ਮਨੋਜ ਸ਼ਰਮਾ
ਬਠਿੰਡਾ, 1 ਅਗਸਤ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਬਠਿੰਡਾ ਨੂੰ ਉਦਯੋਗਿਕ ਹੱਬ ਬਣਾ ਕੇ ਨਮੂਨੇ ਦਾ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਵਿਸ਼ਵਾਸ਼ ਦਿਵਾਇਆ ਕਿ ਜਲਦ ਹੀ ਬਠਿੰਡਾ ਵਿੱਚ ਉੱਚ ਅਧਿਕਾਰੀਆਂ ਨਾਲ ਬੈਠਕ ਕਰ ਕੇ ਉਲੀਕੀਆਂ ਯੋਜਨਾਵਾਂ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ। ਇਸ ਦੌਰਾਨ ‘ਆਪ’ ਦੇ ਬੁਲਾਰੇ ਨੀਲ ਗਰਗ ਦੇ ਘਰ ਸਨਅਤਕਾਰਾਂ ਟ੍ਰੇਡ ਵਿੰਗ ਦੇ ਸੂਬਾ ਪ੍ਰਧਾਨ ਅਨਿਲ ਠਾਕੁਰ, ਪ੍ਰਵੀਨ ਜਿੰਦਲ, ਪੁਲੀਸ ਬਾਂਸਲ, ਅਸ਼ੋਕ ਧੁਨੀਕੇ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਬਠਿੰਡਾ ਦੇ ਸਰਵਪੱਖੀ ਵਿਕਾਸ ਤੋਂ ਇਲਾਵਾ ਉਦਯੋਗਿਕ ਇਕਾਈਆਂ ਨੂੰ ਹੁਲਾਰਾ ਦੇਣ ਲਈ ਨਿਰੰਤਰ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ। ਇਸ ਮੌਕੇ ਉਨ੍ਹਾਂ ਨਾਲ ਬਠਿੰਡਾ (ਸ਼ਹਿਰੀ) ਵਿਧਾਇਕ ਜਗਰੂਪ ਸਿੰਘ ਗਿੱਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਸ੍ਰੀ ਗਿੱਲ ਨੇ ਮੁੱਦਾ ਉਠਾਇਆ ਕਿ ਗੁਰੂ ਨਾਨਕ ਦੇਵ ਥਰਮਲ ਵਾਲੀ ਜਗ੍ਹਾ ’ਤੇ ਕੋਈ ਵੱਡਾ ਉਦਯੋਗ ਸਥਾਪਿਤ ਕੀਤਾ ਜਾਵੇ। ਇਸ ’ਤੇ ਮੰਤਰੀ ਨੇ ਸ਼ਨਿਚਰਵਾਰ ਨੂੰ ਦੌਰਾ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹਿਰ ਦੇ ਸਰਵਪੱਖੀ ਵਿਕਾਸ ਕਾਰਜਾਂ ਤੋਂ ਇਲਾਵਾ ਆਮ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਅਜਿਹੀਆਂ ਭਵਿੱਖੀ ਉਦਯੋਗਿਕ ਇਕਾਈਆਂ ਨੂੰ ਤਲਾਸ਼ਿਆ ਜਾਵੇ ਜਿਸ ਨਾਲ ਸ਼ਹਿਰ ਦਾ ਸਰਵਪੱਖੀ ਵਿਕਾਸ ਹੋ ਸਕੇ। ਇਸ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੂੰ ਬਠਿੰਡਾ ਦੇ ਲੇਕ ਵਿਊ ਵਿਖੇ ਪਹੁੰਚਣ ਤੇ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ ਆਨਰ ਨਾਲ ਸਨਮਾਨਿਤ ਵੀ ਕੀਤਾ ਗਿਆ।
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਮੁਕਤਸਰ ਜ਼ਿਲ੍ਹੇ ਦੇ ਇੰਚਾਰਜ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਚਾਰ ਘੰਟੇ ਲੰਬੀ ਬੈਠਕ ਵਿੱਚ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਲੋਕਾਂ ਦੇ ਮਸਲੇ ਪਹਿਲ ਨਾਲ ਹੱਲ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਕਿ ਨਰਮੇ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਖੇਤਾਂ ਵਿੱਚ ਬਰਸਾਤ ਨਾਲ ਨਰਮੇ ਦੀ ਫ਼ਸਲ ਖ਼ਰਾਬ ਹੋ ਗਈ ਹੈ, ਉਨ੍ਹਾਂ ਕਿਸਾਨਾਂ ਨੂੰ ਝੋਨਾ ਅਤੇ ਬਾਸਮਤੀ ਲਾਉਣ ਲਈ ਪ੍ਰੇਰਿਆ ਜਾਵੇ। ਇਸ ਮੌਕੇ ਮੁਕਤਸਰ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਲੰਬੀ ਦੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ, ਵਰਿੰਦਰ ਢੋਸੀਵਾਲ, ਜਗਦੇਵ ਸਿੰਘ ਬਾਮ, ਜਸ਼ਨ ਬਰਾੜ ਅਤੇ ਅਧਿਕਾਰੀ ਵੀ ਮੌਜੂਦ ਸਨ।
ਮੰਤਰੀ ਭੁੱਲਰ ਵੱਲੋਂ ਵੈਟਨਰੀ ਕਾਲਜ ਦਾ ਦੌਰਾ
ਰਾਮਪੁਰਾ ਫੂਲ (ਬਠਿੰਡਾ) (ਪੱਤਰ ਪ੍ਰੇਰਕ): ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਅਤੇ ਟਰਾਂਸਪੋਰਟ ਵਿਭਾਗ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਰਾਮਪੁਰਾ ਫੂਲ ਵਿੱਚ ਨਵੇਂ ਬਣੇ ਕਾਲਜ ਆਫ਼ ਵੈਟਰਨਰੀ ਸਾਇੰਸ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਵਾਈਸ-ਚਾਂਸਲਰ ਡਾ. ਇੰਦਰਜੀਤ ਸਿੰਘ ਦੀ ਮੌਜੂਦਗੀ ਵਿੱਚ ਕਾਲਜ ਦੇ ਫੈਕਲਟੀ ਨਾਲ ਮੀਟਿੰਗ ਵੀ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਕੰਪਲੈਕਸ ਵਿੱਚ ਇੱਕ ਬੂਟਾ ਵੀ ਲਗਾਇਆ। ਸ੍ਰੀ ਭੁੱਲਰ ਨੇ ਸਾਰੇ ਵਿਭਾਗਾਂ ਅਤੇ ਪਸ਼ੂਆਂ ਦੇ ਇਲਾਜ ਲਈ ਉਪਲਬਧ ਸਹੂਲਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਪਸ਼ੂਆਂ ਦੀ ਚਮੜੀ ਦੀ ਬਿਮਾਰੀ ਸਬੰਧੀ ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਨੂੰ ਟੀਕਾਕਰਨ ਦੀਆਂ ਲੋੜੀਂਦੀਆਂ ਖ਼ੁਰਾਕਾਂ ਪ੍ਰਾਪਤ ਕਰ ਕੇ ਸਾਰੇ ਪਸ਼ੂਆਂ ਦਾ ਜਲਦੀ ਤੋਂ ਜਲਦੀ ਟੀਕਾਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇੱਥੇ ਪ੍ਰਤੀ ਬੈਚ ਵਿੱਚ ਮੌਜੂਦ 80 ਵਿਦਿਆਰਥੀਆਂ ਦੀ ਗਿਣਤੀ ਨੂੰ ਭਵਿੱਖ ’ਚ ਵਧਾਉਣ ਲਈ ਯਤਨ ਕੀਤੇ ਜਾਣਗੇ।