ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 24 ਜੁਲਾਈ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) 31 ਜੁਲਾਈ ਨੂੰ ਏਸ਼ੀਆ ਦੇ ਸਭ ਤੋਂ ਵੱਡੇ ਰੇਲਵੇ ਜੰਕਸ਼ਨ ਬਠਿੰਡਾ ’ਤੇ 4 ਘੰਟੇ ਲਈ ਧਰਨਾ ਲਾ ਕੇ ਰੇਲਾਂ ਦੀ ਆਵਾਜਾਈ ਰੋਕੇਗੀ। ਯੂਨੀਅਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਤੇ ਸੂਬਾਈ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਦਿੱਲੀ ਮੋਰਚੇ ਦੌਰਾਨ ਕੇਂਦਰ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚੇ ਨਾਲ ਮੀਟਿੰਗ ’ਚ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਰੋਸ ਵਜੋਂ ਮੋਰਚੇ ਦੇ ਸੱਦੇ ਤਹਿਤ ਇਹ ਐਕਸ਼ਨ ਸਵੇਰੇ 11 ਤੋਂ ਬਾਅਦ ਦੁਪਹਿਰ 3 ਵਜੇ ਤੱਕ ਅਮਲ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੀਆਂ ਫ਼ਸਲਾਂ ਦੇ ਐੱਮਐੱਸਪੀ ਮਿਥ ਕੇ ਸਰਕਾਰੀ ਖ਼ਰੀਦ ਦੀ ਗਾਰੰਟੀ ਕਰਨ, ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜ ਲੱਖ ਰੁਪਏ ਪ੍ਰਤੀ ਪਰਿਵਾਰ ਸਹਾਇਤਾ ਤੇ ਪਰਿਵਾਰ ਦੇ ਇੱਕ ਜੀ ਨੂੰ ਸਰਕਾਰੀ ਨੌਕਰੀ ਦੇਣ, ਦਿੱਲੀ ਸਮੇਤ ਸਾਰੇ ਰਾਜਾਂ ’ਚ ਕਿਸਾਨ ’ਤੇ ਦਰਜ ਹੋਏ ਪੁਲੀਸ ਕੇਸ ਰੱਦ ਕਰਨ ਵਰਗੀਆਂ ਮੰਗਾਂ ਮੰਨਣ ਨਾਲ ਹੀ ਮੋਰਚੇ ਦੀ ਸਮਾਪਤੀ ਹੋਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਹੁਣ ਇਨ੍ਹਾਂ ਮੰਗਾਂ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਐੱਮਐੱਸਪੀ ਬਾਰੇ ਕਮੇਟੀ ਬਣਾਉਣ ਦੀ ਸਰਕਾਰ ਦੀ ਤਜਵੀਜ਼ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਪਹਿਲਾਂ ਹੀ ਰੱਦ ਕੀਤਾ ਜਾ ਚੁੱਕਾ ਹੈ।
ਇਨ੍ਹਾਂ ਆਗੂਆਂ ਨੇ ਇਥੇ ਕਿਸਾਨਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਵੀ ਕੀਤੀ ਜਿਸ ਵਿੱਚ ਹਰਜਿੰਦਰ ਸਿੰਘ ਬੱਗੀ, ਬਸੰਤ ਸਿੰਘ ਕੋਠਾ ਗੁਰੂ, ਜਸਵੀਰ ਸਿੰਘ ਬੁਰਜ ਸੇਮਾ, ਜਗਸੀਰ ਸਿੰਘ ਝੁੰਬਾ ਆਦਿ ਸਮੇਤ ਬਲਾਕਾਂ ਦੇ ਆਗੂ ਸ਼ਾਮਲ ਹੋਏ।
ਬੰਦ ਨੂੰ ਸਫ਼ਲ ਬਣਾਉਣ ਲਈ ਤਿਆਰੀਆਂ ਵਿੱਢੀਆਂ
ਸਿਰਸਾ (ਨਿੱਜੀ ਪੱਤਰ ਪ੍ਰੇਰਕ) ਐੱਮਐੱਸਪੀ ਤੇ ਹੋਰ ਕਿਸਾਨੀਂ ਮੁੱਦਿਆਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ 31 ਜੁਲਾਈ ਦੇ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਪਿੰਡਾਂ ’ਚ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਸਿਰਸਾ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਭਾਵਦੀਨ ਟੌਲ ਪਲਾਜੇ ’ਤੇ ਚੱਕਾ ਜਾਮ ਕੀਤੇ ਜਾਣ ਦਾ ਫੈਸਲਾ ਲਿਆ ਗਿਆ ਹੈ। ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਡਾ. ਸੁਖਦੇਵ ਸਿੰਘ ਜੰਮੂ ਨੇ ਦੱਸਿਆ ਹੈ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ 31 ਜੁਲਾਈ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਜੋਰਾਂ ਸ਼ੋਰਾਂ ਨਾਲ ਤਿਆਰੀ ਕੀਤੀ ਜਾ ਰਹੀ ਹੈ। ਪਿੰਡਾਂ ਵਿੱਚ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ 31 ਜੁਲਾਈ ਨੂੰ ਜਿਥੇ ਕਿਸਾਨ ਜਥੇਬੰਦੀਆਂ ਵੱਲੋਂ ਵਪਾਰੀਆਂ ਤੇ ਹੋਰ ਜਥੇਬੰਦੀਆਂ ਨਾਲ ਤਾਲਮੇਲ ਕਰਕੇ ਸ਼ਹਿਰ ਨੂੰ ਚਾਰ ਘੰਟਿਆਂ ਲਈ ਬੰਦ ਰੱਖਿਆ ਜਾਵੇਗਾ ਉਥੇ ਹੀ ਭਾਵਦੀਨ ਟੌਲ ਪਲਾਜੇ ’ਚ ਚਾਰ ਘੰਟਿਆਂ ਲਈ ਚੱਕਾ ਜਾਮ ਵੀ ਕੀਤਾ ਜਾਵੇਗਾ। ਕਿਸਾਨ ਆਗੂ ਤਿਲਕ ਰਾਜ ਵਿਨਾਇਕ ਕਿਸਾਨਾਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਕੀਤੇ ਆਪਣੇ ਵਾਅਦੇ ਤੋਂ ਭੱਜ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ ਵੱਲੋਂ ਭਰਵਾਂ ਹਾਂ ਪੱਖੀ ਹੁੰਗਾਰਾ ਮਿਲ ਰਿਹਾ ਹੈ।