ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 5 ਦਸੰਬਰ
ਆਮ ਆਦਮੀ ਪਾਰਟੀ ਨੇ ਰਾਮਪੁਰਾ ਫੂਲ ਦੇ ਸਿਵਲ ਹਸਪਤਾਲ ਦੇ ਮੁੱਖ ਬਾਜ਼ਾਰ ‘ਚ ਸਥਿਤ ਗੇਟ ਅੱਗੇ ਕਥਿਤ ਜ਼ਮੀਨੀ ਕਬਜ਼ਾ ਹੋਣ ਪਿੱਛੇ ਸੱਤਾਧਾਰੀ ਧਿਰ ਦੇ ਇਕ ਮੰਤਰੀ ਦਾ ਥਾਪੜਾ ਹੋਣ ਦਾ ਦੋਸ਼ ਲਾਉਂਦਿਆਂ ਸੰਘਰਸ਼ ਛੇੜਨ ਦੀ ਚਿਤਾਵਨੀ ਦਿੱਤੀ ਹੈ। ‘ਆਪ’ ਦੇ ਜ਼ਿਲ੍ਹਾ (ਸ਼ਹਿਰੀ) ਪ੍ਰਧਾਨ ਨਵਦੀਪ ਸਿੰਘ ਜੀਦਾ, ਜ਼ਿਲ੍ਹਾ (ਦਿਹਾਤੀ) ਦੇ ਪ੍ਰਧਾਨ ਗੁਰਜੰਟ ਸਿੰਘ ਸਿਵੀਆਂ ਅਤੇ ਜਤਿੰਦਰ ਸਿੰਘ ਭੱਲਾ ਨੇ ਕਿਹਾ ਕਿ ਕਰੀਬ ਇੱਕ ਮਹੀਨਾ ਪਹਿਲਾਂ ਇਥੋਂ ਦੇ ਸਰਕਾਰੀ ਹਸਪਤਾਲ ਦੇ ਮੁੱਖ ਗੇਟ ਉੱਪਰ ਅਣਪਛਾਤੇ ਵਿਅਕਤੀਆਂ ਵੱਲੋਂ ਸ਼ਰੇਆਮ ਕਬਜ਼ਾ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਦੀ ਜਾਣਕਾਰੀ ਐੱਸਐੱਮਓ ਅਤੇ ਸ਼ਹਿਰ ਦੇ ਲੋਕਾਂ ਵੱਲੋਂ ਲਿਖਤੀ ਰੂਪ ਵਿੱਚ ਪੁਲੀਸ ਪ੍ਰਸ਼ਾਸਨ, ਡੀਸੀ ਤੋਂ ਇਲਾਵਾ ਸਿਹਤ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਦੇ ਧਿਆਨ ਵਿੱਚ ਲਿਆਂਦੀ ਸੀ, ਪਰ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਾ ਕਰਨ ‘ਤੇ ਜਦੋਂਕਿ ਸ਼ਹਿਰ ਵਾਸੀ ਅਤੇ ‘ਆਪ’ ਆਗੂ ਜਤਿੰਦਰ ਭੱਲਾ ਆਪਣੇ ਸਹਿਯੋਗੀਆਂ ਨਾਲ ਇਹ ਰਸਤਾ ਸਾਫ਼ ਕਰ ਰਹੇ ਸਨ ਤਾਂ ਕਾਂਗਰਸ ਨਾਲ ਸਬੰਧਿਤ ਕੁੱਝ ਹਥਿਆਰਬੰਦ ਵਿਅਕਤੀਆਂ ਨੇ ਸਾਰਿਆਂ ਦੀ ਕੁੱਟਮਾਰ ਕੀਤੀ। ਇਸ ਘਟਨਾ ‘ਚ ਜ਼ਿਆਦਾ ਜ਼ਖ਼ਮੀ ਸਾਬਕਾ ਕੌਂਸਲਰ ਨਸੀਬ ਚੰਦ ਨੂੰ ਬਠਿੰਡਾ ਦੇ ਸਿਵਲ ਹਸਪਤਾਲ ‘ਚ ਦਾਖ਼ਲ ਕਰਾਉਣਾ ਪਿਆ ਸੀ। ਆਗੂਆਂ ਕਿਹਾ ਕਿ ਇਹ ਮਾਮਲਾ ‘ਆਪ’ ਦੀ ਸੂਬਾਈ ਲੀਡਰਸ਼ਿਪ ਦੇ ਧਿਆਨ ਵਿਚ ਲਿਆਂਦਾ ਗਿਆ ਹੈ।