ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 15 ਸਤੰਬਰ
ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਅੱਜ ਇੱਥੇ ਏਮਜ਼ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਏਮਜ਼ ’ਚ ਆਉਣ ਵਾਲੇ ਮਰੀਜ਼ਾਂ ਦੀ ਸਹੂਲਤ ਲਈ ਸੂਬਾ ਸਰਕਾਰ ਵੱਲੋਂ ਮੁੱਖ ਸੜਕ ਤੋਂ ਓਪੀਡੀ ਤੱਕ ਈ-ਰਿਕਸ਼ਾ ਸੇਵਾ ਸ਼ੁਰੂ ਕਰਨ ਸਮੇਤ ਹੋਰ ਸਮੱਸਿਆਵਾਂ ਨੂੰ ਦੂਰ ਕਰਨ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਏਮਜ਼ ਦੇ ਡਾਇਰੈਕਟਰ ਅਤੇ ਡਾਕਟਰੀ ਸਟਾਫ਼ ਨਾਲ ਮੀਟਿੰਗ ਵੀ ਕੀਤੀ। ਉਨ੍ਹਾਂ ਨੇ ਓਪੀਡੀ, ਰੇਡੀਓ ਡਾਇਗਨੋਸਿਸ, ਆਈਪੀਡੀ ਅਤੇ ਐਮਰਜੈਂਸੀ ਵਾਰਡਾਂ ਦਾ ਨਿਰੀਖ਼ਣ ਕੀਤਾ ਅਤੇ ਮਰੀਜ਼ਾਂ ਦਾ ਹਾਲ ਪੁੱਛਿਆ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਸਥਾਨਕ ਹੋਟਲ ਵਿੱਚ ਐਸੋਸੀਏਸ਼ਨ ਆਫ਼ ਫ਼ਿਜੀਸ਼ੀਅਨਜ਼ ਦੀ ਮਾਲਵਾ ਬਰਾਂਚ ਵੱਲੋਂ ਕਰਵਾਈ ਮੈਪੀਕਾਨ ਕਾਨਫ਼ਰੰਸ ’ਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ 16 ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾ ਰਹੇ ਹਨ। ਆਮ ਆਦਮੀ ਪਾਰਟੀ ਦੇ ਸੂਬਾਈ ਬੁਲਾਰੇ ਨੀਲ ਗਰਗ ਨੇ ਡਾਕਟਰੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਆਮ ਲੋਕਾਂ ਦੇ ਇਲਾਜ ਨੂੰ ਕੇਂਦਰ ਬਿੰਦੂ ਬਣਾਇਆ ਜਾਵੇ। ਬਠਿੰਡਾ (ਸ਼ਹਿਰੀ) ਹਲਕੇ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਚਰਚਾ ਕੀਤੀ।
ਇਸ ਮੌਕੇ ਏਮਜ਼ ਦੇ ਡਾਇਰੈਕਟਰ ਡਾ. ਡੀਕੇ ਸਿੰਘ ਨੇ ਏਮਜ਼ ਵਲੋਂ ਮਾਲਵਾ ਖੇਤਰ ’ਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਏਮਜ਼ ਵੱਲੋਂ ਜਲਦ ਹੀ ਮਰੀਜ਼ਾਂ ਦੀ ਸਹੂਲਤ ਲਈ ਆਧੁਨਿਕ ਮਸ਼ੀਨਾਂ ਰਾਹੀਂ ਰੇਡੀਓ ਡਾਇਗਨੋਸਿਸ 24 ਘੰਟੇ ਦੀਆਂ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ। ਮੈਪੀਕਾਨ ਦੇ ਪ੍ਰਬੰਧਕ ਡਾ. ਵਿਤੁਲ ਕੇ ਗੁਪਤਾ ਨੇ ਦੱਸਿਆ ਕਿ ਚਾਰ ਦਿਨਾਂ ਦੀ ਇਸ ਕਾਨਫਰੰਸ ਦੌਰਾਨ ਡਾਕਟਰਾਂ ਵਲੋਂ ਨਵੀਆਂ ਖੋਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
ਇਸ ਮੌਕੇ ਵਿਧਾਇਕ (ਬਠਿੰਡਾ ਦਿਹਾਤੀ) ਅਮਿਤ ਰਤਨ, ਵਿਧਾਇਕ ਭੁੱਚੋ ਮਾਸਟਰ ਜਗਸੀਰ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਦਿਹਾਤੀ ਪ੍ਰਧਾਨ ਗੁਰਜੰਟ ਸਿਵੀਆ, ਬਲਾਕ ਪ੍ਰਧਾਨ ਬੱਲੀ ਬਲਜੀਤ, ਡਾ. ਜਨਕ ਰਾਜ ਸਿੰਗਲਾ, ਡਾ. ਵਿਜੈ ਕੁਮਾਰ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਸਿੰਗਲਾ ਹਾਜ਼ਰ ਸਨ।