ਮਨੋਜ ਸ਼ਰਮਾ
ਬਠਿੰਡਾ, 18 ਜੁਲਾਈ
ਸਪੋਰਟਸ ਸਕੂਲ ਘੁੱਦਾ ਵਿੱਚ ਪੜ੍ਹ ਰਹੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੇ ਅੱਜ ਇਕੱਠ ਕਰਕੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਮਗਰੋਂ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ ਪੱਤਰ ਦਿੱਤਾ। ਇਸ ਮੌਕੇ ਯੂਨੀਅਨ ਦੀ ਆਗੂ ਪ੍ਰਤਿਭਾ ਸ਼ਰਮਾ ਨੇ ਸੰਬੋਧਨ ਕਰਦੇ ਹੋਏ ਕਿਹਾ ਪਿਛਲੇ ਲੰਬੇ ਸਮੇਂ ਤੋਂ ਫੰਡ ਨਾ ਮਿਲਣ ਕਾਰਨ ਬੱਚਿਆਂ ਦੇ ਮਾਪਿਆਂ ਨੂੰ ਖਾਣੇ ਦਾ ਖੁਦ ਪ੍ਰਬੰਧ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ ਪਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਦੇ ਕੰਨਾਂ ’ਤੇ ਕੋਈ ਜੂੰ ਨਹੀਂ ਸਰਕ ਰਹੀ। ਗੌਰਤਲਬ ਹੈ ਮਾਲਵੇ ਦਾ ਇਕਲੌਤਾ ਸਪੋਰਟਸ ਸਕੂਲ ਘੁੱਦਾ ਆਪਣੀ ਆਖਰੀ ਲੜਾਈ ਲੜ ਰਿਹਾ ਹੈ। ਸਕੂਲੀ ਬੱਚਿਆਂ ਦੇ ਮਾਪਿਆਂ ਨੇ ਦੱਸਿਆ ਹੋਸਟਲ ਵਿਚਲੀ ਮੈੱਸ ਬੰਦ ਹੋ ਚੁੱਕੀ ਹੈ ਜਦੋਂ ਕਿ ਪਹਿਲਾਂ ਸਾਰੀਆਂ ਸਹੂਲਤਾਂ ਸਰਕਾਰ ਵੱਲੋਂ ਮੁਫ਼ਤ ਦਿੱਤੀਆਂ ਜਾਂਦੀਆਂ ਸਨ। ਮਾਪਿਆਂ ਨੇ ਮੰਗ ਕੀਤੀ ਕਿ ਸਕੂਲ ਦੀਆਂ ਸਮੱਸਿਆਵਾਂ ਦਾ ਹੱਲ ਤੇ ਬੱਚਿਆਂ ਲਈ ਖਾਣੇ ਦਾ ਪ੍ਰਬੰਧ ਕੀਤਾ ਜਾਵੇ।
ਦਸ ਦਿਨਾਂ ’ਚ ਖਾਣੇ ਦਾ ਪ੍ਰਬੰਧ ਕੀਤਾ ਜਾਵੇਗਾ: ਡੀਸੀ
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਭਰੋਸਾ ਦਿਵਾਇਆ 10 ਦਿਨਾਂ ਅੰਦਰ ਬੱਚਿਆਂ ਲਈ ਖਾਣੇ ਦਾ ਪ੍ਰਬੰਧ ਕਰ ਦਿੱਤਾ ਜਾਵੇਗਾ|