ਪੱਤਰ ਪ੍ਰੇਰਕ
ਬਠਿੰਡਾ, 19 ਜੁਲਾਈ
ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਾਲ 2020-21 ਲਈ ‘ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ ਸਿਹਤ ਬੀਮੇ ਦਾ ਲਾਭ ਲੈਣ ਲਈ 24 ਜੁਲਾਈ ਤੱਕ ਅਰਜ਼ੀਆਂ ਦੇਣ ਦੀ ਅਪੀਲ ਕੀਤੀ ਹੈ। ਇਸ ਯੋਜਨਾ ਨਾਲ ਹਰੇਕ ਲਾਭਪਾਤਰੀ ਪਰਿਵਾਰ ਨੂੰ ਪੰਜ ਲੱਖ ਰੁਪਏ ਤੱਕ ਦਾ ਇਲਾਜ ਮੁਹੱਈਆ ਹੋਵੇਗਾ। ਡਿਪਟੀ ਕਮਿਸ਼ਨਰ ਬੀ ਸ੍ਰੀਨਿਵਾਸ਼ਨ ਨੇ ਦੱਸਿਆ ਕਿ ‘ਜੇ’ ਫਾਰਮ ਅਤੇ ‘ਗੰਨਾ ਤੋਲ ਪਰਚੀ’ ਵਾਲੇ ਸਾਰੇ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ ਯੋਗ ਹਨ, ਜਿਨ੍ਹਾਂ ਨੂੰ 24 ਜੁਲਾਈ ਤੱਕ ਘੋਸ਼ਣਾ ਪੱਤਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆਪਣੇ ਆੜ੍ਹਤੀਏ ਕੋਲ ਜਮ੍ਹਾਂ ਕਰਵਾਉਣੇ ਹੋਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਕਿਸਾਨਾਂ ਦੇ ਬੀਮੇ ਦਾ ਸਮੁੱਚਾ ਪ੍ਰੀਮੀਅਮ ਅਦਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਿਹਤ ਬੀਮਾ ਸਕੀਮ ਤਹਿਤ ਲਾਭਪਾਤਰੀ ਦਿਲ ਦੇ ਅਪ੍ਰੇਸ਼ਨ, ਕੈਂਸਰ ਦੇ ਇਲਾਜ, ਜੋੜ ਬਦਲਾਉਣ ਅਤੇ ਐਕਸੀਡੈਂਟ ਦੇ ਕੇਸਾਂ ਵਰਗੇ ਵੱਡੇ ਅਪ੍ਰੇਸ਼ਨਾਂ ਦੇ ਇਲਾਜ ਸਮੇਤ 1396 ਬਿਮਾਰੀਆਂ ਲਈ 546 ਸੂਚੀਬੱਧ ਹਸਪਤਾਲਾਂ ਅਤੇ 208 ਸਰਕਾਰੀ ਹਸਪਤਾਲਾਂ ਵਿੱਚ ਪੰਜ ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਇਛੁੱਕ ਕਿਸਾਨਾਂ ਫਾਰਮ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆੜ੍ਹਤੀਆ ਫਰਮ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ। ਹੋਰ ਜਾਣਕਾਰੀ ਲਈ ਟੋਲ ਫ੍ਰੀ ਨੰਬਰ 104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।