ਮਨੋਜ ਸ਼ਰਮਾ
ਬਠਿੰਡਾ, 22 ਦਸੰਬਰ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਖ਼ਿਲਾਫ਼ ਕੀਤੀ ਕਾਰਵਾਈ ’ਤੇ ਅਕਾਲੀ ਦਲ ਨੇ ਸਵਾਲ ਚੁੱਕੇ ਤੇ ਕਾਂਗਰਸ ਤੇ ਪੁਲੀਸ ਪ੍ਰਸ਼ਾਸਨ ਨੂੰ ਸਖਤ ਚਿਤਾਵਨੀ ਦਿੱਤੀ। ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਕਰਨ ਵਿੱਚ ਅਸਫਲ ਰਹੀ ਹੈ। ਆਪਣੀਆਂ ਨਾਕਾਮੀਆਂ ’ਤੇ ਪਰਦਾ ਪਾਉਣ ਲਈ ਸਰਕਾਰ ਵੱਲੋਂ ਅਜਿਹੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਸੂਬੇ ਦੇ ਲੋਕਾਂ ਨੂੰ ਅਸਲ ਮੁੱਦਿਆਂ ਤੋਂ ਭਟਕਾਉਣ ਲਈ 17 ਸਾਲ ਪੁਰਾਣੇ ਕੇਸ ’ਚ ਮਜੀਠੀਆ ’ਤੇ ਝੂਠਾ ਕੇਸ ਦਰਜ ਕੀਤਾ ਗਿਆ ਹੈ। ਅਕਾਲੀ ਆਗੂਆਂ ਨੇ ਦਾਅਵਾ ਕੀਤਾ ਕਿ ਸਮੇਂ ਸਮੇਂ ’ਤੇ ਹੋਈ ਜਾਂਚ ’ਚ ਸ੍ਰੀ ਮਜੀਠੀਆ ਵਿਰੁੱਧ ਕੋਈ ਸਬੂਤ ਨਹੀਂ ਮਿਲਿਆ। ਸਰਕਾਰ ਨੂੰ ਬਾਕੀ ਮਾਮਲਿਆਂ ਵਾਂਗ ਇਸ ਮਾਮਲੇ ’ਚ ਵੀ ਅਦਾਲਤ ਵਿੱਚ ਮੂੰਹ ਦੀ ਖਾਣੀ ਪਵੇਗੀ। ਕਾਂਗਰਸ ਨੇ ਚੋਣਾਂ ’ਚ ਸਿਆਸੀ ਲਾਹਾ ਲੈਣ ਖਾਤਰ ਹੀ ਇਹ ਝੂਠੀ ਕਾਰਵਾਈ ਕੀਤੀ ਹੈ। ਜੇ ਸਰਕਾਰ ਕੋਲ ਮਜੀਠੀਆ ਵਿਰੁੱਧ ਕੋਈ ਸਬੂਤ ਹੁੰਦੇ ਤਾਂ ਪੁਲੀਸ 46 ਮਹੀਨੇ ਚੁੱਪ ਕਿਉਂ ਬੈਠੀ ਰਹੀ। ਮਜੀਠੀਆ ਵਿਰੁੱਧ ਕਾਰਵਾਈ ਕਰਨ ਲਈ ਹੀ ਨਿਯਮਾਂ ਨੂੰ ਛਿੱਕੇ ਟੰਗ ਕੇ ਮਨ ਮਰਜ਼ੀ ਦੇ ਪੁਲੀਸ ਅਫ਼ਸਰਾਂ ਦੀ ਨਿਯੁਕਤੀ ਕੀਤੀ ਗਈ ਹੈ। ਕੁਝ ਸੀਨੀਅਰ ਅਧਿਕਾਰੀਆਂ ਵੱਲੋਂ ਕਾਰਵਾਈ ਤੋਂ ਪਿੱਛੇ ਹਟਣਾ ਤੇ ਸਰਕਾਰ ਵੱਲੋਂ ਕੀਤੀਆਂ ਉੱਚ ਅਧਿਕਾਰੀਆਂ ਦੀਆਂ ਬਦਲੀਆਂ ਕਾਂਗਰਸ ਦੀ ਬਦਨੀਤੀ ਵੱਲ ਇਸ਼ਾਰਾ ਕਰਦੀਆਂ ਹਨ। ਕੇਂਦਰ ਸਰਕਾਰ ਨੂੰ ਭੇਜੇ ਗਏ ਪੈਨਲ ਦੇ ਫਾਈਨਲ ਹੋਣ ਤੋਂ ਪਹਿਲਾਂ ਹੀ ਚਟੋਪਾਧਿਆਏ ਨੂੰ ਸੂਬੇ ਦਾ ਡੀਜੀਪੀ ਸਿਰਫ ਮਜੀਠੀਆ ’ਤੇ ਕਾਰਵਾਈ ਕਰਨ ਖਾਤਰ ਹੀ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮਜੀਠੀਆ ਵਿਰੁੱਧ ਕੀਤੀ ਗਈ ਕਾਰਵਾਈ ਕਾਂਗਰਸ ਨੂੰ ਮਹਿੰਗੀ ਪਵੇਗੀ।