ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 2 ਮਈ
ਪੰਜਾਬ ਦੀਆਂ 16 ਕਿਸਾਨ ਜੱਥੇਬੰਦੀਆਂ ‘ਤੇ ਆਧਾਰਿਤ ‘ਸੰਯੁਕਤ ਕਿਸਾਨ ਮੋਰਚਾ’ ਦੇ ਫੈਸਲੇ ਨੂੰ ਲਾਗੂ ਕਰਦਿਆਂ ਅੱਜ ਬੀਕੇਯੂ ਏਕਤਾ ਡਕੌਂਦਾ, ਜਮਹੂਰੀ ਕਿਸਾਨ ਸਭਾ, ਕਿਰਤੀ ਕਿਸਾਨ ਯੂਨੀਅਨ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਕਾਰਕੁਨਾਂ ਨੇ ਬਲਦੇਵ ਸਿੰਘ ਭਾਈ ਰੂਪਾ, ਦਰਸ਼ਨ ਸਿੰਘ ਫੁੱਲੋ ਮਿੱਠੀ, ਅਮਰਜੀਤ ਸਿੰਘ ਹਨੀ ਅਤੇ ਬਲਕਰਨ ਸਿੰਘ ਬਰਾੜ ਦੀ ਅਗਵਾਈ ਵਿੱਚ ਰੋਸ ਵਿਖਾਵਾ ਕਰ ਕੇ ਐਸਡੀਓ (ਨਹਿਰੀ) ਮਨਦੀਪ ਸਿੰਘ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ। ਭੇਜੇ ਗਏ ਮੰਗ ਪੱਤਰ ਰਾਹੀਂ ਮੰਗ ਕੀਤੀ ਗਈ ਕਿ ਪੰਜਾਬ ਦੀਆਂ ਫਸਲਾਂ ਦੀ ਨਹਿਰੀ ਪਾਣੀ ਰਾਹੀਂ ਸਿੰਚਾਈ ਯਕੀਨੀ ਬਣਾਉਣ ਲਈ ਪੰਜਾਬ ਦਾ ਤਹਿਸ-ਨਹਿਸ ਹੋ ਚੁੱਕਿਆ ਨਹਿਰੀ ਸਿਸਟਮ ਬਹਾਲ ਕੀਤਾ ਜਾਵੇ ਅਤੇ ਨਹਿਰਾਂ ਆਦਿ ਦੀ ਨਵੇਂ ਸਿਰੇ ਤੋਂ ਉਸਾਰੀ ਕੀਤੀ ਜਾਵੇ ਤਾਂ ਕਿ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਖਤਮ ਕੀਤੀ ਜਾ ਸਕੇ। ਇਸ ਮੌਕੇ ਬਿੰਦਰ ਸਿੰਘ ਕੋਟਲੀ, ਤਾਰਾ ਸਿੰਘ ਨੰਦਗੜ੍ਹ ਕੋਟੜਾ, ਬਖਸ਼ੀਸ਼ ਸਿੰਘ ਖਾਲਸਾ, ਗੁਲਜ਼ਾਰ ਸਿੰਘ ਬਦਿਆਲਾ, ਅਜੈਬ ਸਿੰਘ ਹਰਰੰਗਪੁਰਾ, ਬੂਟਾ ਸਿੰਘ ਤੁੰਗਵਾਲੀ ਅਤੇ ਭਰਾਤਰੀ ਜੱਥੇਬੰਦੀ ਦਿਹਾਤੀ ਮਜ਼ਦੂਰ ਸਭਾ ਵੱਲੋਂ ਸੂਬਾ ਵਿੱਤ ਸਕੱਤਰ ਮਹੀਪਾਲ ਵੀ ਹਾਜ਼ਰ ਸਨ।
ਮਾਨਸਾ (ਪੱਤਰ ਪ੍ਰੇਰਕ): ਮਾਲਵਾ ਖੇਤਰ ਵਿੱਚ ਥਾਂ-ਥਾਂ ਨਹਿਰੀ ਵਿਭਾਗ ਦੇ ਐਕਸੀਅਨ ਦਫ਼ਤਰਾਂ ਦਾ ਤਿੰਨ ਘੰਟਿਆਂ ਲਈ ਘਿਰਾਓ ਕੀਤਾ ਗਿਆ, ਜਿਸ ਵਿੱਚ ਸਾਉਣੀ ਦੀਆਂ ਫ਼ਸਲਾਂ ਦੀ ਬਿਜਾਈ ਲਈ ਲੋੜੀਂਦਾ ਪਾਣੀ ਪੂਰੀ ਮਾਤਰਾ ਵਿੱਚ ਦੇਣ ਦੀ ਮੰਗ ਕੀਤੀ ਗਈ। ਇਸ ਤਹਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਮਾਨਸਾ ਵਿਖੇ ਟੇਲਾਂ ’ਤੇ ਪਾਣੀ ਪੂਰਾ ਕਰਵਾਉਣ ਅਤੇ ਨਹਿਰਾਂ ਕੱਸੀਆਂ ਦੀ ਸਫ਼ਾਈ ਕਰਵਾਉਣ ਲਈ ਨਹਿਰੀ ਮਹਿਕਮੇ ਦੇ ਐਕਸੀਅਨ ਦਫ਼ਤਰ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਜਥੇਬੰਦੀਆਂ ਦੇ ਇਸ ਐਕਸ਼ਨ ਤੋਂ ਪਹਿਲਾਂ ਨਹਿਰੀ ਵਿਭਾਗ ਦੇ ਐਕਸੀਅਨ ਦਫ਼ਤਰ ਨਹੀਂ ਆਏ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਆਗੂ ਮਹਿੰਦਰ ਸਿੰਘ ਭੈਣੀਬਾਘਾ ਨੇ ਕਿਹਾ ਕਿ ਅਸਲ ਵਿੱਚ ਸਰਕਾਰ ਨਹਿਰਾਂ ਵਿੱਚ ਪੂਰਾ ਪਾਣੀ ਹੀ ਨਹੀਂ ਛੱਡਦੀ, ਜਿਸ ਕਰਕੇ ਟੇਲਾਂ ’ਤੇ ਪਾਣੀ ਪੂਰਾ ਨਹੀਂ ਪਹੁੰਚਦਾ। ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਇਸ ਮਹਿਕਮੇ ਨੇ ਤਾਂ ਪਿਛਲੇ ਦੋ ਦਹਾਕਿਆਂ ਤੋਂ ਨਹਿਰਾਂ ਦੀ ਸਫ਼ਾਈ ਕਰਨ ਵੱਲ ਧਿਆਨ ਹੀ ਨਹੀਂ ਦਿੱਤਾ ਅਤੇ ਲੋਕ ਵਿਚਾਰੇ ਖੁਦ ਨਹਿਰਾਂ, ਸੂਏ, ਕੱਸੀਆਂ ਦੀ ਸਫ਼ਾਈ ਕਰਦੇ ਹਨ।
ਫ਼ਰੀਦਕੋਟ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਨਹਿਰੀ ਪਾਣੀ ਦੀ ਨਿਰਵਿਘਨ ਸਪਲਾਈ ਸੂਬੇ ਭਰ ’ਚ ਧਰਨਿਆਂ ਦੇ ਸੱਦੇ ਤਹਿਤ ਫਰੀਦਕੋਟ ਨਹਿਰੀ ਵਿਭਾਗ ਦੇ ਐਕਸੀਅਨ ਦੇ ਦਫਤਰ ਸਾਹਮਣੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਮੰਗ ਪੱਤਰ ਸੌਂਪਿਆ।
ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਸਰਦੂਲ ਸਿੰਘ ਕਾਸਿਮ ਭੱਟੀ, ਹਰਮਨ ਰੋੜੀਕਪੂਰਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜ਼ਮੀਨ ਹੇਠਲੇ ਪਾਣੀ ਦੀ ਅਹਿਮੀਅਤ ਨੂੰ ਦੇਖਦਿਆਂ ਅਤੇ ਖੇਤੀ ਸੰਕਟ ਦੇ ਹੱਲ ਵਜੋਂ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕੀਤੇ ਜਾਣ ਦੀ ਨੀਤੀ ਨੂੰ ਤਰਜੀਹ ਦੇਣ ਦੇ ਬਾਵਜੂਦ ਸਰਕਾਰ ਵਲੋਂ ਨਹਿਰੀ ਪਾਣੀ ਦੀ ਟੇਲਾਂ ਤੱਕ ਢੁੱਕਵੀਂ ਵਿਵਸਥਾ ਕਰਨ ਵਿੱਚ ਦੇਰੀ ਕੀਤੀ ਜਾ ਰਹੀ ਹੈ। ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਇਸ ਸਮੱਸਿਆ ਦਾ ਨੋਟਿਸ ਸੰਯੁਕਤ ਕਿਸਾਨ ਮੋਰਚੇ ਨੇ ਵੀ ਲਿਆ। ਕਿਸਾਨ ਆਗੂਆਂ ਨੇ ਮੰਗ ਕੀਤੀ ਪੰਜਾਬ ਸਰਕਾਰ ਫੌਰੀ ਨਹਿਰਾਂ ਨੂੰ ਚਾਲੂ ਕਰਕੇ ਨਹਿਰੀ ਪਾਣੀ ਦੀ ਵਿਵਸਥਾ ਦਾ ਪ੍ਰਬੰਧ ਕਰੇ। ਇਸ ਮੌਕੇ ਬੀ.ਕੇ.ਯੂ ਕਾਦੀਆਂ ਦੇ ਗੁਰਮੀਤ ਸਿੰਘ ਗੋਲੇਵਾਲਾ, ਜਸਪਿੰਦਰ ਸਿੰਘ ਰੁਪਈਆਂ ਵਾਲਾ, ਕੁਲਵਿੰਦਰ ਸਿੰਘ ਹਰੀਏ ਵਾਲਾ, ਦਲੀਪ ਸਿੰਘ, ਸਰਾਵਾਂ ਤੇ ਕੌਰ ਸਿੰਘ ਮਚਾਕੀ ਅਤੇ ਕੌਮੀ ਕਿਸਾਨ ਯੂਨੀਅਨ ਦੇ ਗੁਰਚਰਨ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।