ਪੱਤਰ ਪ੍ਰੇਰਕ
ਬਠਿੰਡਾ, 27 ਜੂਨ
‘ਪੰਜਾਬ ਸਰਕਾਰ ਪੇਸ਼ ਕੀਤੇ ਬਜਟ ਵਿੱਚ ਕਿਸਾਨਾਂ ਨੂੰ ਕੋਈ ਵੱਡੀ ਰਾਹਤ ਨਹੀਂ ਦੇ ਸਕੀ, ਪਹਿਲਾਂ ਸੱਤਾ ’ਚ ਆਈਆਂ ਸਰਕਾਰਾਂ ਵਾਂਗ ਹੀ ਇਸ ਸਰਕਾਰ ਨੇ ਬਜਟ ਪੇਸ਼ ਕਰਕੇ ਲੋਕਾਂ ਦੀਆਂ ਉਮੀਦਾਂ ’ਤੇ ਪਾਣੀ ਫੇਰ ਦਿੱਤਾ ਹੈ, ਜਿਸ ਕਰਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਪੰਜਾਬ ਸਰਕਾਰ ਦੇ ਇਸ ਡੰਗ ਟਪਾਊ ਬਜਟ ਦੀ ਸਖ਼ਤ ਨਿਖੇਧੀ ਕਰਦੀ ਹੈ।’ ਇਹ ਗੱਲ ਸੂਬਾ ਮੁੱਖ ਸਕੱਤਰ ਜਨਰਲ ਰਾਮਕਰਨ ਸਿੰਘ ਰਾਮਾ ਨੇ ਆਖੀ। ਉਨ੍ਹਾਂ ਕਿਹਾ ਕਿ ਬਜਟ ਵਿੱਚ ਅਵਾਰਾਂ ਪਸ਼ੂਆਂ, ਖੇਤੀ ਕਰਨ ਲਈ ਡੀਜ਼ਲ ’ਤੇ ਸਬਸਿਡੀ, ਅਵਾਰਾ ਕੁੱਤਿਆਂ ਦੇ ਪ੍ਰਬੰਧ ਲਈ ਕੋਈ ਠੋਸ ਤਜਵੀਜ਼ ਨਹੀਂ ਲਿਆਂਦੀ ਗਈ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਪਰਾਲੀ ਦੀਆਂ ਗੱਠਾਂ ਬਣਾਉਣ ਵਾਲੀਆਂ ਮਸ਼ੀਨਰੀਆਂ ਸਬਸਿਡੀ ’ਤੇ ਦੇਣ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਇਸ ਵਾਰ ਵੀ ਪਰਾਲੀ ਦਾ ਮਸਲਾ ਹੱਲ ਹੋਣ ਵਾਲਾ ਨਹੀਂ ਜਾਪਦਾ।