ ਸ਼ੁਰੂਆਤ ਕੀਤੀ।
ਤਲਵੰਡੀ ਸਾਬੋ (ਪੱਤਰ ਪ੍ਰੇਰਕ) ਦੇਸ਼ ਦੀ ਆਜ਼ਾਦੀ ਦੇ 75 ਵਰ੍ਹੇ ਪੂਰੇ ਹੋਣ ’ਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿੱਲੀ ਦੇ ਮਹੱਲਾ ਕਲੀਨਿਕਾਂ ਦੀ ਤਰਜ਼ ’ਤੇ ਸੂਬੇ ਅੰਦਰ ਖੋਲ੍ਹੇ 75 ਆਮ ਆਦਮੀ ਕਲੀਨਿਕਾਂ ਦੀ ਲੜੀ ਵਿੱਚ ਇਤਿਹਾਸਕ ਨਗਰ ਤਲਵੰਡੀ ਸਾਬੋ ਵਿੱਚ ਖੋਲ੍ਹੇ ਆਮ ਆਦਮੀ ਕਲੀਨਿਕ ਦਾ ਹਲਕਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰੀਬਨ ਕੱਟ ਕੇ ਉਦਘਾਟਨ ਕੀਤਾ। ਉਦਘਾਟਨ ਮਗਰੋਂ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਸੂਬੇ ਦੇ ਲੋਕਾਂ ਲਈ ਆਮ ਆਦਮੀ ਕਲੀਨਿਕ ਵਰਦਾਨ ਸਿੱਧ ਹੋਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਜਿੱਥੇ ਮਾਹਿਰ ਡਾਕਟਰ ਬਿਮਾਰੀਆਂ ਦਾ ਮੁਫ਼ਤ ਇਲਾਜ ਕਰਨਗੇ ਉੇੱਥੇ ਵੱਖ-ਵੱਖ ਬਿਮਾਰੀਆਂ ਦੇ ਟੈਸਟ ਵੀ ਮੁਫ਼ਤ ਕੀਤੇ ਜਾਣਗੇ।