Bathinda Police ਵੱਲੋਂ 258 ਗ੍ਰਾਮ ਹੈਰੋਇਨ ਬਰਾਮਦ ; ਤਿੰਨ ਗ੍ਰਿਫ਼ਤਾਰ
ਬਠਿੰਡਾ ਪੁਲੀਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 258 ਗ੍ਰਾਮ ਹੈਰੋਇਨ, ਇੱਕ ਕਾਰ ਅਤੇ ਇੱਕ ਦੇਸੀ ਰਿਵਾਲਵਰ ਸਮੇਤ 19 ਜ਼ਿੰਦਾ ਕਾਰਤੂਸਾਂ ਬਰਾਮਦ ਕੀਤੇ ਗਏ ਹਨ। ਇਹ ਕਾਰਵਾਈ ਐੱਸ ਐੱਸ ਪੀ ਡਾ. ਜਯੋਤੀ ਯਾਦਵ...
ਬਠਿੰਡਾ ਪੁਲੀਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 258 ਗ੍ਰਾਮ ਹੈਰੋਇਨ, ਇੱਕ ਕਾਰ ਅਤੇ ਇੱਕ ਦੇਸੀ ਰਿਵਾਲਵਰ ਸਮੇਤ 19 ਜ਼ਿੰਦਾ ਕਾਰਤੂਸਾਂ ਬਰਾਮਦ ਕੀਤੇ ਗਏ ਹਨ।
ਇਹ ਕਾਰਵਾਈ ਐੱਸ ਐੱਸ ਪੀ ਡਾ. ਜਯੋਤੀ ਯਾਦਵ ਬੈਂਸ ਦੀ ਅਗਵਾਈ ਅਤੇ ਡੀ ਐੱਸ ਪੀ ਰਾਮਪੁਰਾ ਫੂਲ ਮਨੋਜ ਕੁਮਾਰ ਦੀ ਨਿਗਰਾਨੀ ਹੇਠ ਥਾਣਾ ਫੂਲ ਦੀ ਪੁਲੀਸ ਪਾਰਟੀ ਵੱਲੋਂ ਕੀਤੀ ਗਈ। ਪੁਲੀਸ ਮੁਤਾਬਿਕ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਭਾਈਰੂਪਾ-ਸਲਾਬਤਪੁਰਾ ਰੋਡ ’ਤੇ ਇੱਕ ਈਟੋਸ ਕਾਰ ਨੂੰ ਰੋਕਿਆ ਗਿਆ। ਕਾਰ ਵਿੱਚ ਸਵਾਰ ਅਰਮਾਨ ਸਿੰਘ ਵਾਸੀ ਕਰਾਈਵਾਲਾ (ਸ੍ਰੀ ਮੁਕਤਸਰ ਸਾਹਿਬ), ਸਤਨਾਮ ਸਿੰਘ ਉਰਫ਼ ਧਰਮਾ ਵਾਸੀ ਕਾਲੋਕੇ (ਬਠਿੰਡਾ) ਅਤੇ ਗੁਰਸੇਵਕ ਸਿੰਘ ਉਰਫ਼ ਗੋਰਾ ਵਾਸੀ ਸੋਹਲ ਠੱਠੀ (ਤਰਨਤਾਰਨ) ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਅਦਾਲਤ ਤੋਂ ਪੁਲੀਸ ਰਿਮਾਂਡ ਹਾਸਲ ਕਰਨ ਉਪਰੰਤ ਕੀਤੀ ਗਈ ਪੁੱਛਗਿੱਛ ਦੌਰਾਨ ਮੁਲਜ਼ਮਾਂ ਕੋਲੋਂ ਹੋਰ 238 ਗ੍ਰਾਮ ਹੈਰੋਇਨ, ਇੱਕ ਦੇਸੀ ਰਿਵਾਲਵਰ ਅਤੇ 19 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਤਫ਼ਤੀਸ਼ ਦੌਰਾਨ ਸਾਹਮਣੇ ਆਏ ਤੱਥਾਂ ਦੇ ਆਧਾਰ ’ਤੇ ਬਲਜਿੰਦਰ ਸਿੰਘ ਉਰਫ਼ ਬਿੱਟੂ ਵਾਸੀ ਕਾਲੋਕੇ ਅਤੇ ਮਨਪ੍ਰੀਤ ਸਿੰਘ ਵਾਸੀ ਸ਼ਾਹਪੀਨੀ (ਹਨੂੰਮਾਨਗੜ੍ਹ) ਨੂੰ ਵੀ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ। ਪੁਲੀਸ ਨੇ ਬਲਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਮਨਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।
ਪੁਲੀਸ ਨੇ ਦੱਸਿਆ ਕਿ ਮੁਕੱਦਮੇ ਵਿੱਚ ਐੱਨ ਡੀ ਪੀ ਐੱਸ ਐਕਟ ਅਤੇ ਆਰਮਜ਼ ਐਕਟ ਦੀਆਂ ਹੋਰ ਧਾਰਾਵਾਂ ਵੀ ਸ਼ਾਮਲ ਕੀਤੀਆਂ ਗਈਆਂ ਹਨ। ਪੁਲੀਸ ਵੱਲੋਂ ਨਸ਼ਾ ਤਸਕਰੀ ਦੇ ਸੰਬੰਧਾਂ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

