ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 15 ਮਈ
ਸਰਕਾਰੀ ਪੋਲੀਟੈਕਨਿਕ ਕਾਲਜ ਬਠਿੰਡਾ ਵੱਲੋਂ ਅਕਾਦਮਿਕ ਅਤੇ ਵਿਦਿਆਰਥੀ ਗਤੀਵਿਧੀਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇਨਾਮ ਵੰਡ ਸਮਾਗਮ ਕੀਤਾ ਗਿਆ। ਵਧੀਕ ਡਾਇਰੈਕਟਰ, ਤਕਨੀਕੀ ਸਿੱਖਿਆ ਪੰਜਾਬ ਮੋਹਨਬੀਰ ਸਿੰਘ ਸਿੱਧੂ ਨੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ, ਪ੍ਰਿੰਸੀਪਲ, ਪ੍ਰਧਾਨ ਅਤੇ ਸਕੱਤਰ ਐਸਆਰਸੀ ਅਤੇ ਮੁਖੀ ਵਿਭਾਗਾਂ ਵੱਲੋਂ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ। ਮੁੱਖ ਮਹਿਮਾਨ ਵੱਲੋਂ ਸੈਸ਼ਨ 2023-24 ਦੌਰਾਨ ਕਲਾਸ ਅਤੇ ਸਟੇਟ ਬੋਰਡ ਵਿੱਚ ਮੈਰਿਟ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਅਤੇ ਵੱਖ-ਵੱਖ ਕਲੱਬ ਗਤੀਵਿਧੀਆਂ ਵਿੱਚ ਮੁਕਾਮ ਛੋਹਣ ਵਾਲੇ 139 ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਜ਼ਿੰਦਗੀ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਆ ਅਤੇ ਤਕਨੀਕੀ ਹੁਨਰ ਦੇ ਨਾਲ-ਨਾਲ ਜ਼ਿੰਦਗੀ ਜਿਉਣ ਦਾ ਹੁਨਰ ਵੀ ਸਿੱਖਣ ਨੂੰ ਕਿਹਾ। ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਰਵਪੱਖੀ ਸ਼ਖ਼ਸੀਅਤ ਦਾ ਵਿਕਾਸ ਕਰਨ ’ਤੇ ਜ਼ੋਰ ਦਿੱਤਾ।
ਕਾਲਜ ਦੇ ਪ੍ਰਿੰਸੀਪਲ ਅਨੁਜਾ ਪੁਪਨੇਜਾ ਨੇ ਮੁੱਖ ਮਹਿਮਾਨ ਨੂੰ ‘ਜੀ ਆਇਆਂ’ ਆਖਦਿਆਂ ਕਾਲਜ ਦੀਆਂ ਗਤੀਵਿਧੀਆਂ ’ਤੇ ਚਾਨਣਾ ਪਾਇਆ ਅਤੇ ਦੱਸਿਆ ਕਿ ਕਾਲਜ ਵਿਖੇ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਲਈ ਲਗਾਤਾਰ ਯਤਨ ਕੀਤੇ ਜਾਂਦੇ ਹਨ। ਪ੍ਰਧਾਨ ਐਸਆਰਸੀ ਵੱਲੋਂ ਦੱਸਿਆ ਗਿਆ ਕਿ ਕਾਲਜ ਵਿੱਚ 13 ਵੱਖੋ-ਵੱਖਰੇ ਕਲੱਬਾਂ ਦਾ ਗਠਨ ਕੀਤਾ ਗਿਆ ਹੈ ਅਤੇ ਇਨ੍ਹਾਂ ਕਲੱਬਾਂ ਰਾਹੀਂ ਵਿਦਿਆਰਥੀਆਂ ਦੇ ਮੁਕੰਮਲ ਵਿਕਾਸ ਲਈ ਹਰ ਹਫ਼ਤੇ ਤਕਨੀਕੀ ਅਤੇ ਸੱਭਿਆਚਾਰਕ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਮੰਚ ਸੰਚਾਲਨ ਨਵਰੀਤ ਕੌਰ ਗਰੇਵਾਲ ਅਤੇ ਰਵਨੀਤ ਕੌਰ ਲੈਕਚਰਾਰ ਵੱਲੋਂ ਕੀਤਾ ਗਿਆ।