ਸ਼ਗਨ ਕਟਾਰੀਆ
ਬਠਿੰਡਾ, 5 ਦਸੰਬਰ
ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ 8 ਦਸੰਬਰ ਨੂੰ ਬਠਿੰਡਾ ਜ਼ਿਲ੍ਹੇ ’ਚ ਪੈਂਦੇ ਤਖ਼ਤ ਦਮਦਮਾ ਸਾਹਿਬ (ਤਲਵੰਡੀ ਸਾਬੋ) ਅਤੇ ਰਾਮਾਂ ਮੰਡੀ ਵਿਖੇ ਆਮਦ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਰਜ਼ੋਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ 8 ਦਸੰਬਰ ਦੀ ਰਾਤ ਨੂੰ ਇਤਿਹਾਸਕ ਗੁਰੂ ਘਰ ਦੀ ਸਰਾਂ ਵਿੱਚ ਹੀ ਵਿਸ਼ਰਾਮ ਕਰਨਗੇ।
ਇਸ ਸਬੰਧ ’ਚ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਸਬੰਧੀ ਆਪੋ-ਆਪਣਾ ਰਿਕਾਰਡ ਮੁਕੰਮਲ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਪਿਛਲੇ 4 ਸਾਲਾਂ ’ਚ ਮੁਕੰਮਲ ਹੋਏ ਅਤੇ ਜਾਰੀ ਵਿਕਾਸ ਕੰਮਾਂ ਦੀਆਂ ਰਿਪੋਰਟਾਂ ਤਿਆਰ ਰੱਖਣ ਲਈ ਆਖਿਆ। ਉਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਦਾ ਰੂਟ ਪਲਾਨ ਤਿਆਰ ਕਰਕੇ ਸੁਰੱਖਿਆ, ਟ੍ਰੈਫ਼ਿਕ ਤੇ ਪਾਰਕਿੰਗ ਦੇ ਪ੍ਰਬੰਧ ਯਕੀਨੀ ਬਣਾਉਣ। ਇਸੇ ਤਰ੍ਹਾਂ ਸਿਵਲ ਸਰਜਨ ਨੂੰ ਡਾਕਟਰੀ ਟੀਮਾਂ ਅਤੇ ਐਂਬੂਲੈਂਸ ਗੱਡੀਆਂ ਦਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਤਲਵੰਡੀ ਸਾਬੋ ਅਤੇ ਰਾਮਾਂ ਦੇ ਕਾਰਜਸਾਧਕ ਅਧਿਕਾਰੀਆਂ ਨੂੰ ਆਪਣੇ ਖੇਤਰਾਂ ਦੇ ਅੰਦਰ ਤੇ ਬਾਹਰ ਸਫ਼ਾਈ ਅਤੇ ਪਾਣੀ ਦੇ ਛਿੜਕਾਅ ਲਈ ਕਿਹਾ ਗਿਆ। ਉਨ੍ਹਾਂ ਜ਼ਿਲ੍ਹਾ ਵਣ ਅਫ਼ਸਰ ਨੂੰ ਮੁੱਖ ਮੰਤਰੀ ਦੇ ਸਮਾਰੋਹ ਵਾਲੀ ਥਾਂ ਨੀਵੇਂ ਦਰਖੱਤਾਂ ਅਤੇ ਬੂਟਿਆਂ ਦੀ ਕਾਂਟ-ਛਾਂਟ ਲਾਜ਼ਮੀ ਬਣਾਉਣ ਲਈ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਸਮਾਰੋਹ ਵਾਲੀ ਜਗ੍ਹਾ ’ਤੇ ਬਿਜਲੀ ਕੁਨੈਕਸ਼ਨ ਦੇਣ ਅਤੇ ਜਨਰੇਟਰ ਦਾ ਲੋੜੀਂਦਾ ਪ੍ਰਬੰਧ ਕਰਨ ਤੋਂ ਇਲਾਵਾ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਮ ਲੋਕਾਂ ਲਈ ਲੋੜ ਅਨੁਸਾਰ ਜਨਾਨਾ ਅਤੇ ਮਰਦਾਨਾ ਪਖ਼ਾਨੇ ਬਣਾਉਣ ਦੇ ਹੁਕਮ ਦਿੱਤੇ।