ਮਨੋਜ ਸ਼ਰਮਾ
ਬਠਿੰਡਾ, 17 ਸਤੰਬਰ
ਸੂਬੇ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਲਟਕਦੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਮਾਲਵਾ ਖੇਤਰ ਦੇ ਜ਼ਿਲ੍ਹਿਆਂ ਦੀ ਮੀਟਿੰਗ ਅੱਜ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਪ੍ਰਧਾਨਗੀ ਹੇਠ ਟੀਚਰਜ਼ ਹੋਮ ਬਠਿੰਡਾ ਵਿੱਚ ਹੋਈ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਦੇਸ਼ ਭਰ ਵਿੱਚ ਕੰਮ ਕਰ ਰਹੀਆਂ 28 ਲੱਖ ਵੱਧ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਅਜੇ ਤੱਕ ਸਰਕਾਰੀ ਮੁਲਾਜ਼ਮ ਦਾ ਦਰਜਾ ਨਹੀਂ ਦਿੱਤਾ। ਇਸ ਸਬੰਧ ਵਿੱਚ ਰੋਸ ਪ੍ਰਗਟਾਉਂਦਿਆਂ ਮੀਟਿੰਗ ਦੌਰਾਨ ਯੂਨੀਅਨ ਨੇ ਫੈਸਲਾ ਕੀਤਾ ਹੈ ਕਿ 2 ਅਕਤੂਬਰ ਨੂੰ ਪੰਜਾਬ ਭਰ ਵਿੱਚ ਬਲਾਕ ਪੱਧਰ ’ਤੇ ਧਰਨੇ ਪ੍ਰਦਰਸ਼ਨ ਕਰਕੇ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਰਾਹੀਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਮੰਗ ਪੱਤਰ ਭੇਜੇ ਜਾਣਗੇ।
ਮਾਲਵਾ ਖੇਤਰ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਆਈਆਂ ਆਗੂਆਂ ਨੂੰ ਸਬੋਧਨ ਕਰਦਿਆਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਆਈਸੀਡੀਐੱਸ ਸਕੀਮ ਕੇਂਦਰ ਸਰਕਾਰ ਨੇ 2 ਅਕਤੂਬਰ 1975 ਵਿੱਚ ਦੇਸ਼ ਭਰ ਵਿੱਚ ਸ਼ੁਰੂ ਕੀਤੀ ਸੀ ਤੇ ਆਂਗਣਵਾੜੀ ਸੈਂਟਰ ਖੋਲ੍ਹੇ ਸਨ। ਉਨ੍ਹਾਂ ਕਿਹਾ ਕਿ 47 ਸਾਲ ਦਾ ਲੰਮਾ ਸਮਾਂ ਬੀਤ ਗਿਆ ਹੈ ਅਤੇ ਇਸ ਦੇ ਬਾਵਜੂਦ ਵੀ ਕੇਂਦਰ ਸਰਕਾਰ ਨੇ ਦੇਸ਼ ਭਰ ਵਿਚ ਕੰਮ ਕਰ ਰਹੀਆਂ 28 ਲੱਖ ਵੱਧ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਅਜੇ ਤੱਕ ਸਰਕਾਰੀ ਮੁਲਾਜ਼ਮ ਦਾ ਦਰਜਾ ਨਹੀਂ ਦਿੱਤਾ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰ ਨੇ ਗਰੇਡ ਤਾਂ ਕੀ ਦੇਣੇ ਸਨ, ਸਗੋਂ ਤਨਖਾਹਾਂ ਵੀ ਸਮੇਂ ਸਿਰ ਨਹੀਂ ਮਿਲ ਰਹੀਆਂ ਤੇ ਕਈ ਕਈ ਮਹੀਨੇ ਵਰਕਰਾਂ ਤੇ ਹੈਲਪਰਾਂ ਤਨਖਾਹਾਂ ਨੂੰ ਹੀ ਉਡੀਕਦੀਆਂ ਰਹਿੰਦੀਆਂ ਹਨ।
ਮਾਣ ਭੱਤਾ ਦੁੱਗਣਾ ਕੀਤਾ ਜਾਵੇ: ਸੂਬਾ ਪ੍ਰਧਾਨ ਹਰਗੋਬਿੰਦ ਕੌਰ
ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਦੇਵੇ ਅਤੇ ਨਵੀਂ ਸਿੱਖਿਆ ਨੀਤੀ ਅਨੁਸਾਰ ਆਂਗਣਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ। ਸਾਰੇ ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ ਆਧੁਨਿਕ ਸਹੂਲਤਾਂ ਵਾਲੀਆਂ ਬਣਾਈਆਂ ਜਾਣ ਤੇ ਬੱਚਿਆਂ ਨੂੰ ਪੜ੍ਹਾਉਣ ਅਤੇ ਖੇਡਣ ਲਈ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਾਅਦੇ ਮੁਤਾਬਕ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕਰੇ। ਵੋਟਾਂ ਲੈਣ ਵੇਲੇ ਆਮ ਆਦਮੀ ਪਾਰਟੀ ਨੇ ਇਸ ਸਬੰਧੀ ਵਰਕਰਾਂ ਤੇ ਹੈਲਪਰਾਂ ਨਾਲ ਵਾਅਦਾ ਕੀਤਾ ਸੀ ਪਰ ਹੁਣ ਪੰਜਾਬ ਸਰਕਾਰ ਮੁੱਕਰ ਰਹੀ ਹੈ। ਬੁਲਾਰਿਆਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਜਥੇਬੰਦੀ ਵੱਲੋਂ ਆਪਣੇ ਹੱਕ ਲੈਣ ਲਈ ਉਹ ਹੱਲਾ ਬੋਲ ਪ੍ਰਦਰਸ਼ਨ ਕੀਤਾ ਜਾਵੇਗਾ।