ਪੱਤਰ ਪ੍ਰੇਰਕ
ਬਠਿੰਡਾ, 4 ਜੁਲਾਈ
ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਫ਼ੈਸਲੇ ਤਹਿਤ ਡੈਮੋਕਰੈਟਿਕ ਟੀਚਰਜ਼ ਫਰੰਟ (ਡੀਟੀਐਫ) ਦੀ ਸੂਬਾ ਕਮੇਟੀ ਦੇ ਕੀਤੇ ਫੈਸਲੇ ਅਨੁਸਾਰ 2 ਤੇ 4 ਜੁਲਾਈ ਨੂੰ ਪੰਜਾਬ ਸਰਕਾਰ ਦੇ ਪੇਸ਼ ਕੀਤੇ ਪਲੇਠੇ ਬੱਜਟ ਦੀਆਂ ਕਾਪੀਆਂ ਸਾੜਨ ਦੇ ਐਕਸ਼ਨਾਂ ਤਹਿਤ ਅੱਜ ਜ਼ਿਲ੍ਹਾ ਬਠਿੰਡਾ ਦੇ ਵੱਖ-ਵੱਖ ਸਕੂਲਾਂ ਵਿੱਚ ਬਜਟ ਦੀਆਂ ਕਾਪੀਆਂ ਸਾੜ ਕੇ ਵਿਰੋਧ ਪ੍ਰਗਟ ਕੀਤਾ ਗਿਆ। ਇਸ ਮੌਕੇ ਡੀਟੀਐੱਫ ਦੇ ਜ਼ਿਲ੍ਹਾ ਪ੍ਰਧਾਨ ਜਗਪਾਲ ਸਿੰਘ, ਸੂਬਾ ਮੀਤ ਪ੍ਰਧਾਨ ਬੇਅੰਤ ਸਿੰਘ ਫੂਲੇਵਾਲਾ, ਸੂਬਾ ਕਮੇਟੀ ਮੈਂਬਰ ਬੂਟਾ ਸਿੰਘ ਰੋਮਾਣਾ ਨੇ ਦੱਸਿਆ ਕਿ ਵੋਟਾਂ ਤੋਂ ਪਹਿਲਾਂ ਆਪ ਪਾਰਟੀ ਦੇ ਸਭ ਆਗੂਆਂ ਵੱਲੋਂ ਮੁਲਾਜ਼ਮਾਂ ਦੇ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋ ਹਰ ਤਰ੍ਹਾਂ ਦੀਆਂ ਮੰਗਾਂ ਨੁੂੰ ਪਹਿਲ ਦੇ ਅਧਾਰ ਤੇ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਹੁਣ ਸਰਕਾਰ ਨੇ ਪਹਿਲੇ ਬਜਟ ਵਿੱਚ ਹੀ ਮੁਲਾਜ਼ਮਾਂ ਦੀਆਂ ਮੰਗਾਂ ਵਿਸਾਰ ਦਿੱਤੀਆਂ ਹਨ। ਇਸ ਮੌਕੇ ਵੱਖ ਵੱਖ ਸਕੂਲਾਂ ਵਿਚ ਗੁਰਮੇਲ ਸਿੰਘ ਮਲਕਾਣਾ, ਅੰਗਰੇਜ਼ ਸਿੰਘ ਮੌੜ, ਹਰਜਿੰਦਰ ਸੇਮਾ ,ਨਛੱਤਰ ਸਿੰਘ ਜੇਠੂਕੇ, ਸੁਨੀਲ ਕੁਮਾਰ, ਨਰਿੰਦਰ ਬੱਲੂਆਣਾ, ਜਤਿੰਦਰ ਸ਼ਰਮਾ,ਦੀ ਅਗਵਾਈ ਚ ਵੱਖ ਵੱਖ ਸਕੂਲਾਂ ਵਿੱਚ ਬਜਟ ਦੀਆਂ ਕਾਪੀਆਂ ਫੂਕੀਆਂ ਗਈਆਂ ।