ਬਠਿੰਡਾ ਨਿਗਮ ਦੇ ਡਿਪਟੀ ਮੇਅਰ ਹਰਮਿੰਦਰ ਸਿੰਘ ਵੱਲੋਂ ਅਸਤੀਫ਼ਾ
ਪੱਤਰ ਪ੍ਰੇਰਕ
ਬਠਿੰਡਾ, 21 ਜਨਵਰੀ
ਬਠਿੰਡਾ ਨਿਗਮ ਦੇ ਡਿਪਟੀ ਮੇਅਰ ਮਾਸਟਰ ਹਰਮਿੰਦਰ ਸਿੰਘ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਸੌਂਪਿਆ ਹੈ। ਜਾਣਕਾਰੀ ਅਨੁਸਾਰ ਬਠਿੰਡਾ ਨਿਗਮ ਵਿੱਚ ਕਾਂਗਰਸ ਪਾਰਟੀ ਨੂੰ ਲਗਾਤਾਰ ਝਟਕੇ ਲੱਗ ਰਹੇ ਹਨ। ‘ਆਪ’ ਦੇ ਪਦਮਜੀਤ ਸਿੰਘ ਮਹਿਤਾ ਦੇ ਮੇਅਰ ਬਣਨ ਮਗਰੋਂ ਕਾਂਗਰਸ ਕਾਫੀ ਕਮਜ਼ੋਰ ਹੋ ਗਈ ਹੈ। ਹੁਣ ਨਿਗਮ ਵਿੱਚ ਕਾਂਗਰਸ ਦੇ ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ ਰਹਿ ਗਏ ਹਨ। ਅੱਜ ਹਰਮਿੰਦਰ ਸਿੰਘ ਨੇ ਐਲਾਨ ਕੀਤਾ ਜਦੋਂ ਕਾਂਗਰਸ ਮੇਅਰ ਦੀ ਚੋਣ ਮੌਕੇ ਇੱਕਜੁਟ ਨਹੀਂ ਰਹਿ ਸਕੀ ਤਾਂ ਉਹ ਕਿਸ ਤਰ੍ਹਾਂ ਆਪਣੇ ਅਹੁਦੇ ’ਤੇ ਬਣੇ ਰਹੇ ਸਕਦੇ ਸਨ। ਗੌਰਤਲਬ ਹੈ ਕਿ ਬੀਤੀ 5 ਫਰਵਰੀ ਨੂੰ ਵਿਰੋਧੀ ਧਿਰ ਵੱਲੋਂ ਡਿਪਟੀ ਮੇਅਰ ਖ਼ਿਲਾਫ਼ ਬੇਭਰੋਸਗੀ ਦਾ ਮਤਾ ਲਿਆਂਦਾ ਸੀ। ਹਾਲਾਂਕਿ ਕਿ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਮੇਅਰ ਅਹੁਦੇ ’ਤੇ ਬਣੇ ਰਹਿਣ ਲਈ ਕਾਂਗਰਸ ਇਕਜੁੱਟ ਹੋਵੇਗੀ ਪਰ ਮੇਅਰ ਦਾ ਅਹੁਦਾ ਗੁਆਉਣ ਤੋਂ ਬਾਅਦ ‘ਆਪ’ ਦੇ ਹੌਸਲੇ ਬੁਲੰਦ ਹਨ ਪਰ ਕਾਂਗਰਸ ਨੂੰ ਅੱਜ ਇੱਕ ਵਾਰ ਫਿਰ ਝਟਕਾ ਲੱਗਿਆ ਹੈ। ਅੱਜ ਬਠਿੰਡਾ ਦੇ ਡਿਪਟੀ ਮੇਅਰ ਮਾਸਟਰ ਹਰਮਿੰਦਰ ਸਿੰਘ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸਾਲ 2021 ਵਿੱਚ ਨਗਰ ਨਿਗਮ ਦੀ ਚੋਣ ਮੌਕੇ ਕਾਂਗਰਸ ਪਾਰਟੀ ਨੇ ਕੁੱਲ 50 ਵਾਰਡਾਂ ਵਿੱਚੋਂ 43 ਵਾਰਡਾਂ ਵਿੱਚ ਜਿੱਤ ਪ੍ਰਾਪਤ ਕੀਤੀ ਸੀ। ਉਸ ਸਮੇਂ ਮਨਪ੍ਰੀਤ ਬਾਦਲ ਵੱਲੋਂ ਰਮਨ ਗੋਇਲ ਨੂੰ ਮੇਅਰ ਬਣਾਇਆ ਗਿਆ ਸੀ।