ਮਨੋਜ ਸ਼ਰਮਾ
ਬਠਿੰਡਾ, 12 ਫ਼ਰਵਰੀ
ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਸਰੂਪ ਚੰਦ ਸਿੰਗਲਾ ਨੇ ਅੱਜ ਪਾਰਟੀ ਦੀ ਸਮੂਹ ਲੀਡਰਸ਼ਿਪ ਦੀ ਮੌਜੂਦਗੀ ਵਿੱਚ ਬਠਿੰਡਾ ਸ਼ਹਿਰ ਦੇ ਵਿਕਾਸ ਨੂੰ ਅੱਗੇ ਲਿਜਾਣ ਲਈ ਚੋਣ ਮਨੋਰਥ ਪੱਤਰ ਜਾਰੀ ਕੀਤਾ ਗਿਆ। ‘‘ਦਸ ਸਾਲ ਜੋ ਕੀਤਾ ਵਿਕਾਸ, ਇਸੇ ਕਰਕੇ ਬਠਿੰਡਾ ਨੂੰ ਸਰੂਪ ਤੋਂ ਆਸ’’ ਦੇ ਬੈਨਰ ਹੇਠ ਜਾਰੀ ਕੀਤੇ ਚੋਣ ਮੈਨੀਫੈਸਟੋ ਵਿੱਚ ਸ੍ਰੀ ਸਿੰਗਲਾ ਨੇ ਕਿਹਾ ਕਿ 18 ਏਜੰਡਿਆਂ ’ਤੇ ਪਹਿਲ ਦੇ ਆਧਾਰ ’ਤੇ ਕੰਮ ਹੋਵੇਗਾ। ਬਠਿੰਡਾ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਉਪਰਾਲੇ ਹੋਣਗੇ, ਮੁੱਖ ਕੰਮ ਬਰਨਾਲਾ ਬਾਈਪਾਸ ਤੇ ਪਿੱਲਰਾਂ ਵਾਲਾ ਪੁਲ ਬਣਾਉਣਾ, ਬਾਜ਼ਾਰਾਂ ਵਿੱਚ ਟਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਪਾਰਕਿੰਗਾਂ ਦਾ ਪ੍ਰਬੰਧ ਦਾ ਹੋਵੇਗਾ ਅਤੇ ਨਾਲ ਹੀ ਗਰੋਥ ਸੈਂਟਰ ਤੇ ਲਾਈਨੋਂ ਪਾਰ ਇਲਾਕੇ ਵਿੱਚ ਫਾਇਰ ਬਿਗ੍ਰੇਡ ਸਥਾਪਤ ਕਰਨ, ਲੋਕਲ ਬੱਸ ਸਰਵਿਸ ਸ਼ੁਰੂ ਕਰਨ, ਤਾਰਾਂ ਦੇ ਜੰਜਾਲ ਨੂੰ ਖ਼ਤਮ ਕਰਨ, ਬਠਿੰਡਾ ਨੂੰ ਟੂਰਿਸਟ ਅਤੇ ਟੈਕਸਟਾਈਲ ਹੱਬ ਬਣਾਉਣ ਲਈ ਹੰਭਲਾ ਮਾਰਿਆ ਜਾਵੇਗਾ। ਉਨ੍ਹਾਂ ਆਖਿਆ ਕਿ ਕਚਰਾ ਪਲਾਂਟ ਨੂੰ ਬਾਹਰ ਕੱਢਣ ਦੇ ਨਾਲ ਲਾਈਨੋ ਪਾਰ ਇਲਾਕੇ ਨੂੰ ਸਭ ਤੋਂ ਸੁੰਦਰ ਬਣਾਉਣ ਲਈ ਯਤਨ ਕੀਤੀ ਜਾਣਗੇ। ਉਨ੍ਹਾਂ ਵਾਅਦਾ ਕੀਤਾ ਕਿ ਸ਼ਹਿਰ ਵਾਸੀਆਂ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ ਤੇ ਹਰ ਸਮੱਸਿਆ ਦਾ ਹੱਲ ਹੋਵੇਗਾ। ਉਨ੍ਹਾਂ ਆਖਿਆ ਕਿ ਨਸ਼ਿਆਂ ਦੇ ਖਾਤਮੇ ਲਈ ਕਮਰਕੱਸੇ ਕੀਤੇ ਜਾਣਗੇ, ਸੀਸੀਟੀਵੀ ਕੈਮਰੇ ਲਾਏ ਜਾਣਗੇ, ਚੌਵੀ ਘੰਟਿਆਂ ਵਿੱਚ ਸ਼ਿਕਾਇਤਾਂ ’ਤੇ ਹੱਲ ਕਰਨ ਲਈ ਪੁਲੀਸ ਨੂੰ ਬਚਨਬੱਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖਜ਼ਾਨਾ ਮੰਤਰੀ ਨੇ ਤਾਂ ਆਪਣੇ ਚੋਣ ਮੈਨੀਫੈਸਟੋ ਵਿੱਚ ਗੁੰਮਰਾਹ ਹੀ ਕੀਤਾ, ਪਰ ਅਸੀਂ ਦਸ ਸਾਲ ਵਿਕਾਸ ਕੀਤਾ ਤੇ ਹੁਣ ਵੀ ਕੰਮ ਕਰਕੇ ਵਿਖਾਵਾਂਗੇ।
ਫਰੀਦਕੋਟ (ਜਸਵੰਤ ਜੱਸ): ਫ਼ਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਅੱਜ ਇੱਥੇ ਆਪਣੇ ਹਲਕੇ ਦਾ ਚੋਣ ਮੈਨੀਫੈਸਟੋ ਜਾਰੀ ਕੀਤਾ। ਬੰਟੀ ਰੋਮਾਣਾ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਫਰੀਦਕੋਟ ਵਿਧਾਨ ਸਭਾ ਹਲਕੇ ਨੂੰ ਪੀਣ ਲਈ ਸਾਫ਼ ਸੁਥਰਾ ਪਾਣੀ, ਆਰਓ ਸਿਸਟਮ, ਆਧੁਨਿਕ ਸਕੂਲ, ਖੇਡ ਮੈਦਾਨਾਂ ਅਤੇ ਨਵੇਂ ਹਸਪਤਾਲਾਂ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਫ਼ਰੀਦਕੋਟ ਵਿੱਚ ਢੁਕਵੀਂ ਸਨਅਤੀ ਇਕਾਈ ਵੀ ਲਾਈ ਜਾਵੇਗੀ। ਅਕਾਲੀ ਉਮੀਦਵਾਰ ਨੇ ਕਿਹਾ ਕਿ ਫਰੀਦਕੋਟ ਵਿੱਚੋਂ ਟ੍ਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਸੜਕਾਂ ਦੀ ਹਾਲਤ ਨੂੰ ਸੁਧਾਰਿਆ ਜਾਵੇਗਾ ਅਤੇ ਫ਼ਰੀਦਕੋਟ ਸ਼ਹਿਰ ਨੂੰ ਕੂੜਾ ਮੁਕਤ ਕੀਤਾ ਜਾਵੇਗਾ। ਸ੍ਰੀ ਰੋਮਾਣਾ ਨੇ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ’ਤੇ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਪਹਿਲਾਂ ਵੀ ਸੇਵਾ ਕੇਂਦਰਾਂ ਰਾਹੀਂ ਪਿੰਡ ਪੱਧਰ ’ਤੇ ਹੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਕੋਸ਼ਿਸ਼ ਕੀਤੀ ਸੀ ਪ੍ਰੰਤੂ ਪੰਜਾਬ ਦੀ ਕਾਂਗਰਸ ਸਰਕਾਰ ਨੇ ਸਾਰੇ ਸੇਵਾ ਕੇਂਦਰ ਬੰਦ ਕਰ ਦਿੱਤੇ ਹਨ ਜਿਨ੍ਹਾਂ ਨੂੰ ਮੁੜ ਚਾਲੂ ਕੀਤਾ ਜਾਵੇਗਾ।
ਰਾਜਾ ਵੜਿੰਗ ਨੂੰ ਹਰਾਉਣਾ ਚਾਹੁੰਦੈ ਬਾਦਲ ਪਰਿਵਾਰ: ਅੰਮ੍ਰਿਤਾ
ਗਿੱਦੜਬਾਹਾ (ਪੱਤਰ ਪ੍ਰੇਰਕ): ਕੈਬਨਿਟ ਮੰਤਰੀ ਤੇ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਕੌਰ ਵੜਿੰਗ ਨੇ ਆਖਿਆ ਕਿ ਬਾਦਲ ਪਰਿਵਾਰ ਰਾਜਾ ਵੜਿੰਗ ਨੂੰ ਹਰਾਉਣਾ ਚਾਹੁੰਦਾ ਹੈ, ਕਿਉਂਕਿ ਰਾਜਾ ਵੜਿੰਗ ਇਮਾਨਦਾਰੀ ਨਾਲ ਕੰਮ ਕਰਦਾ ਹੈ ਅਤੇ ਉਸ ਨੇ ਬਾਦਲਾਂ ਦੀਆਂ ਨਾਜਾਇਜ਼ ਚੱਲਦੀਆਂ ਬੱਸਾਂ ਨੂੰ ਜ਼ਬਤ ਕੀਤਾ ਹੈ। ਉਨ੍ਹਾਂ ਗਿੱਦੜਬਾਹਾ ਵਿਚ ਘਰ ਘਰ ਪ੍ਰਚਾਰ ਕੀਤਾ। ਸ੍ਰੀਮਤੀ ਵੜਿੰਗ ਨੇ ਕਿਹਾ ਕਿ ਸਾਡਾ ਪਰਿਵਾਰ ਗਿੱਦੜਬਾਹਾ ਦੇ ਲੋਕਾਂ ਦਾ ਜ਼ਿੰਦਗੀ ਭਰ ਨਹੀਂ ਦੇਣਾ ਨਹੀਂ ਦੇ ਸਕਦਾ। ਉਨ੍ਹਾ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਨੂੰ ਬਰਬਾਦ ਕੀਤਾ ਇਸ ਲਈ ਲੋਕ ਅਕਾਲੀ ਦਲ ਨੂੰ ਕਦੇ ਮੁਆਫ਼ ਨਹੀਂ ਕਰਨਗੇ।