ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 10 ਅਪਰੈਲ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਤ ਮਾਲਵਾ ਖੇਤਰ ਦੇ ਜ਼ਿਲ੍ਹਿਆਂ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਪ੍ਰਧਾਨਗੀ ਹੇਠ ਇਥੇ ਹੋਈ ਮੀਟਿੰਗ ਵਿਚ ਮੰਗਾਂ ਸਬੰਧੀ ਭਵਿੱਖੀ ਸੰਘਰਸ਼ ਦੀ ਰੂਪ-ਰੇਖ਼ਾ ਲਈ ਤਿਆਰੀਆਂ ਕੀਤੀਆਂ ਗਈਆਂ। ਹਰਗੋਬਿੰਦ ਕੌਰ ਅਨੁਸਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਲਈ ਪੰਜਾਬ ਸਰਕਾਰ ਨੂੰ ਜਗਾਉਣ ਲਈ 1 ਤੋਂ 16 ਮਈ ਤੱਕ ਪੰਜਾਬ ਦੇ ਵੱਖ-ਵੱਖ ਬਲਾਕਾਂ ਵਿੱਚ ਕਾਂਗਰਸੀ ਵਿਧਾਇਕਾਂ ਦੀਆਂ ਰਿਹਾਇਸ਼ਗਾਹਾਂ ਘੇਰੀਆਂ ਜਾਣਗੀਆਂ ਅਤੇ ਖੂਨ ਨਾਲ ਲਿਖੇ ਹੋਏ ਮੰਗ-ਪੱਤਰ ਵਿਧਾਇਕਾਂ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜੇ ਜਾਣਗੇ। ਉਨ੍ਹਾਂ ਦੱਸਿਆ ਕਿ 23 ਮਈ ਤੋਂ ਲੈ ਕੇ ਅਗਸਤ ਮਹੀਨੇ ਤੱਕ ਹਰ ਸ਼ਨਿੱਚਰਵਾਰ ਤੇ ਐਤਵਾਰ ਨੂੰ ਜ਼ਿਲ੍ਹਾ ਵਾਰੀ ਪੰਜਾਬ ਦੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ ਅਤੇ ਮੰਤਰੀਆਂ ਨੂੰ ਵੀ ਖੂਨ ਨਾਲ ਪੱਤਰ ਲਿਖ ਕੇ ਮੁੱਖ ਮੰਤਰੀ ਨੂੰ ਭੇਜੇ ਜਾਣਗੇ। ਸੂਬਾ ਪ੍ਰਧਾਨ ਨੇ ਪੰਜਾਬ ਸਰਕਾਰ ਨੂੰ ਸਖਤ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਜਥੇਬੰਦੀ ਵੱਲੋਂ ਪੰਜਾਬ ਭਰ ਵਿੱਚ ਵੱਡਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਛਿੰਦਰਪਾਲ ਕੌਰ ਥਾਂਦੇਵਾਲਾ, ਬਲਵੀਰ ਕੌਰ ਮਾਨਸਾ, ਛਿੰਦਰਪਾਲ ਕੌਰ ਭਗਤਾ, ਬਲਜੀਤ ਕੌਰ ਪੇਧਨੀ, ਸ਼ੀਲਾ ਦੇਵੀ ਫਿਰੋਜ਼ਪੁਰ, ਮਹਿੰਦਰ ਕੌਰ ਪੱਤੋ, ਗੁਰਮੀਤ ਕੌਰ ਗੋਨਿਆਣਾ, ਕੁਲਜੀਤ ਕੌਰ ਗੁਰੂ ਹਰਸਹਾਏ, ਅੰਮਿ੍ਰਤਪਾਲ ਕੌਰ ਬੱਲੂਆਣਾ ਹਾਜ਼ਰ ਸਨ।