ਸ਼ਗਨ ਕਟਾਰੀਆ/ਮਨੋਜ ਸ਼ਰਮਾ
ਬਠਿੰਡਾ, 23 ਜੂਨ
ਪੰਜਾਬ ਸਰਕਾਰ ਵੱਲੋਂ ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਤੋੜ ਕੇ ਅਤੇ ਇਸ ਦੀ ਜ਼ਮੀਨ ਦੀ ਨਿਲਾਮੀ ਕਰਨ ਦੇ ਅਧਿਕਾਰ ਪੁੱਡਾ ਨੂੰ ਦੇਣ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਥਰਮਲ ਪਲਾਂਟ ਦੀ ਜ਼ਮੀਨ ਵੇਚਣ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਨੇ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਵਰਕਰਾਂ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਅੱਜ ਭਾਈ ਘਨੱਈਆ ਚੌਕ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਪੰਜਾਬ ਸਰਕਾਰ ਦੀ ਅਰਥੀ ਸਾੜੀ। ਸ੍ਰੀ ਸਿੰਗਲਾ ਅਤੇ ਅਕਾਲੀ ਆਗੂਆਂ ਨੇ ਕਿਹਾ ਕਿ ਬਠਿੰਡਾ ਦੇ ਵਿਧਾਇਕ ਅਤੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਸਥਾਨਕ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਵਿੱਤ ਮੰਤਰੀ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਵਾਅਦਾ ਕੀਤਾ ਸੀ ਕਿ ਬਠਿੰਡਾ ਦੇ ਥਰਮਲ ਨੂੰ ਬੰਦ ਨਹੀਂ ਕੀਤਾ ਜਾਵੇਗਾ ਪਰ ਉਹ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਫੈਸਲੇ ਲੈ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਬਠਿੰਡਾ ਦੇ ਥਰਮਲ ਨੂੰ ਕਿਸੇ ਵੀ ਕੀਮਤ ’ਤੇ ਨਿਲਾਮ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਲੋਨੀ ਵਾਸੀਆਂ ਨੂੰ ਵੀ ਭਰੋਸਾ ਦਿਵਾਇਆ ਕਿ ਉਨ੍ਹਾਂ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ ਤੇ ਆਉਣ ਵਾਲੇ ਦਿਨਾਂ ਵਿੱਚ ਭਰਾਤਰੀ ਜੱਥੇਬੰਦੀਆਂ ਨੂੰ ਨਾਲ ਲੈ ਕੇ ਸੰਘਰਸ਼ ਤੇਜ਼ ਕੀਤਾ ਜਾਵੇਗਾ।
ਸਰੂਪ ਚੰਦ ਸਿੰਗਲਾ ਤੇ ਅਕਾਲੀ ਆਗੂਆਂ ਖ਼ਿਲਾਫ਼ ਪਰਚਾ ਦਰਜ
ਇਥੋਂ ਦੇ ਥਰਮਲ ਪਲਾਂਟ ਨੂੰ ਬੰਦ ਕਰਨ ਵਿਰੁੱਧ ਸਾਬਕਾ ਅਕਾਲੀ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ’ਚ ਲੱਗੇ ਅੱਜ ਦੇ ਧਰਨੇ ’ਤੇ ਪ੍ਰਸ਼ਾਸਨ ਨੇ ਗ਼ੈਰਕਾਨੂੰਨੀ ਹੋਣ ਦੀ ਮੋਹਰ ਲਾ ਦਿੱਤੀ ਹੈ।
ਪੁਲੀਸ ਨੇ ਸ੍ਰੀ ਸਿੰਗਲਾ, ਸਾਬਕਾ ਮੇਅਰ ਬਲਵੰਤ ਰਾਏ ਨਾਥ ਸਮੇਤ 31 ਵਿਅਕਤੀਆਂ ਅਤੇ 50 ਅਣਪਛਾਤਿਆਂ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 188/269/270 ਤਹਿਤ ਕੇਸ ਦਰਜ ਕੀਤਾ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵਲੋਂ ਭਲਕੇ ਦੇ ਥਰਮਲ ਮਾਮਲੇ ’ਤੇ ਪ੍ਰਦਰਸ਼ਨ ਕਰਨ ਦੇ ਐਲਾਨ ਤੋਂ ਬਾਅਦ ਅਕਾਲੀਆਂ ਨੇ ਭਾਈ ਘਨੱਈਆ ਚੌਕ ਨੇੜੇ ਅਚਾਨਕ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਪੁਲੀਸ ਨੇ ਜਦੋਂ ਵਿਖਾਵਾਕਾਰੀਆਂ ਨੂੰ ਹਿਰਾਸਤ ’ਚ ਲੈਣਾ ਸ਼ੁਰੂ ਕੀਤਾ ਤਾਂ ਉਨ੍ਹਾਂ ਦੀ ਆਪਸ ਵਿਚ ਖਿੱਚਧੂਹ ਵੀ ਹੋਈ। ਇਸ ਤੋਂ ਬਾਅਦ ਪੁਲੀਸ ਨੇ ਕਾਰਵਾਈ ਕਰਦਿਆਂ ਸ਼ਾਮ ਨੂੰ ਐਫਆਈਆਰ ਦਰਜ ਕਰ ਦਿੱਤੀ।