ਸ਼ਗਨ ਕਟਾਰੀਆ
ਬਠਿੰਡਾ, 24 ਅਕਤੂਬਰ
ਬਠਿੰਡਾ ਸ਼ਹਿਰ ਵਿਚ ਅਕਾਲੀ ਦਲ ਨੂੰ ਉਸ ਸਮੇਂ ਝਟਕਾ ਲੱਗਿਆ ਜਦੋਂ ਸੀਨੀਅਰ ਅਕਾਲੀ ਆਗੂ ਪਰਵਿੰਦਰ ਸਿੰਘ ਨੰਬਰਦਾਰ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪਰਵਿੰਦਰ ਸਿੰਘ ਦੇ ਘਰ ਪਹੁੰਚ ਕੇ ਉਸ ਨੂੰ ਸਮਰਥਕਾਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਹੈ। ਇਸ ਮੌਕੇ ਵਿੱਤ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਖਿਲਾਫ਼ ਅਕਾਲੀ ਦਲ ਦੇ ਮਾੜੇ ਰੋਲ ਕਾਰਨ ਲੋਕਾਂ ਵਿਚ ਗੁੱਸੇ ਦੀ ਲਹਿਰ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਲਏ ਸਟੈਂਡ ਕਾਰਨ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਪਰਵਿੰਦਰ ਸਿੰਘ ਨੰਬਰਦਾਰ ਨੇ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਠਿੰਡਾ ਸ਼ਹਿਰ ਦੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਉਹ ਕਾਂਗਰਸ ਵਿਚ ਸ਼ਾਮਲ ਹੋਏ ਹਨ।
ਰਾਜੂ ਤੱਗੜ ਨੇ ਭਾਜਪਾ ਦਾ ਸਾਥ ਛੱਡਿਆ
ਬਠਿੰਡਾ (ਮਨੋਜ ਸ਼ਰਮਾ): ਅੱਜ ਭਾਰਤੀ ਜਨਤਾ ਪਾਰਟੀ ਨੂੰ ਬਠਿੰਡਾ ਸ਼ਹਿਰੀ ਹਲਕੇ ਵਿਚ ਉਸ ਸਮੇਂ ਝਟਕਾ ਲੱਗਿਆ ਜਦੋਂ ਉਨ੍ਹਾਂ ਦੇ ਸੈਂਟਰਲ ਮੰਡਲ ਸ਼ਹਿਰੀ ਬਠਿੰਡਾ ਦੇ ਸੈਕਟਰੀ ਹਰਪ੍ਰੀਤ ਸਿੰਘ ਰਾਜੂ ਤੱਗੜ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਅਤੇ ਉਨ੍ਹਾਂ ਨੂੰ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਸਿਰੋਪਾ ਭੇਟ ਕਰ ਕੇ ਪਾਰਟੀ ਵਿਚ ਸ਼ਾਮਿਲ ਕੀਤਾ ਹੈ।