Bathinda Toll Free: SKM ਦੇ ਸੱਦੇ ’ਤੇ ਬਠਿੰਡਾ ਦੇ ਟੋਲ ਪਲਾਜ਼ੇ ਹੋਏ ‘ਮੁਫ਼ਤ
ਭਾਰਤ-ਅਮਰੀਕਾ ਵਪਾਰ ਸਮਝੌਤਾ ਰੱਦ ਕਰਨ ਅਤੇ ਖਾਦ-ਤੇਲ ਦੀਆਂ ਕੀਮਤਾਂ ਘਟਾਉਣ ਦੀ ਮੰਗ
ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਦਿੱਤੇ ਗਏ ਦੇਸ਼-ਵਿਆਪੀ ਸੱਦੇ ’ਤੇ ਅਮਲ ਕਰਦਿਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਬੁੱਧਵਾਰ ਨੂੰ ਬਠਿੰਡਾ ਜ਼ਿਲ੍ਹੇ ਦੇ ਸਾਰੇ ਟੋਲ ਪਲਾਜ਼ਿਆਂ ’ਤੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਵਿਰੋਧ ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਦੁਪਹਿਰ 12 ਵਜੇ ਤੋਂ ਲੈ ਕੇ ਤਿੰਨ ਘੰਟਿਆਂ ਲਈ ਵਾਹਨਾਂ ਨੂੰ ਬਿਨਾਂ ਕੋਈ ਟੋਲ ਦਿੱਤੇ ਲੰਘਣ ਦੀ ਛੋਟ ਦਿੱਤੀ। ਇਸ ਪ੍ਰਦਰਸ਼ਨ ਦੌਰਾਨ ਜੀਦਾ, ਲਹਿਰਾ ਬੇਗਾ, ਬੱਲੂਆਣਾ, ਜੱਸੀ ਬਾਗਵਾਲੀ ਅਤੇ ਸ਼ੇਖਪੁਰਾ ਪਿੰਡਾਂ ਵਿਖੇ ਸਥਿਤ ਟੋਲ ਪਲਾਜ਼ਿਆਂ ਨੂੰ ਪੂਰੀ ਤਰ੍ਹਾਂ ਟੋਲ-ਫ਼੍ਰੀ ਕਰਵਾਇਆ ਗਿਆ। ਟੋਲ ਪਲਾਜ਼ਿਆਂ ’ਤੇ ਔਰਤਾਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋਏ, ਜਿਨ੍ਹਾਂ ਨੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਮੰਗਾਂ ਨਾਲ ਸਬੰਧਤ ਪਲੇਕਾਰਡ ਹੱਥਾਂ ’ਚ ਫੜ ਕੇ ਰੋਸ ਪ੍ਰਗਟਾਇਆ।
ਪ੍ਰਦਰਸ਼ਨਕਾਰੀ ਕਿਸਾਨਾਂ ਨੇ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਕਿਸਾਨ ਆਗੂਆਂ ਦਾ ਦਾਅਵਾ ਹੈ ਕਿ ਇਹ ਸਮਝੌਤਾ ਦੇਸ਼ ਦੇ ਕਿਸਾਨੀ ਭਾਈਚਾਰੇ ਦੇ ਹਿੱਤਾਂ ’ਤੇ ਮਾੜਾ ਅਸਰ ਪਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਯੂਰੀਆ ਅਤੇ ਡੀ.ਏ.ਪੀ. (DAP) ਖਾਦਾਂ ਦੀ ਢੁਕਵੀਂ ਸਪਲਾਈ ਯਕੀਨੀ ਬਣਾਉਣਾ ਅਤੇ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਨੂੰ ਤੁਰੰਤ ਵਾਪਸ ਲੈਣਾ ਸ਼ਾਮਲ ਹੈ। ਖ਼ਬਰ ਲਿਖੇ ਜਾਣ ਤੱਕ ਕਿਸਾਨਾਂ ਦਾ ਇਹ ਰੋਸ ਪ੍ਰਦਰਸ਼ਨ ਪੂਰੀ ਤਰ੍ਹਾਂ ਸ਼ਾਂਤਮਈ ਰਿਹਾ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਖ਼ਬਰ ਨਹੀਂ ਹੈ। ਵਾਹਨ ਚਾਲਕਾਂ ਨੂੰ ਬਿਨਾਂ ਟੋਲ ਪਰਚੀ ਕੱਟੇ ਲੰਘਣ ਦਿੱਤੇ ਜਾਣ ਕਾਰਨ ਆਵਾਜਾਈ ਬਿਨਾਂ ਕਿਸੇ ਰੁਕਾਵਟ ਦੇ ਸੁਚਾਰੂ ਢੰਗ ਨਾਲ ਚੱਲਦੀ ਰਹੀ।

