ਪੱਤਰ ਪ੍ਰੇਰਕ
ਭਾਈਰੂਪਾ, 6 ਮਈ
ਆਲ ਇੰਡੀਆ ਆਂਗਣਵਾੜੀ ਵਰਕਰਜ਼ ਯੁੂਨੀਅਨ (ਪੰਜਾਬ) ਏਟਕ ਨੇ ਪਿਛਲੇ ਦੋ ਮਹੀਨਿਆਂ ਤੋਂ ਵਰਕਰਾਂ ਤੇ ਹੈਲਪਰਾਂ ਨੂੰ ਮਾਣਭੱਤਾ ਨਾ ਮਿਲਣ ਕਾਰਨ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ। ਜ਼ਿਲ੍ਹਾ ਬਠਿੰਡਾ ਦੀ ਪ੍ਰਧਾਨ ਗੁਰਦੀਪ ਕੌਰ ਘੰਡਾਬੰਨਾ ਨੇ ਕਿਹਾ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਹੁਤ ਆਸਾਂ ਸਨ ਕਿਉਂਕਿ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਕੇ ਸਰਕਾਰ ਬਣਾਉਣ ਵਿੱਚ ਯੋਗਦਾਨ ਪਾਇਆ ਹੈ ਪਰ ਉਨ੍ਹਾਂ ਦੀਆਂ ਆਸਾਂ ਨੂੰ ਬੂਰ ਨਹੀਂ ਪਿਆ। ਉਨ੍ਹਾਂ ਮੰਗ ਕੀਤੀ ਕਿ ਰੁਕਿਆ ਮਾਣਭੱਤਾ ਜਲਦੀ ਦਿੱਤਾ ਜਾਵੇ।
ਮੋਗਾ (ਨਿੱਜੀ ਪੱਤਰ ਪ੍ਰੇਰਕ): ਆਲ ਇੰਡੀਆ ਆਂਗਣਵਾੜੀ ਵਰਕਰਜ਼ ਤੇ ਹੈਲਪਰਜ਼ ਯੁੂਨੀਅਨ (ਏਟਕ) ਦੀ ਸੂਬਾ ਸਕੱਤਰ ਸੁਨੀਲ ਕੌਰ ਬੇਦੀ ਅਤੇ ਗੁਰਚਰਨ ਕੌਰ ਮੋਗਾ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਸੂਬੇ ’ਚ ‘ਆਪ’ ਸਰਕਾਰ ਤੋਂ ਲੋਕਾਂ ਨੂੰ ਉਮੀਦ ਸੀ ਕਿ ਹੁਣ ਉਨ੍ਹਾਂ ਦੀ ਸੁਣਵਾਈ ਹੋਵੇਗੀ ਪਰ ਅਜਿਹਾ ਨਹੀਂ ਹੋਇਆ। ਉਨ੍ਹਾਂ ਆਖਿਆ ਕਿ ਲੋਕਾਂ ਦਾ ਵਿਸ਼ਵਾਸ ਟੁੱੱਟ ਗਿਆ ਹੈ ਕਿਉਂਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ।
ਆਂਗਣਵਾੜੀ ਕੇਂਦਰਾਂ ਦਾ ਸਮਾਂ ਸਕੂਲਾਂ ਦੀ ਤਰਜ਼ ’ਤੇ ਕਰਨ ਦੀ ਮੰਗ
ਬਠਿੰਡਾ (ਨਿੱਜੀ ਪੱਤਰ ਪ੍ਰੇਰਕ): ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਪੰਜਾਬ ਸਰਕਾਰ ਅਤੇ ਬਾਲ ਵਿਕਾਸ ਵਿਭਾਗ ਤੋਂ ਮੰਗ ਕੀਤੀ ਹੈ ਕਿ ਆਂਗਣਵਾੜੀ ਸੈਂਟਰਾਂ ਦਾ ਸਮਾਂ ਅਤੇ ਛੁੱਟੀਆਂ ਪ੍ਰਾਇਮਰੀ ਸਕੂਲਾਂ ਦੀ ਤਰਜ਼ ’ਤੇ ਕੀਤੀਆਂ ਜਾਣ। ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਇਕ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਤਾਂ ਛੁੱਟੀਆਂ 15 ਮਈ ਤੋਂ 30 ਜੂਨ ਤੱਕ ਹੋ ਰਹੀਆਂ ਹਨ ਪਰ ਆਂਗਣਵਾੜੀ ਸੈਂਟਰਾਂ ਵਿੱਚ ਸਿਰਫ 15 ਜੂਨ ਤੋਂ 30 ਜੂਨ ਤੱਕ ਹੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਵਧ ਰਹੀ ਗਰਮੀ ਕਾਰਨ ਸਰਕਾਰ ਨੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਤਾਂ ਤਬਦੀਲ ਕਰਕੇ 7 ਵਜੇ ਤੋਂ 11 ਵਜੇ ਤੱਕ ਕੀਤਾ ਹੈ ਪਰ ਆਂਗਣਵਾੜੀ ਸੈਂਟਰ ਸਵੇਰੇ 8 ਵਜੇ ਤੋਂ ਦੁਪਹਿਰ 12 ਵਜੇ ਤੱਕ ਲੱਗਦੇ ਹਨ ਅਤੇ ਇਨ੍ਹਾਂ ਦਾ ਸਮਾਂ ਤਬਦੀਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹਾ ਹੋਣ ਕਰਕੇ ਆਂਗਣਵਾੜੀ ਸੈਂਟਰਾਂ ਵਿੱਚ ਆਉਣ ਵਾਲੇ ਬੱਚੇ ਅਤੇ ਵਰਕਰਾਂ ਤੇ ਹੈਲਪਰਾਂ ਪ੍ਰੇਸ਼ਾਨ ਹੋ ਰਹੀਆਂ ਹਨ।