ਖੇਤਰੀ ਪ੍ਰਤੀਨਿਧ
ਬਠਿੰਡਾ, 13 ਫਰਵਰੀ
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਾਂਗਰਸ ਪਾਰਟੀ ਵੱਲੋਂ ਜਾਤੀਵਾਦ ਦੀ ਰਾਜਨੀਤੀ ਕਰਨ ਅਤੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਵਜੋਂ ਪੇਸ਼ ਰਕ ਕੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਗੁਮਰਾਹ ਕਰਨ ਦੀ ਨਿਖੇਧੀ ਕੀਤੀ।
ਬਠਿੰਡਾ ਤੋਂ ਸੰਸਦ ਮੈਂਬਰ ਬੀਬੀ ਬਾਦਲ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਕਾਂਗਰਸ ਪਾਰਟੀ ਨੇ ਅਨੁਸੁੂਚਿਤ ਜਾਤੀ ਭਾਈਚਾਰੇ ਦੀਆਂ ਵੋਟਾਂ ਹਾਸਲ ਕਰਨ ਵਾਸਤੇ ਚੰਨੀ ਨੂੰ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਐਲਾਨਿਆ ਹੈ। ਕਾਂਗਰਸ ਦਾ 20 ਫਰਵਰੀ ਤੋਂ ਬਾਅਦ ਚੰਨੀ ਨੂੰ ਮੁੱਖ ਮੰਤਰੀ ਬਣਾਏ ਜਾਣ ਦਾ ਕੋਈ ਇਰਾਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਕਾਂਗਰਸ ਪਾਰਟੀ ਸਮਾਜ ਨੂੰ ਅਜਿਹੀਆਂ ਕੋਝੀਆਂ ਹਰਕਤਾਂ ਨਾਲ ਵੰਡਣਾ ਚਾਹੁੰਦੀ ਹੈ ਤੇ ਪੰਜਾਬੀਆਂ ਨੂੰ ਪੰਜਾਬੀਆਂ ਨਾਲ ਲੜਾਉਣਾ ਚਾਹੁੰਦੀ ਹੈ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬੀ ਅਜਿਹੀਆਂ ਧਿਆਨ ਵੰਡਾਊ ਚਾਲਾਂ ਦੇ ਝਾਂਸੇ ਵਿਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਆਪਣੇ ਕੰਮਾਂ ਨਾਲ ਜਾਣੇ ਜਾਣਗੇ। ਉਹਨਾਂ ਕਿਹਾ ਕਿ ਚੰਨੀ ਨੇ ਤਾਂ ਰੇਤ ਮਾਫੀਆ ਦੀ ਪ੍ਰਧਾਨਗੀ ਕਰ ਕੇ ਸਰਕਾਰੀ ਖ਼ਜ਼ਾਨੇ ਦੀ ਲੁੱਟ ਕੀਤੀ ਹੈ। ਇਹ ਗੱਲ ਉਹਨਾਂ ਦੇ ਭਾਣਜੇ ਹਨੀ ਦੇ ਘਰੋਂ 11 ਕਰੋੜ ਰੁਪਏ ਨਗਦ ਤੇ ਵੱਡੀ ਮਾਤਰਾ ਵਿਚ ਸੋਨਾ ਬਰਾਮਦ ਹੋਣ ਤੋਂ ਇਲਾਵਾ 56 ਕਰੋੜ ਰੁਪਏ ਦੀ ਨਾਜਾਇਜ਼ ਜਾਇਦਾਦ ਦੇ ਦਸਤਾਵੇਜ਼ ਬਰਾਮਦ ਹੋਣ ਤੋਂ ਸਾਬਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਚੰਨੀ ਬੁਰੀ ਤਰ੍ਹਾਂ ਬੇਨਕਾਬ ਹੋ ਗਏ ਹਨ ਅਤੇ ਕੋਈ ਵੀ ਰਾਹੁਲ ਗਾਂਧੀ ਦੀ ਇਸ ਗੱਲ ’ਤੇ ਯਕੀਨ ਨਹੀਂ ਕਰ ਰਿਹਾ ਕਿ ਉਸ ਨੇ ਇਕ ਗਰੀਬ ਨੂੰ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਬਣਾ ਦਿੱਤਾ ਹੈ।
ਇਸ ਦੌਰਾਨ ਜਦੋਂ ਉਨ੍ਹਾਂ ਤੋਂ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਇਕ ਮੌਕਾ ਦੇਣ ਦੀ ਅਪੀਲ ਬਾਰੇ ਸਵਾਲ ਕੀਤਾ ਗਿਆ ਤਾਂ ਸ੍ਰੀਮਤੀ ਬਾਦਲ ਨੇ ਕਿਹਾ ਕਿ ਲੋਕ ਇਹ ਪੁੱਛ ਰਹੇ ਹਨ ਕਿ ਕੀ ਇਹ ਮੌਕਾ ਸੂਬੇ ਦੇ ਸਰੋਤਾਂ ਨੂੰ ਲੁੱਟਣ ਵਾਸਤੇ ਚਾਹੀਦਾ ਹੈ? ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਇਕ ਮੌਕਾ ਦੇਣ ਦਾ ਮਤਲਬ ਹੈ ਕਿ ਪੰਜਾਬ ਦੇ ਪਾਣੀਆਂ ਤੋਂ ਹੱਥ ਧੋਣਾ ਕਿਉਂਕਿ ਕੇਜਰੀਵਾਲ ਤਾਂ ਪਹਿਲਾਂ ਹੀ ਪੰਜਾਬ ਦੇ ਪਾਣੀਆਂ ਵਿਚੋਂ ਹਰਿਆਣਾ ਤੇ ਦਿੱਲੀ ਲਈ ਹਿੱਸਾ ਮੰਗ ਰਿਹਾ ਹੈ ਤੇ ਇਸ ਵਾਸਤੇ ਉਸ ਨੇ ਸੁਪਰੀਮ ਕੋਰਟ ਵਿਚ ਹਲਫੀਆ ਬਿਆਨ ਵੀ ਦਾਇਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਇਕ ਮੌਕਾ ਦੇਣ ਦਾ ਮਤਲਬ ਹੈ ਕਿ ਪੰਜਾਬ ਦੇ ਥਰਮਲ ਪਲਾਂਟ ਬੰਦ ਕਰਵਾਉਣਾ ਕਿਉਂਕਿ ਕੇਜਰੀਵਾਲ ਲਈ ਇਹ ਥਰਮਲ ਪਲਾਂਟ ਵੀ ਦਿੱਲੀ ਲਈ ਖ਼ਤਰਾ ਹਨ। ਲੋਕਾਂ ਨੂੰ ਆਮ ਆਦਮੀ ਪਾਰਟੀ ਅਤੇ ਇਸ ਦੇ ਝੂਠੇ ਵਾਅਦਿਆਂ ’ਤੇ ਭਰੋਸਾ ਨਾ ਕਰਨ ਦੀ ਅਪੀਲ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਹ ਕਹਿ ਰਹੀ ਹੈ ਕਿ ਪੰਜਾਬ ਵਿਚ ਮਹਿਲਾਵਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ ਜਦੋਂ ਕਿ ਦਿੱਲੀ ਵਿਚ ਪਿਛਲੇ 8 ਸਾਲਾਂ ਵਿਚ ਮਹਿਲਾਵਾਂ ਨੂੰ ਇਕ ਦੁੱਕੀ ਵੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸੇ ਤਰੀਕੇ ਆਮ ਆਦਮੀ ਪਾਰਟੀ ਦਿੱਲੀ ਵਿਚ ਕਿਸਾਨਾਂ ਨੂੰ ਮੁਫਤ ਬਿਜਲੀ ਨਹੀਂ ਦੇ ਰਹੀ ਤੇ ਨਾ ਹੀ ਆਟਾ ਦਾਲ, ਸ਼ਗਨ ਸਕੀਮ ਜਾਂ ਬੁਢਾਪਾ ਪੈਨਸ਼ਨ ਵਰਗੀਆਂ ਸਮਾਜ ਭਲਾਈ ਸਕੀਮਾਂ ਦਾ ਲਾਭ ਦੇ ਰਹੀ ਹੈ। ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੇ ਉਮੀਦਵਾਰ ਸਰੂਪ ਚੰਦ ਸਿੰਗਲਾ ਨੂੰ ਵੋਟਾਂ ਪਾਉਣ ਅਤੇ ਉਨ੍ਹਾਂ ਦੀ ਹਮਾਇਤ ਕਰਨ। ਉਨ੍ਹਾਂ ਤੰਜ ਕੀਤਾ ਕਿ ਤੁਸੀਂ ਆਪ ਵੇਖਿਆ ਹੈ ਕਿ ਪਿਛਲੇ 10 ਸਾਲਾਂ ਵਿਚ ਬਠਿੰਡਾ ਨੁੰ ਕਿਵੇਂ ਮਾਡਲ ਸ਼ਹਿਰ ਬਣਾਇਆ ਗਿਆ। ਤੁਸੀਂ ਇਹ ਵੀ ਵੇਖਿਆ ਹੈ ਕਿ ਕਿਵੇਂ ਕਾਂਗਰਸ ਦੇ ਰਾਜ ਕਾਲ ਵਿਚ ਸਾਰੇ ਵਿਕਾਸ ਕਾਰਜ ਠੱਪ ਹੋ ਗਏ। ਲੋਕਾਂ ਨੂੰ ਬੁਨਿਆਦੀ ਸਹੂਲਤਾਂ ਨਹੀਂ ਮਿਲ ਰਹੀਆਂ ਤੇ ਬੁਨਿਆਦੀ ਢਾਂਚਾ ਬਰਬਾਦ ਹੋ ਰਿਹਾ ਹੈ। ਹੁਣ ਗੱਡੀ ਮੁੜ ਲੀਹ ’ਤੇ ਪਾਉਣ ਦਾ ਇਕੋ ਇਕ ਤਰੀਕਾ ਹੈ ਕਿ ਅਕਾਲੀ ਦਲ ਦੀ ਅਗਵਾਈ ਵਾਲੇ ਗਠਜੋੜ ’ਤੇ ਭਰੋਸਾ ਕੀਤਾ ਜਾਵੇ।