ਸ਼ਗਨ ਕਟਾਰੀਆ
ਬਠਿੰਡਾ, 23 ਸਤੰਬਰ
ਇੱਥੇ ਸਰਕਾਰੀ ਰਾਜਿੰਦਰਾ ਕਾਲਜ ਵਿੱਚ 37ਵਾਂ ਕਾਨਵੋਕੇਸ਼ਨ ਸਮਾਰੋਹ ਹੋਇਆ, ਜਿਸ ਵਿੱਚ ਡਿਗਰੀ ਵੰਡਣ ਦੇ ਫ਼ਰਜ਼ ਮੁੱਖ ਮਹਿਮਾਨ ਵਜੋਂ ਪਹੁੰਚੇ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਨੇ ਨਿਭਾਏ। ਸੰਬੋਧਨ ਦੌਰਾਨ ਸ੍ਰੀ ਗਿੱਲ ਨੇ ਵਿਦਿਆਰਥੀਆਂ ਨਾਲ ਆਪਣੀ ਜ਼ਿੰਦਗੀ ਦੇ ਤਜਰਬੇ ਸਾਂਝੇ ਕਰਦਿਆਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਉਹ ਵੀ ਸਾਧਾਰਨ ਪਰਿਵਾਰ ਵਿੱਚੋਂ ਉਠ ਕੇ ਲੋਕ ਸੇਵਾ ਹਿੱਤ ਕਾਰਜ ਕਰ ਰਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਮਿਹਨਤ ਨਾਲ ਚੰਗੇਰੇ ਭਵਿੱਖ ਨੂੰ ਰੁਸ਼ਨਾਇਆ ਜਾ ਸਕਦਾ ਹੈ ਅਤੇ ਇੱਕ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਕੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਕੇ ਵੱਡੇ ਅਹੁਦਿਆਂ ’ਤੇ ਪਹੁੰਚਣ ਦੀ ਕਾਮਨਾ ਵੀ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਨੇਕ ਇਰਾਦਿਆਂ ਤੇ ਬੁਲੰਦ ਹੌਂਸਲਿਆਂ ਨਾਲ ਮੰਜ਼ਿਲਾਂ ਨੂੰ ਸਰ ਕੀਤਾ ਜਾ ਸਕਦਾ ਹੈ। ਸਮਾਗਮ ਦੌਰਾਨ ਉਨ੍ਹਾਂ ਵੱਲੋਂ ਸਰਕਾਰੀ ਰਾਜਿੰਦਰਾ ਕਾਲਜ ਦੇ ਪੰਜਾਬੀ ਯੂਨੀਵਰਸਿਟੀ ਦੀ 2020-21 ਅਤੇ 2021-22 ਦੀਆਂ ਪ੍ਰੀਖਿਆਵਾਂ ਚੋਂ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ 94 ਪੋਸਟ ਗ੍ਰੇਜੂਏਸ਼ਨ, 191 ਗ੍ਰੈਜੂਏਸ਼ਨ ਹੋਣਹਾਰ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਉਨ੍ਹਾਂ ਵੱਖ-ਵੱਖ ਗਤੀਵਿਧੀਆਂ ਵਿੱਚੋਂ ਉੱਤਮ ਸਥਾਨ ਪ੍ਰਾਪਤ ਕਰਨ ਵਾਲੇ 6 ਵਿਦਿਆਰਥੀਆਂ ਨੂੰ ਰੋਲ ਆਫ ਆਨਰ ਨਾਲ ਸਨਮਾਨਿਤ ਕੀਤਾ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਯੋਤਸਨਾ, ਪ੍ਰੋ. ਮਨਵਿੰਦਰ ਸਿੰਘ, ਕਾਲਜ ਦੀ ਪੀਟੀਏ ਕਮੇਟੀ, ਰੌਸ ਕਮੇਟੀ, ਕਾਲਜ ਦੇ ਸਮੁੱਚੇ ਸਟਾਫ਼ ਤੋਂ ਇਲਾਵਾ ਕਾਲਜ ਦੇ ਸਾਬਕਾ ਪ੍ਰਿੰਸੀਪਲ, ਪ੍ਰੋਫੈਸਰ ਤੇ ਵਿਦਿਆਰਥੀ ਆਦਿ ਹਾਜ਼ਰ ਸਨ।