Bathinda: ਸੀਨੀਅਰ ਕਾਂਸਟੇਬਲ ਨੂੰ ਅਗਵਾ ਕਰਕੇ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਤਿੰਨ ਗ੍ਰਿਫ਼ਤਾਰ
ਬਠਿੰਡਾ ਪੁਲੀਸ ਨੇ ਇੱਕ ਸੀਨੀਅਰ ਕਾਂਸਟੇਬਲ ਨੂੰ ਕਥਿਤ ਤੌਰ ’ਤੇ ਅਗਵਾ ਕਰਨ, ਉਸ ਨਾਲ ਕੁੱਟਮਾਰ ਕਰਨ ਅਤੇ ਉਸ ਦੀ ਕਾਰ ਤੇ ਡੈਬਿਟ ਕਾਰਡ ਖੋਹਣ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਮੁਤਾਬਕ ਮੁਲਜ਼ਮਾਂ ਨੇ ਪੁਰਾਣੀ ਰੰਜਿਸ਼ ਕਾਰਨ...
ਬਠਿੰਡਾ ਪੁਲੀਸ ਨੇ ਇੱਕ ਸੀਨੀਅਰ ਕਾਂਸਟੇਬਲ ਨੂੰ ਕਥਿਤ ਤੌਰ ’ਤੇ ਅਗਵਾ ਕਰਨ, ਉਸ ਨਾਲ ਕੁੱਟਮਾਰ ਕਰਨ ਅਤੇ ਉਸ ਦੀ ਕਾਰ ਤੇ ਡੈਬਿਟ ਕਾਰਡ ਖੋਹਣ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਮੁਤਾਬਕ ਮੁਲਜ਼ਮਾਂ ਨੇ ਪੁਰਾਣੀ ਰੰਜਿਸ਼ ਕਾਰਨ ਉਸ ਨੂੰ ਨਿਸ਼ਾਨਾ ਬਣਾਇਆ, ਕਿਉਂਕਿ ਉਸ ਨੇ ਹਾਲ ਹੀ ਵਿੱਚ ਉਨ੍ਹਾਂ ਵਿੱਚੋਂ ਕੁਝ ਨੂੰ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹਰਜਿੰਦਰ ਸਿੰਘ, ਸਤਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਉਰਫ਼ ਪੋਪਾ ਵਜੋਂ ਹੋਈ ਹੈ। ਤਿੰਨੋਂ ਮੁਲਜ਼ਮ ਪਿੰਡ ਸੇਮਾ ਕਲਾਂ ਦੇ ਵਸਨੀਕ ਹਨ। ਪੁਲੀਸ ਨੇ ਦੱਸਿਆ ਕਿ ਉਨ੍ਹਾਂ ਦੇ ਦੋ ਹੋਰ ਅਣਪਛਾਤੇ ਸਾਥੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।
ਸ਼ਿਕਾਇਤਕਰਤਾ ਸੀਨੀਅਰ ਕਾਂਸਟੇਬਲ ਕੁਲਵਿੰਦਰ ਸਿੰਘ ਅਨੁਸਾਰ, 30 ਜੂਨ ਨੂੰ ਭੁੱਚੋ ਵਿੱਚ ਜਦੋਂ ਉਹ ਸੜਕ ਕਿਨਾਰੇ ਦਵਾਈ ਲੈ ਰਹੇ ਸਨ ਤਾਂ ਮੁਲਜ਼ਮਾਂ ਨੇ ਪਹਿਲਾਂ ਉਨ੍ਹਾਂ ਦੀ ਵੀਡੀਓ ਬਣਾਈ। ਇਸ ਤੋਂ ਬਾਅਦ ਉਨ੍ਹਾਂ ਨਾਲ ਕੁੱਟਮਾਰ ਕਰਕੇ ਜ਼ਬਰਦਸਤੀ ਆਪਣੀ ਗੱਡੀ ਵਿੱਚ ਬਿਠਾ ਕੇ ਪਿੰਡ ਸੇਮਾ ਕਲਾਂ ਲੈ ਗਏ। ਉੱਥੇ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਅਤੇ 2 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਉਸ ਦਾ ਡੈਬਿਟ ਕਾਰਡ ਅਤੇ ਕਾਰ ਵੀ ਲੈ ਗਏ।
ਡੀਐੱਸਪੀ ਅਰੁਣ ਮੁੰਡਨ ਨੇ ਦੱਸਿਆ ਕਿ ਸ਼ਿਕਾਇਤਕਰਤਾ ਕੁਲਵਿੰਦਰ ਸਿੰਘ ਪੁਲੀਸ ਹੈਲਪਲਾਈਨ ਸੈੱਲ ਵਿੱਚ ਤਾਇਨਾਤ ਹੈ। ਉਨ੍ਹਾਂ ਕਿਹਾ, “ਕੁਲਵਿੰਦਰ ਨੇ ਪਿਛਲੇ ਮਹੀਨੇ ਇੱਕ ਮਾਮਲੇ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਰੰਜਿਸ਼ ਦੇ ਚਲਦਿਆਂ ਮੁਲਜ਼ਮਾਂ ਨੇ ਕਥਿਤ ਤੌਰ ’ਤੇ ਉਸ ’ਤੇ ਹਮਲਾ ਕਰਕੇ ਅਗਵਾ ਕੀਤਾ। ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਬਾਕੀ ਦੋ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਸ਼ਿਕਾਇਤਕਰਤਾ ਦੀ ਕਾਰ ਬਰਾਮਦ ਕਰਨ ਦੀ ਕਾਰਵਾਈ ਵੀ ਜਾਰੀ ਹੈ।” ਇਸ ਸਬੰਧੀ ਕੈਂਟ ਥਾਣੇ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ।
