ਸ਼ਗਨ ਕਟਾਰੀਆ
ਬਠਿੰਡਾ, 26 ਫਰਵਰੀ
ਖੇਤੀ ਕਾਨੂੰਨਾਂ ਦੀ ਵਾਪਸੀ ਅਤੇ ਮਜ਼ਦੂਰਾਂ ਦੇ ਭਖਦੇ ਮਸਲਿਆਂ ਸਬੰਧੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ 15 ਮਾਰਚ ਨੂੰ ਬਠਿੰਡਾ ਵਿੱਚ ਸੂਬਾ ਪੱਧਰੀ ਰੈਲੀ ਤੇ ਮੁਜ਼ਾਹਰਾ ਕੀਤਾ ਜਾਵੇਗਾ। ਇਹ ਐਲਾਨ ਅੱਜ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਉਪਰੰਤ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਤੇ ਵਿੱਤ ਸਕੱਤਰ ਹਰਮੇਸ਼ ਮਾਲੜੀ ਵੱਲੋਂ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਰੈਲੀ ਵਿੱਚ ਖੇਤੀ ਕਾਨੂੰਨਾਂ ਦੇ ਖੇਤ ਮਜ਼ਦੂਰਾਂ ਦੀ ਜ਼ਿੰਦਗੀ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਅਤੇ ਕਿਸਾਨੀ ਸੰਘਰਸ਼ ਵਿੱਚ ਖੇਤ ਮਜ਼ਦੂਰਾਂ ਦੀ ਅਹਿਮ ਭੂਮਿਕਾ ਨੂੰ ਉਭਾਰਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਰੈਲੀ ਦੌਰਾਨ ਖੇਤੀ ਕਾਨੂੰਨਾਂ ਦੀ ਵਾਪਸੀ, ਕਿਰਤ ਕਾਨੂੰਨਾਂ ਵਿੱਚ ਕੀਤੀਆਂ ਸੋਧਾਂ ਰੱਦ ਕਰਨ, ਦਲਿਤਾਂ ’ਤੇ ਵਧ ਰਹੇ ਅੱਤਿਆਚਾਰ ਬੰਦ ਕਰਨ, ਮਾਈਕਰੋਫਾਇਨਾਂਸ ਕੰਪਨੀਆਂ ਸਮੇਤ ਖੇਤ ਮਜ਼ਦੂਰਾਂ ਸਿਰ ਚੜ੍ਹੇ ਸਮੁੱਚੇ ਕਰਜ਼ੇ ਖ਼ਤਮ ਕਰਨ, ਬਿਜਲੀ ਬਿੱਲਾਂ ਦੀ ਮੁਆਫ਼ੀ, ਰੁਜ਼ਗਾਰ ਗਾਰੰਟੀ ਅਤੇ ਜ਼ਮੀਨ ਦੀ ਵੰਡ ਵਰਗੇ ਮੁੱਦਿਆਂ ਨੂੰ ਪੇਸ਼ ਕੀਤਾ ਜਾਵੇਗਾ। ਯੂਨੀਅਨ ਦੇ ਸੂਬਾਈ ਆਗੂ ਹਰਭਗਵਾਨ ਸਿੰਘ ਮੂਣਕ ਤੇ ਗੁਰਪਾਲ ਸਿੰਘ ਨੰਗਲ ਨੇ ਕੇਂਦਰ ਦੇ ਨਾਲ-ਨਾਲ ਪੰਜਾਬ ਸਰਕਾਰ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਘਰ-ਘਰ ਨੌਕਰੀ ਤੇ ਕਰਜ਼ਾ ਮੁਆਫ਼ੀ ਦੇ ਦਾਅਵੇ ਨਾਲ ਸੱਤਾ ਵਿੱਚ ਆਈ ਕੈਪਟਨ ਸਰਕਾਰ ਨੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਪੂਰੀ ਤਰ੍ਹਾਂ ਵਿਸਾਰ ਦਿੱਤਾ ਹੈ। ਮਜ਼ਦੂਰ ਆਗੂਆਂ ਨੇ ਖੇਤ ਮਜ਼ਦੂਰਾਂ ਨੂੰ 15 ਮਾਰਚ ਦੀ ਰੈਲੀ ਵਿੱਚ ਪਰਿਵਾਰਾਂ ਸਮੇਤ ਪਹੁੰਚਣ ਦਾ ਸੱਦਾ ਦਿੱਤਾ। ਇਸ ਮੌਕੇ ਮੋਗਾ ਜ਼ਿਲ੍ਹੇ ਦੇ ਆਗੂ ਦਰਸ਼ਨ ਸਿੰਘ ਹਿੰਮਤਪੁਰਾ ਅਤੇ ਬਠਿੰਡਾ ਜ਼ਿਲ੍ਹੇ ਦੇ ਆਗੂ ਤੀਰਥ ਸਿੰਘ ਕੋਠਾਗੁਰੂ ਤੇ ਬਲਵਿੰਦਰ ਸਿੰਘ ਮਾਲੀ ਵੀ ਮੌਜੂਦ ਸਨ।
ਸਰਕਾਰ ਦਾ ਘਿਰਾਓ ਕਰੇਗਾ ਮਜ਼ਦੂਰ ਮੁਕਤੀ ਮੋਰਚਾ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਮਜ਼ਦੂਰ ਮੁਕਤੀ ਮੋਰਚਾ ਕੈਪਟਨ ਸਰਕਾਰ ਨੂੰ ਚੋਣ ਵਾਅਦੇ ਯਾਦ ਕਰਾਉਣ ਲਈ ਇੱਕ ਮਾਰਚ ਤੋਂ ਸ਼ੁਰੂ ਹੋਣ ਵਾਲੇ ਵਿਧਾਨ ਸਭਾ ਬਜਟ ਇਜਲਾਸ ਵਿੱਚ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਯਾਦ ਪੱਤਰ ਭੇਜੇਗਾ। ਮੋਰਚੇ ਦੇ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਉਂ, ਸੂਬਾ ਸਕੱਤਰ ਹਰਵਿੰਦਰ ਸਿੰਘ ਸੇਮਾ, ਸੂਬਾ ਮੀਤ ਪ੍ਰਧਾਨ ਗੋਬਿੰਦ ਛਾਜਲੀ ਨੇ ਇੱਕ ਬਿਆਨ ਰਾਹੀਂ ਕਿਹਾ ਕਿ ਜੇਕਰ ਸਰਕਾਰ ਨੇ ਬਜਟ ਇਜਲਾਸ ਵਿੱਚ ਮਜ਼ਦੂਰ ਵਰਗ ਨੂੰ ਨਜ਼ਰਅੰਦਾਜ਼ ਕੀਤਾ ਤਾਂ 26 ਮਾਰਚ ਨੂੰ ਕੈਪਟਨ ਦੇ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਅਤੇ ਮੋਦੀ ਦੇ ਰਾਜ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦਿਨੋਂ ਦਿਨ ਵਧ ਰਹੀਆਂ ਹਨ। ਰੋਜ਼ਾਨਾ ਵਰਤੋਂ ਦੀਆਂ ਵਾਲੀਆਂ ਵਸਤਾਂ ਜਿਵੇਂ ਸਰ੍ਹੋਂ ਦਾ ਤੇਲ, ਦਾਲਾਂ, ਹਲਦੀ, ਮਿਰਚ, ਮਸਾਲਾ, ਪਿਆਜ਼ ਅਤੇ ਸ਼ਬਜੀਆਂ ਸਮੇਤ ਹੋਰ ਖਾਧ ਪਦਾਰਥਾਂ ਦੇ ਵਧੇ ਭਾਅ ਨੇ ਲੋਕਾਂ ਦੀ ਜ਼ਿੰਦਗੀ ਨਰਕ ਬਣਾ ਦਿੱਤੀ ਹੈ।